ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ DC ਡਾ. ਸੋਨਾ ਥਿੰਦ ਤੇ SSP ਸ਼ੁਭਮ ਅਗਰਵਾਲ ਅਤੇ ਹੋਰ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 1 ਨਵੰਬਰ 2025 :ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਅੱਜ ਜਿ਼ਲ੍ਹੇ ਦੇ ਵੱਖ— ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੇ ਰਾਖੇ ਬਣ ਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਕਦੇ ਵੀ ਪਰਾਲੀ ਨੂੰ ਸਾੜਿਆ ਨਹੀਂ ਜਾਵੇਗਾ ਬਲਕਿ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਵਿਆਪਕ ਲੋਕ ਹਿੱਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਖੇਤਾਂ ਵਿੱਚ ਹੀ ਪਰਾਲੀ ਪ੍ਰਬੰਧਨ ਨੂੰ ਤਰਜੀਹ ਦਿੱਤੀ ਜਾਵੇਗੀ। ਪਿੰਡ ਸਾਨੀਪੁਰ ਸਮੇਤ ਹੋਰ ਪਿੰਡਾਂ ਵਿੱਚ ਅਗਾਂਹਵਧੂ ਕਿਸਾਨਾਂ ਦੁਆਰਾ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਅਤੇ ਹੌਸਲਾ ਅਫਜਾਈ ਕਰਨ ਲਈ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪੁੱਜੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਹਾ ਕਿ ਨਿਰੰਤਰ ਚਲਾਈਆਂ ਜਾਗਰੂਕਤਾ ਗਤੀਵਿਧੀਆਂ ਸਦਕਾ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ ਸੂਝਵਾਨ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਭਰਪੂਰ ਸਹਿਯੋਗ ਦਿੱਤਾ ਹੈ ਜਿਸ ਦੇ ਚਲਦਿਆਂ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਕਟੌਤੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿ਼ਲ੍ਹੇ ਦੇ ਕਈ ਪਿੰਡ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹੌਟ ਸਪੌਟ ਮੰਨੇ ਜਾਂਦੇ ਸਨ ਪਰ ਕਿਸਾਨਾਂ ਨੇ ਪਰਾਲੀ ਨਾ ਸਾੜ ਕੇ ਹੁਣ ਮਨੁੱਖਤਾ ਦੀ ਸੇਵਾ ਦੇ ਸੁਹਿਰਦ ਫੈਸਲੇ ਲਏ ਹਨ ਜਿਸ ਲਈ ਪ੍ਰਸ਼ਾਸਨ ਤਹਿ ਦਿਲੋਂ ਸ਼ੁਕਰਗੁਜ਼ਾਰ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਜੀਰੋ ਸ਼ਹਿਣਸ਼ੀਲਤਾ ਅਪਣਾਈ ਜਾ ਰਹੀ ਹੈ
ਇਸ ਮੌਕੇ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਅਧਾਰਤ ਚੌਕਸੀ ਟੀਮਾਂ 24 ਘੰਟੇ ਕਾਰਜਸ਼ੀਲ ਹਨ ਅਤੇ ਪਰਾਲੀ ਸਾੜਨ ਵਾਲਿਆਂ ਖਿਲਾਫ ਵੀ ਸਰਕਾਰ ਦੇ ਹੁਕਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਦੌਰਾਨ ਉਚ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲੈਂਦੇ ਹੋਏ ਉਚਿਤ ਹੱਲ ਦਾ ਵਿਸ਼ਵਾਸ ਦਿਵਾਇਆ। ਇਸ ਦੌਰੇ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਜਗਦੇਵ ਸਿੰਘ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਮੋਹਿਤ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ