ਪਰਾਲੀ ਪ੍ਰਾਟੈਕਸ਼ਨ ਫੋਰਸ ਵਲੋਂ ਖੇਤਾਂ ਦੇ ਦੌਰੇ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ
ਰੋਹਿਤ ਗੁਪਤਾ
ਗੁਰਦਾਸਪੁਰ, 6 ਨਵੰਬਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਦੀ ਅਗਵਾਈ ਵਾਲੀ 'ਪਰਾਲੀ ਪਰੋਟੈਕਸ਼ਨ ਫੋਰਸ' ਵਲੋਂ ਲਗਾਤਾਰ ਪਿੰਡ ਪੱਧਰ ਦੇ ਦੌਰੇ ਕਰਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਲਾਉਣ ਦੇ ਕੇਸਾਂ ਨੂੰ ਰੋਕਿਆ ਜਾ ਸਕੇ।
ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਪਿੰਡ ਥੇਹ, ਧਾਰਵੀਲ ਅਤੇ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਵਿਖੇ ਐਸ.ਡੀ.ਐਮਜ, ਪੁਲਿਸ,ਖੇਤੀਬਾੜੀ ਵਿਭਾਗ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਸਬੰਧ ਵਿਚ ਦੌਰਾ ਕਰਕੇ ਮੌਕੇ ‘ਤੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੇ ਧੂੰਏ ਤੋਂ ਮਨੁੱਖੀ ਸਿਹਤ, ਵਾਤਾਵਰਣ ਤੇ ਮਿੱਤਰ ਕੀੜਿਆਂ ‘ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋਂੜੀਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਪਰਾਲੀ ਪ੍ਰਬੰਧਨ ਲਈ ਕਰ ਸਕਣ।
ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰ ਸਕਦਾ ਹੈ ਤਾਂ ਜੋ ਪਿੰਡਾਂ ਵਿੱਚ ਤਾਇਨਾਤ ਨੋਡਲ/ਕਲੱਸਟਰ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਨੰਬਰ 01874-266376 'ਤੇ ਸੰਪਰਕ ਕੀਤਾ ਜਾ ਸਕਦਾ ਹੈ ।
ਇਸ ਮੌਕੇ ਜੁਗਰਾਜ ਸਿੰਘ ਐੱਸ ਪੀ (ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ।
ਦੋਵਾਂ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵਲੋਂ ਦਿੱਤੀ ਜਾਂਦੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਫਸਲੀ ਰਹਿੰਦ-ਖੂੰਹਦ ਨੂੰ ਮਿੱਟੀ ਵਿਚ ਹੀ ਰਲਾਉਣਾ ਯਕੀਨੀ ਬਣਾਇਆ ਜਾਵੇ।