Bhagwant Mann ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
*ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦੀ ਪਵਿੱਤਰ ਅਸਥਾਨਾਂ 'ਤੇ ਮੱਥਾ ਟੇਕਣ ਦੀ ਇੱਛਾ ਨੂੰ ਪੂਰਾ ਕਰਨਾ*
*ਸੂਬਾ ਕਾਂਗਰਸ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਇਸ ਲਈ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰ ਰਹੇ*
*ਕੂੜੇ ਦੇ ਢੇਰਾਂ ਤੋਂ ਵੀਵੀਪੈਟ ਦੀਆਂ ਪਰਚੀਆਂ ਮਿਲਣਾ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ 'ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ*
*ਕੇਂਦਰ ਸਰਕਾਰ ਵਿੱਚ ਅਹੁਦਿਆਂ ਦੀ ਲਾਲਸਾ ਕਰਕੇ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸੀ ਆਗੂ ਸਿਰਫ਼ 'ਸਜਾਵਟੀ ਮੰਤਰੀ'*
*ਧੂਰੀ (ਸੰਗਰੂਰ), 9 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰੜਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਨਿਮਰ ਪਹਿਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।
ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਸ਼ਰਧਾਲੂਆਂ ਦੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੀ ਸਮਾਪਤੀ ਤੋਂ ਬਾਅਦ, ਸਾਰੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵੀ-ਦੇਵਤਿਆਂ, ਸੰਤਾਂ-ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਸਾਂਝ ਅਤੇ ਏਕਤਾ ਦਾ ਸੰਦੇਸ਼ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਇਸ ਨੇਕ ਕਾਰਜ ਰਾਹੀਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਾਨ ਗੁਰੂ ਸਾਹਿਬਾਨ, ਜਿਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ, ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਅਨੁਸਾਰ ਉਲੀਕੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਇਹ ਯੋਜਨਾ ਦੇਸ਼ ਅਤੇ ਸੂਬੇ ਭਰ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਸਾਰੇ ਸ਼ਰਧਾਲੂਆਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਵੱਖ-ਵੱਖ ਜ਼ਿਲ੍ਹਿਆਂ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਸਮਾਗਮਾਂ ਅਤੇ ਮੁੱਖ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਲੜੀਵਾਰ ਸਮਾਗਮਾਂ ਦਾ ਪ੍ਰੋਗਰਾਮ ਉਲੀਕਿਆ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕਾਂਗਰਸ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ ਜਿਸ ਕਾਰਨ ਉਹ ਗੈਰ-ਜ਼ਿੰਮੇਵਾਰ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬੇਤੁਕੇ ਬਿਆਨ ਕਿਸੇ ਆਮ ਜਾਂ ਸਮਝਦਾਰ ਵਿਅਕਤੀ ਦੁਆਰਾ ਨਹੀਂ ਦਿੱਤੇ ਜਾਂਦੇ। ਉਨ੍ਹਾਂ ਕਿਹਾ ਕਿ ਤਰਨ ਤਾਰਨ ਚੋਣਾਂ ਵਿੱਚ ਆਪਣੀ ਪਾਰਟੀ ਦੀ ਸਪੱਸ਼ਟ ਹਾਰ ਨੂੰ ਮਹਿਸੂਸ ਕਰਦਿਆਂ ਸੂਬਾ ਕਾਂਗਰਸ ਮੁਖੀ ਬੌਖਲਾਏ ਹੋਏ ਹਨ, ਜਿਸ ਕਾਰਨ ਉਹ ਅਜਿਹੀਆਂ ਘਟੀਆ ਹਰਕਤਾਂ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੂੜੇ ਦੇ ਢੇਰਾਂ ਅਤੇ ਭਾਜਪਾ ਆਗੂਆਂ ਦੇ ਘਰਾਂ 'ਚੋਂ ਕ੍ਰਮਵਾਰ ਵੀਵੀਪੈਟ ਅਤੇ ਈਵੀਐਮ ਦੀਆਂ ਪਰਚੀਆਂ ਮਿਲਣਾ ਭਾਰਤ ਦੇ ਚੋਣ ਕਮਿਸ਼ਨ ਦੇ ਕੰਮਕਾਜ ਦੇ ਨਾਲ-ਨਾਲ ਆਜ਼ਾਦ ਅਤੇ ਨਿਰਪੱਖ ਚੋਣਾਂ 'ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।
ਮੁੱਖ ਮੰਤਰੀ ਨੇ ਇਸ ਗੱਲ 'ਤੇ ਚਿੰਤਾ ਪ੍ਰਗਟ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਈਵੀਐਮ ਅਤੇ ਵੋਟ ਚੋਰੀ 'ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਚੋਣ ਕਮਿਸ਼ਨ ਇਸ ਪ੍ਰਤੀ ਚੁੱਪ ਹੈ ਜਦੋਂ ਕਿ ਭਾਜਪਾ ਇਸਦੇ ਬੁਲਾਰੇ ਵਜੋਂ ਕੰਮ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਪੰਜਾਬ ਯੂਨੀਵਰਸਿਟੀ 'ਚ ਪਿਛਲੇ ਦਰਵਾਜ਼ੇ ਥਾਈਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ 'ਤੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਜੂਦ ਨੂੰ ਬਦਲਣ ਲਈ ਲਾਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਝਾਕੀਆਂ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬੀਬੀਐਮਬੀ, ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਆਗੂ, ਜੋ ਭਾਰਤ ਸਰਕਾਰ ਵਿੱਚ ਅਹੁਦਿਆਂ ਲਈ ਭਾਜਪਾ ਵਿੱਚ ਸ਼ਾਮਲ ਹੋਏ ਸਨ, ਉਹ ਸਿਰਫ਼ 'ਸਜਾਵਟੀ ਮੰਤਰੀ' ਹਨ ਕਿਉਂਕਿ ਉਨ੍ਹਾਂ ਕੋਲ ਕਿਸੇ ਵੀ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਦੀ ਸ਼ਕਤੀ ਨਹੀਂ ਹੈ। ਉਨ੍ਹਾਂ ਨੇ ਚੁਟਕੀ ਲੈਂਦਿਆਂ ਕਿਹਾ ਕਿ ਜਯੋਤਿਰਦਿੱਤਿਆ ਸਿੰਧੀਆ, ਰਵਨੀਤ ਬਿੱਟੂ ਅਤੇ ਅਜਿਹੇ ਕਈ ਹੋਰਾਂ ਆਗੂਆਂ ਕੋਲ ਸੂਬਿਆਂ ਨੂੰ ਕੋਈ ਪ੍ਰੋਜੈਕਟ ਦੇਣ ਦੀ ਸ਼ਕਤੀ ਹੀ ਨਹੀਂ ਹੈ ਅਤੇ ਉਹ ਸਿਰਫ਼ ਨਾਮ ਦੇ ਕੇਂਦਰੀ ਮੰਤਰੀ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵੱਲੋਂ ਮੁੱਖ ਸੈਕਟਰਾਂ ਦੇ ਨਿੱਜੀਕਰਨ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ ਇਨ੍ਹਾਂ ਮੰਤਰੀਆਂ ਕੋਲ ਕਰਨ ਨੂੰ ਕੁਝ ਨਹੀਂ ਹੈ।
ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਹੜ੍ਹ ਰਾਹਤ ਲਈ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਅਜੇ ਤੱਕ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਹੋਰ ਵਿਗਾੜਨ ਲਈ ਕੇਂਦਰ ਸਰਕਾਰ ਇਨ੍ਹਾਂ ਫੰਡਾਂ ਵਿੱਚੋਂ ਵੀ ਚੱਲ ਰਹੀਆਂ ਹੋਰ ਯੋਜਨਾਵਾਂ ਦੇ ਖ਼ਰਚਿਆਂ ਨੂੰ ਐਡਜਸਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ, ਜੋ ਦੇਸ਼ ਦਾ ਅੰਨਦਾਤਾ ਅਤੇ ਖੜਗ ਭੁਜਾ ਹੈ, ਨਾਲ ਇਹ ਦੁਰਵਿਵਹਾਰ ਬੰਦ ਕਰਨਾ ਚਾਹੀਦਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਅੰਨ ਉਤਪਾਦਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਇਸ ਲਈ ਸੂਬਾ ਸਰਕਾਰ ਉਨ੍ਹਾਂ ਨੂੰ 74 ਕਰੋੜ ਰੁਪਏ ਦਾ ਦੋ ਲੱਖ ਕੁਇੰਟਲ ਬੀਜ ਮੁਫ਼ਤ ਪ੍ਰਦਾਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ ਜਲਦੀ ਹੀ ਪੂਰੀ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਵੰਡਿਆ ਹੈ, ਜੋ ਕਿ ਅਜੇ ਤੱਕ ਦੇਸ਼ ਵਿੱਚ ਕਿਸੇ ਵੀ ਸੂਬਾ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼€ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਮੌਜੂਦ ਸਨ।