ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਨੇੜੇ ਪੰਛੀਆਂ ਦੀਆਂ ਗਤਿਵਿਧੀਆਂ ਦੇ ਖਤਰੇ ਸਬੰਧੀ ਹੋਈ ਮੀਟਿੰਗ
ਚੇਅਰਮੈਨ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਕੋ-ਚੇਅਰਮੈਨ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦਿੱਤੇ ਅਧਿਕਾਰੀਆਂ ਨੂੰ ਨਿਰਦੇਸ਼
ਪ੍ਰਮੋਦ ਭਾਰਤੀ
ਨਵਾਂਸ਼ਹਿਰ, 1 ਨਵੰਬਰ 2025
ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਐਡਵਾਈਜਰੀ ਕਮੇਟੀ ਦੇ ਚੇਅਰਮੈਨ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਕੋ-ਚੇਅਰਮੈਨ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਏਅਰਪੋਰਟ ਤੋਂ ਉਤਰਨ ਅਤੇ ਚੜਨ ਵਾਲੀਆਂ ਫਲਾਈਟਾਂ ਲਈ ਖਤਰੇ ਦਾ ਕਾਰਨ ਬਣ ਰਹੀਆਂ ਪੰਛੀਆਂ ਦੀਆਂ ਗਤਿਵਿਧੀਆਂ ਨੂੰ ਲੈ ਕੇ ਇਕ ਰੀਵਿਊ ਮੀਟਿੰਗ ਹੋਈ।
ਇਸ ਮੀਟਿੰਗ ਦੌਰਾਨ ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ, ਮੋਹਾਲੀ ਦੇ ਮੇਅਰ ਅਮਰਜੀਤ ਜੀਤੀ, ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਅਮਿਤ ਕੁਮਾਰ, ਨਗਰ ਨਿਗਮ ਮੁਹਾਲੀ ਦੇ ਕਮਿਸਨਰ ਪਰਮਿੰਦਰ ਪਾਲ ਸਿੰਘ ਸਣੇ ਭਾਰਤੀ ਹਵਾਈ ਫੌਜ ਅਤੇ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਫਸਰਾਂ ਨੇ ਹਿੱਸਾ ਲਿਆ।
ਜ਼ਿਕਰਯੋਗ ਹੈ ਕਿ ਪਿਛਲੀ ਮੀਟਿੰਗ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਦੇ ਆਲੇ ਦੁਆਲੇ ਕੂੜੇ ਦੇ ਡੰਪ ਅਤੇ ਸੈਨੀਟੇਸ਼ਨ ਦੀਆਂ ਸਮੱਸਿਆਵਾਂ ਦੇ ਹੱਲ ਲਈ ਚੁੱਕੇ ਗਏ ਕਦਮਾਂ ਬਾਰੇ ਸਟੇਟਸ ਰਿਪੋਰਟ ਮੰਗੀ ਗਈ ਸੀ, ਜਿਸ ਰਿਪੋਰਟ ਉੱਪਰ ਅੱਜ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ।
ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਭਾਰਤੀ ਹਵਾਈ ਫੌਜ ਦੇ ਅਫ਼ਸਰਾਂ, ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਅਤੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਨਾਲ ਸਬੰਧਿਤ ਨਗਰ ਨਿਗਮਾਂ ਦੀ ਇਕ ਸਾਂਝੀ ਟੀਮ ਦਾ ਤੁਰੰਤ ਗਠਨ ਕੀਤਾ ਜਾਵੇ, ਤਾਂ ਜੋ ਏਅਰਪੋਰਟ ਨੇੜੇ ਕੂੜੇ ਦੀ ਡੰਪਿੰਗ ਅਤੇ ਹੋਟ ਸਪੋਟਾਂ ਦਾ ਨਿਰੀਖਣ ਕਰਕੇ ਇਹਨਾਂ ਦੀ ਸਫਾਈ ਸੁਨਿਸ਼ਚਿਤ ਕੀਤੀ ਜਾ ਸਕੇ। ਚੇਅਰਮੈਨ ਅਤੇ ਕੋ-ਚੇਅਰਮੈਨ ਨੇ ਕਿਹਾ ਕਿ ਕੰਮ ਦੀ ਪ੍ਰਗਤੀ ਸਬੰਧੀ ਅਗਲੇ ਮਹੀਨੇ ਸਮੀਖਿਆ ਮੀਟਿੰਗ ਕੀਤੀ ਜਾਵੇਗੀ।
ਸੰਸਦ ਮੈਂਬਰ ਤਿਵਾੜੀ ਨੇ ਯਾਤਰੀਆਂ ਤੇ ਜਹਾਜਾਂ ਦੀ ਸੁਰੱਖਿਆ ਪੁਖਤਾ ਕਰਨ ਲਈ ਕੀਤੇ ਜਾ ਰਹੇ ਉਦਮਾਂ ਲਈ ਖਾਸ ਤੌਰ ਤੇ ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਦੇ ਸੀਈਓ ਅਜੈ ਵਰਮਾ ਦਾ ਧੰਨਵਾਦ ਪ੍ਰਗਟਾਇਆ। ਉਹਨਾਂ ਨੇ ਕਿਹਾ ਕਿ ਇਹ ਬਹੁਤ ਗੰਭੀਰ ਵਿਸ਼ਾ ਹੈ, ਜਿਸਨੂੰ ਲੈ ਕੇ ਸਾਰੀਆਂ ਧਿਰਾਂ ਨੂੰ ਗੰਭੀਰਤਾ ਦਿਖਾਉਣੀ ਚਾਹੀਦੀ ਹੈ।