11 ਨਵੰਬਰ ਨੂੰ ਕੀਰਤਪੁਰ ਸਾਹਿਬ ਵਿਖੇ ਹੋਵੇਗਾ ਕੀਰਤਨ ਦਰਬਾਰ
ਸ਼ਾਮ 6.30 ਵਜੇ ਤੋਂ 9.30 ਵਜੇ ਤੱਕ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਕਰਨਗੇ ਨਿਹਾਲ
ਪ੍ਰਮੋਦ ਭਾਰਤੀ
ਕੀਰਤਪੁਰ ਸਾਹਿਬ 09 ਨਵੰਬਰ ,2025
ਹਿੰਦ ਦੀ ਚਾਦਰ ਨੋਵੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਕੀਰਤਨ ਦਰਬਾਰ 11 ਨਵੰਬਰ ਨੂੰ ਸਕੂਲ ਆਂਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ 6.30 ਤੋ. 9.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।
ਇਹ ਜਾਣਕਾਰੀ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 11 ਨਵੰਬਰ ਨੂੰ ਸ਼ਾਮ 6.30 ਵਜੇ ਤੋਂ 9.30 ਵਜੇ ਤੱਕ ਵੱਖ-ਵੱਖ ਰਾਗੀ ਸਿੰਘਾਂ, ਕਥਾਵਾਚਕਾਂ ਅਤੇ ਕਵੀਸ਼ਰਾਂ ਵੱਲੋਂ ਸੰਗਤਾਂ ਨੂੰ ਕੀਰਤਨ ਤੇ ਕਥਾ ਪ੍ਰਵਾਹ ਨਾਲ ਨਿਹਾਲ ਕੀਤਾ ਜਾਵੇਗਾ ਤੇ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਨਾਲ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਧਾਰਮਿਕ ਅਜ਼ਾਦੀ, ਨਿਆ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਵਜੋਂ ਯਾਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਧੰਨਵਾਦ ਹੈ ਗੁਰੂ ਸਹਿਬਾਨ ਦਾ, ਜਿਨ੍ਹਾਂ ਨੇ ਸਮੁੱਚੀ ਲੋਕਾਈ ਨੂੰ ਅਨਿਆ ਵਿਰੁੱਧ ਲੜਨ ਅਤੇ ਸੱਚ ‘ਤੇ ਖੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਬਾਬਰ ਦੇ ਜ਼ੁਲਮਾਂ ਦਾ ਵਿਰੋਧ ਕਰਦਿਆਂ ਗੁਰੂ ਨਾਨਕ ਦੇਵ ਜੀ ਨੇ ਉਸਨੂੰ ਜਾਬਰ ਆਖ ਕੇ ਇਸ ਲੋਕਾਈ ਦੇ ਸਵੈਮਾਣ ਨੂੰ ਕਾਇਮ ਰੱਖਿਆ। ਉਨ੍ਹਾਂ ਨੇ ਕਿਹਾ ਕਿ ਇਸ ਕੀਰਤਨ ਦਰਬਾਰ ਵਿੱਚ ਇਲਾਕੇ ਦੀ ਸੰਗਤ ਹਾਜਰੀ ਲਗਵਾਵੇ ਤੇ ਜੀਵਨ ਸਫਲ ਕਰੇ।