ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਸ੍ਰੀ ਚਮਕੌਰ ਸਾਹਿਬ 06 ਨਵੰਬਰ 2025 : ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਿਆਂ ਦੀ ਸਮੱਸਿਆ ਦੇ ਪੂਰਨ ਖਾਤਮੇ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ , ਇਨ੍ਹਾਂ ਕਮੇਟੀਆਂ ਦੀ ਕਾਰਗੁਜ਼ਾਰੀ ਤੇ ਨਸ਼ਾ ਰੋਕਥਾਮ ਵਿੱਚ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਫਾਰਮੇਸੀ ਕਾਲਜ ਬੇਲਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ , ਇਹ ਪ੍ਰੋਗਰਾਮ ਸਵੇਰੇ ਅਤੇ ਦੁਪਹਿਰ ਦੋ ਵੱਖ-ਵੱਖ ਸੈਸ਼ਨਾਂ ਵਿੱਚ ਹੋਇਆ
ਇਸ ਟ੍ਰੇਨਿੰਗ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਐਸਡੀਐਮ ਸ੍ਰੀ ਚਮਕੌਰ ਸਾਹਿਬ ਸ .ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਨਹੀਂ ਜਿੱਤ ਸਕਦੀ, ਇਸ ਵਿੱਚ ਹਰ ਪਿੰਡ ਦੇ ਵਾਸੀ ਦਾ ਸਹਿਯੋਗ ਜਰੂਰੀ ਹੈ , ਪਿੰਡ ਬਚਾਓ ਕਮੇਟੀਆਂ ਇਸ ਮੁਹਿੰਮ ਦਾ ਮਜ਼ਬੂਤ ਹਿੱਸਾ ਹਨ ਜੋ ਜਾਗਰੂਕਤਾ ਰਾਹੀਂ ਲੋਕਾਂ ਦੇ ਮਨਾਂ ਵਿੱਚ ਬਦਲਾਅ ਲਿਆ ਸਕਦੀਆਂ ਹਨ , ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਕਮੇਟੀਆਂ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇੱਕ ਮੋਬਾਈਲ ਐਪ ਵੀ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਨਸ਼ਾ ਕਰਨ ਜਾਂ ਵੇਚਣ ਵਾਲਿਆਂ ਬਾਰੇ ਗੁਪਤ ਤੌਰ ’ਤੇ ਸੂਚਨਾ ਸਾਂਝੀ ਕੀਤੀ ਜਾ ਸਕਦੀ ਹੈ , ਇਸ ਨਾਲ ਸਮਾਜਕ ਪੱਧਰ ’ਤੇ ਨਸ਼ੇ ਦੇ ਖ਼ਿਲਾਫ਼ ਜੰਗ ਹੋਰ ਮਜ਼ਬੂਤ ਹੋਵੇਗੀ
ਸ. ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ-ਮੁਕਤ ਪੰਜਾਬ ਦੀ ਦਿਸ਼ਾ ਵਿੱਚ ਲਗਾਤਾਰ ਯਤਨ ਕਰ ਰਹੀ ਹੈ , ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਤਿਆਗਣ ਦੀ ਥਾਂ, ਉਨ੍ਹਾਂ ਨਾਲ ਸਾਂਝ ਪਾ ਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਕਿ ਉਹ ਮੁੜ ਸੁਧਰ ਸਕਣ , ਇਸ ਟ੍ਰੇਨਿੰਗ ਕੈਂਪ ਵਿੱਚ ਵੱਖ-ਵੱਖ ਪਿੰਡਾਂ ਦੀਆਂ ਕਮੇਟੀਆਂ ਦੇ ਮੈਂਬਰਾਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਨਸ਼ਾ ਰੋਕਥਾਮ ਲਈ ਆਪਣਾ ਸਰਗਰਮ ਯੋਗਦਾਨ ਦੇਣ ਦਾ ਸੰਕਲਪ ਲਿਆ ਗਿਆ
ਇਸ ਮੌਕੇ ਡੀਐਸਪੀ ਮਨਜੀਤ ਸਿੰਘ ਔਲਖ, ਤਹਿਸੀਲਦਾਰ ਰਮਨ ਕੁਮਾਰ, ਐੱਸਐੱਚਓ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਪਰਸ਼ੋਤਮ ਸਿੰਘ ਮਾਹਲ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਤੇ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ