ਸ਼ਹੀਦੀ ਸ਼ਤਾਬਦੀ ਸਮਾਗਮਾਂ ਤੋ ਪਹਿਲਾ ਬਦਲੀ ਗੁਰੂ ਨਗਰੀ ਦੀਆਂ ਅੰਦਰੂਨੀ ਸੜਕਾਂ ਦੀ ਨੁਹਾਰ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸੜਕਾਂ ਦਾ ਨਵੀਨੀਕਰਨ ਜੰਗੀ ਪੱਧਰ ਤੇ ਜਾਰੀ- ਕੈਬਨਿਟ ਮੰਤਰੀ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 07 ਨਵੰਬਰ,2025
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਤੋ ਪਹਿਲਾ ਗੁਰੂ ਨਗਰੀ ਦੀ ਨੁਹਾਰ ਬਦਲਣ ਲਈ ਸਾਰੀਆਂ ਅੰਦਰੂਨੀ ਸੜਕਾਂ ਦਾ ਨਵੀਨੀਕਰਨ ਕਰਵਾਇਆ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ, ਜੋ ਸ਼ਤਾਬਦੀ ਸਮਾਗਮਾਂ ਤੋ ਪਹਿਲਾ ਮੁਕੰਮਲ ਹੋ ਜਾਵੇਗਾ ਤਾਂ ਜੋ ਸ਼ਰਧਾਲੂਆਂ ਨੂੰ ਸੁਚਾਰੂ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਅੰਦਰੂਨੀ ਸੜਕਾਂ ਵਿਰਾਸਤ ਏ ਖਾਲਸਾ ਤੋ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ, ਬੱਸ ਅੱਡੇ ਤੋਂ ਭਗਤ ਰਵਿਦਾਸ ਚੋਂਕ ਤੱਕ, ਕਚਹਿਰੀ ਰੋਡ ਤੋ ਭਗਤ ਰਵਿਦਾਸ ਚੋਂਕ ਤੱਕ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀ.ਆਈ.ਪੀ ਰੋਡ ਤੱਕ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਹੋ ਚੁੱਕਾ ਹੈ ਤੇ ਰਹਿੰਦੀਆ ਸੜਕਾਂ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਜਾਣ ਵਾਲੀਆਂ ਸੜਕਾਂ ਦਾ ਨਵੀਨੀਕਰਨ ਦਾ ਕੰਮ ਵੀ ਚੱਲ ਰਿਹਾ ਹੈ ਜੋ ਸ਼ਹੀਦੀ ਸਮਾਗਮਾਂ ਤੋ ਪਹਿਲਾ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸੜਕਾਂ ਉਤੇ ਪ੍ਰੀਮਿਕਸ ਕਾਰਪੇਟਿੰਗ ਕਰਨ ਸਮੇਂ ਬਲਿੰਕਰ ਰਿਫਲੈਕਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਨਾ ਹੋਵੇ। ਉਨ੍ਹਾਂ ਨੇ ਦੱਸਿਆ ਕਿ ਰਾਤ ਦੇ ਸਮੇਂ ਧੁੰਦ ਅਤੇ ਹਨੇਰੇ ਵਿੱਚ ਇਹ ਲਾਈਟਾਂ ਬਹੁਤ ਹੀ ਲਾਹੇਵੰਦ ਸਿੱਧ ਹੁੰਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀ ਇਸ ਇਲਾਕੇ ਵਿੱਚ ਹੋਰ ਕਈ ਵੱਡੇ ਪ੍ਰੋਜੈਕਟ ਜਲਦੀ ਮੁਕੰਮਲ ਕਰਾਂਗੇ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣਗੇ, ਉਨ੍ਹਾਂ ਨੇ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਚੜ੍ਹ ਕੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ।