ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ 6 ਲੱਖ ਮੀਟਰਕ ਟਨ ਤੋਂ ਪਾਰ
ਕਿਸਾਨਾਂ ਨੂੰ 1405.66 ਕਰੋੜ ਰੁਪਏ ਦੀ ਅਦਾਇਗੀ
ਰੋਹਿਤ ਗੁਪਤਾ
ਗੁਰਦਾਸਪੁਰ, 2 ਨਵੰਬਰ
ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਮੰਡੀਆਂ ਵਿੱਚ 620369 ਮੀਟਰਕ ਟਨ ਆਮਦ ਵਿੱਚੋਂ 614796 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਪ੍ਰਕਿਰਿਆ ਨਿਰਵਿਘਨ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪਨਗਰੇਨ ਵਲੋਂ ਸਭ ਤੋਂ ਵੱਧ 256047 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈੱਡ ਵਲੋਂ 156752 ਮੀਟਰਕ ਟਨ, ਪਨਸਪ ਵਲੋਂ 113628 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 87664 ਮੀਟਰਕ ਟਨ, ਐੱਫ.ਸੀ.ਆਈ ਵਲੋਂ 702 ਮੀਟਰਕ ਟਨ ਅਤੇ ਨਿੱਜੀ ਟਰੇਡਰਾਂ ਵਲੋਂ 08 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਉਨ੍ਹਾਂ ਕਿਹਾ ਕਿ ਝੋਨੇ ਦੀ ਲਿਫ਼ਟਿੰਗ ਵੀ ਨਾਲ਼ੋਂ ਨਾਲ ਯਕੀਨੀ ਬਣਾਈ ਗਈ ਹੈ ਜਿਸ ਤਹਿਤ ਨਿਰਧਾਰਤ 72 ਘੰਟੇ ਦੇ ਸਮੇੰ ਅੰਦਰ ਚੁਕਾਈ ਯਕੀਨੀ ਬਣਾਈ ਗਈ ਹੈ ਅਤੇ 97 ਫੀਸਦ ਝੋਨੇ ਦੀ ਫਸਲ ਦੀ ਚੁਕਾਈ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਝੋਨੇ ਨੂੰ ਵੇਚਣ ਤੇ ਮਿੱਥੇ ਸਮੇਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਨ ਦੇ ਸਦਕਾ ਹੁਣ ਤੱਕ 1405.66 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਵਿੱਚ ਕਿਸਾਨਾਂ ਵਲੋਂ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਕਿਸਾਨ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੀ ਥਾਂ ਪੈਲੀ ਵਿੱਚ ਵਾਹ ਰਹੇ ਹਨ ਜਾਂ ਪਸ਼ੂਆਂ ਦੇ ਚਾਰੇ ਆਦਿ ਲਈ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਹੈ। ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਜਿਲ੍ਹਾ ਪੱਧਰ ਤੇ ਸਥਾਪਿਤ ਕੰਟਰੋਲ ਰੂਮ ਨੰਬਰ 01874-266376 'ਤੇ ਸੰਪਰਕ ਕਰ ਸਕਦਾ ਹੈ।