ਹਰਜੋਤ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ:-
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ ਵਿਖੇ ਹੋਈ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ 'ਸਰਬ ਧਰਮ ਸੰਮੇਲਨ' ਵਿੱਚ ਜਥੇਦਾਰ ਸਾਹਿਬ ਨੂੰ ਸ਼ਾਮਲ ਹੋਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਾਂਤੀ, ਆਪਸੀ ਭਾਈਚਾਰੇ, ਕੁਰਬਾਨੀ ਅਤੇ ਸਾਰੇ ਧਰਮਾਂ ਦੀ ਰਾਖੀ ਦੇ ਸੰਦੇਸ਼ ਨੂੰ ਦੁਨੀਆਂ ਭਰ ਦੀ ਸੰਗਤ ਤੱਕ ਪਹੁੰਚਾਉਣ ਵਾਲਾ ਇਹ ਸਰਬ ਧਰਮ ਸੰਮੇਲਨ ਇੱਕ ਬੇਹੱਦ ਅਹਿਮ ਸਮਾਗਮ ਹੋਵੇਗਾ ਜੋ ਸਾਰੇ ਮਨੁੱਖਾਂ ਵਿੱਚ ਏਕਤਾ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰੇਗਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਹਨਾਂ ਇਤਿਹਾਸਕ ਸਮਾਗਮਾਂ ਸਬੰਧੀ ਸੂਬਾ ਸਰਕਾਰ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਉਂਦਿਆਂ ਸ. ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ‘ਤੇ ਚਾਨਣਾ ਪਾਇਆ।
ਸਿੱਖਿਆ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਰਪਿਤ ਹੈ। ਇਸ ਇਤਿਹਾਸਕ ਦਿਹਾੜੇ ਦੇ ਅਧਿਆਤਮਿਕ ਅਤੇ ਧਾਰਮਿਕ ਮਹੱਤਵ ਨੂੰ ਮੁੱਖ ਰੱਖਦਿਆਂ ਅਸੀਂ ਦੁਨੀਆ ਭਰ ਤੋਂ ਇੱਥੇ ਆਉਣ ਵਾਲੀ ਸੰਗਤ ਲਈ ਬੁਨਿਆਦੀ ਢਾਂਚੇ, ਸਹੂਲਤਾਂ ਅਤੇ ਢੁਕਵੇਂ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਾਂ।"