ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਤਹਿਤ ਡਿਫੈਂਸ ਕਮੇਟੀਆਂ ਲਈ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਸਮਾਪਤ
ਅਸ਼ੋਕ ਵਰਮਾ
ਬਠਿੰਡਾ, 7 ਨਵੰਬਰ 2025 : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾ ਅਤੇ ਐਸਡੀਐਮ ਸ ਬਲਕਰਨ ਸਿੰਘ ਮਾਹਲ ਦੀ ਅਗਵਾਈ ਹੇਠ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਦੋ ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ 2 ਸ਼ਿਫਟਾਂ ਵਿੱਚ ਸ਼ਹਿਰ ਦੇ 25 ਵਾਰਡਾਂ ਦੀਆਂ ਵਾਰਡ ਡਿਫੈਂਸ ਕਮੇਟੀਆਂ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੀ ਸੇਫ ਪੰਜਾਬ ਐਪ ਰਾਹੀਂ ਸਿਖਲਾਈ ਦਿੱਤੀ ਗਈ, ਜਦਕਿ ਪਹਿਲੇ ਦਿਨ ਵੀ 25 ਵਾਰਡਾਂ ਦੀਆਂ ਨਿਯੁਕਤ ਕੀਤੀਆਂ ਵਾਰਡ ਡਿਫੈਂਸ ਕਮੇਟੀਆਂ ਨੂੰ ਸਿਖਲਾਈ ਦਿੱਤੀ ਗਈ ਸੀ।
ਇਸ ਮੌਕੇ ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਅੱਜ ਸ਼ਹਿਰ ਦੀਆਂ ਵਾਰਡ ਡਿਫੈਂਸ ਕਮੇਟੀਆਂ ਨੂੰ ਸੇਫ ਪੰਜਾਬ ਐਪ ਸਬੰਧੀ ਸਿਖਲਾਈ ਦਿੱਤੀ ਗਈ ਹੈ, ਜਿਸ ਵਿੱਚ ਉਹ ਆਪਣੇ ਖੇਤਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਵੇਰਵੇ ਦੇਣਗੇ।
ਇਸ ਦੌਰਾਨ ਸ. ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਵਾਰਡ ਡਿਫੈਂਸ ਕਮੇਟੀਆਂ ਸ਼ਹਿਰ ਅੰਦਰ ਨਸ਼ਿਆਂ ਨੂੰ ਠੱਲ੍ਹ ਪਾ ਕੇ ਨਵੇਂ ਸਮਾਜ ਦੀ ਸਿਰਜਣਾ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੀਆਂ ਤਾਂ ਜੋ ਨਸ਼ਾ ਤਸਕਰਾਂ ਬਾਰੇ ਬੇਝਿਜਕ ਗੁਪਤ ਸੂਚਨਾਵਾਂ ਸਾਂਝੀਆਂ ਕੀਤੇ ਜਾਣ ਨਾਲ ਸ਼ਹਿਰ ‘ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਨਸ਼ਾ ਰੋਕੂ ਮੋਬਾਇਲ ਐਪ, ਗੁਪਤ ਸੂਚਨਾਵਾਂ ਪੁਲਿਸ ਤੱਕ ਪਹੁੰਚਾਉਣ ਦਾ ਮਾਧਿਅਮ ਹੋਵੇਗੀ ਤੇ ਪੁਲਿਸ ਵਲੋਂ ਤਹਿ ਸਮੇਂ ਦੇ ਅੰਦਰ-ਅੰਦਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਵੇਗੀ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਅਲਾਮਤ ਨੂੰ ਜ਼ਿਲ੍ਹੇ ਵਿੱਚੋਂ ਜੜ੍ਹੋਂ ਖਤਮ ਕਰਕੇ ਮੁੱਖ ਮੰਤਰੀ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ, ਡਿਫੈਂਸ ਕਮੇਟੀਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮੇਟੀਆਂ ਵੱਲੋਂ 9779100200 ਸੇਫ ਪੰਜਾਬ ਹੈਲਪਲਾਈਨ ਉੱਤੇ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਹਲਕਾ ਕੋਆਰਡੀਨੇਟਰ ਸ. ਮਹਿੰਦਰ ਸਿੰਘ ਫੁਲੋ ਮਿੱਠੀ, ਰੀਡਰ ਐਸਡੀਐਮ ਸ਼੍ਰੀ ਸੁਖਪਾਲ ਸਿੰਘ, ਡੀਐਸਪੀ ਸਿਟੀ ਵਨ ਸ ਜਸਵਿੰਦਰ ਸਿੰਘ, ਡੀਐਸਪੀ ਸਿਟੀ 2 ਸ ਸਰਬਜੀਤ ਸਿੰਘ ਬਰਾੜ, ਮੈਂਬਰ ਜੋਤੀ ਕੌਰ, ਬਠਿੰਡਾ ਸ਼ਹਿਰ ਦੇ ਸਮੂਹ ਐਸਐਚਓਜ਼ ਤੋਂ ਇਲਾਵਾ ਵਾਰਡ ਡਿਫੈਂਸ ਕਮੇਟੀਆਂ ਦੇ ਸਮੂਹ ਮੈਂਬਰ ਆਦਿ ਹਾਜ਼ਰ ਸਨ।