ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲੱਬਧ - ਲੋਕਾਂ ਨੂੰ ਆਰ.ਟੀ.ਓ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ
• ਪੰਜਾਬ ਸਰਕਾਰ ਦੀ ਪਾਰਦਰਸ਼ੀ ਤੇ ਲੋਕ-ਹਿਤੈਸ਼ੀ ਪਹਿਲ ਨਾਲ ਜਨਤਾ ਨੂੰ ਵੱਡੀ ਸਹੂਲਤ
• ਹੁਣ ਡਰਾਈਵਿੰਗ ਲਾਇਸੈਂਸ ਤੇ ਵਾਹਨ ਰਜਿਸਟ੍ਰੇਸ਼ਨ ਸੇਵਾਵਾਂ ਸੇਵਾ ਕੇਂਦਰਾਂ ’ਤੇ ਹੀ
ਮਾਲੇਰਕੋਟਲਾ, 7 ਨਵੰਬਰ:
ਪੰਜਾਬ ਸਰਕਾਰ ਵੱਲੋਂ ਲੋਕ ਸਹੂਲਤਾਂ ਨੂੰ ਹੋਰ ਸੌਖਾ ਤੇ ਪਾਰਦਰਸ਼ੀ ਬਣਾਉਣ ਦੀ ਮੁਹਿੰਮ ਹੇਠ ਟਰਾਂਸਪੋਰਟ ਵਿਭਾਗ ਦੀਆਂ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ 56 ਪ੍ਰਮੁੱਖ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ। ਨਾਗਰਿਕ ਹੁਣ ਕੇਵਲ ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ਆਪਣੀ ਮੁਲਾਕਾਤ ਬੁੱਕ ਕਰ ਸਕਦੇ ਹਨ ਅਤੇ ਘਰ-ਬੈਠੇ ਸਹਿਜੀ ਨਾਲ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਦਾ ਹਿੱਸਾ ਹੈ ਜਿਸ ਨਾਲ ਆਮ ਜਨਤਾ ਨੂੰ ਸੁਵਿਧਾਜਨਕ, ਸਮਾਂ-ਬਚਾਉਂਦੇ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਸੇਵਾਵਾਂ ਮਿਲ ਸਕਣ। ਪਹਿਲਾਂ ਲੋਕਾਂ ਨੂੰ ਡਰਾਈਵਿੰਗ ਲਾਇਸੈਂਸ ਜਾਂ ਵਾਹਨ ਰਜਿਸਟ੍ਰੇਸ਼ਨ ਪ੍ਰਕਿਰਿਆ ਲਈ ਸਾਈਬਰ ਕੈਫ਼ੇ ਜਾਂ ਆਰ.ਟੀ.ਓ. ਦਫ਼ਤਰਾਂ ਦੇ ਕਈ ਚੱਕਰ ਲਗਾਉਣੇ ਪੈਂਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਹ ਸਾਰੀਆਂ ਸੇਵਾਵਾਂ ਲੋਕਾਂ ਦੀ ਪਹੁੰਚ ਵਿੱਚ ਹਨ ਤੇ ਕਿਸੇ ਵੀ ਤਸਦੀਕ ਜਾਂ ਕਾਗਜ਼ੀ ਕਾਰਵਾਈ ਲਈ ਆਰ.ਟੀ.ਓ. ਦਫ਼ਤਰ ਜਾਣ ਦੀ ਲੋੜ ਨਹੀਂ ਰਹੀ।
ਉਨ੍ਹਾਂ ਨੇ ਕਿਹਾ ਕਿ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਇਸ ਪ੍ਰਕਿਰਿਆ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਹਰ ਅਰਜ਼ੀਕਾਰ ਨੂੰ ਤੇਜ਼ ਅਤੇ ਸਹੀ ਸੇਵਾ ਮਿਲ ਸਕੇ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਸੇਵਾ ਕੇਂਦਰ ਸਟਾਫ ਨਾਲ ਨਿਰੰਤਰ ਸਹਿਯੋਗ ਵਿੱਚ ਹਨ, ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਚੁੱਕਣ ਅਤੇ ਆਪਣਾ ਸਮਾਂ ਤੇ ਪੈਸਾ ਬਚਾਉਣ।