ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪਟਿਆਲਾ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਉਲੀਕੇ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਲਈ ਆਨਲਾਈਨ ਮੀਟਿੰਗ ਕਰਦੇ ਹੋਏ
ਦੀਦਾਰ ਗੁਰਨਾ
ਪਟਿਆਲਾ, 11 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 18 ਨਵੰਬਰ ਨੂੰ ਪਟਿਆਲਾ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਅੱਜ ਇਸ ਕੀਰਤਨ ਦਰਬਾਰ ਅਤੇ 21 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਆਉਣ ਵਾਲੀ ਧਾਰਮਿਕ ਯਾਤਰਾ ਨਗਰ ਕੀਰਤਨ ਦੇ ਸਵਾਗਤ ਲਈ ਜੋਰਾਂ 'ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ 36 ਅਸਥਾਨ, ਜ਼ਿਨ੍ਹਾਂ ਵਿੱਚੋਂ 30 ਦੇ ਕਰੀਬ ਅਸਥਾਨਾਂ ਵਿਖੇ ਸਥਾਨਕ ਸੰਗਤ ਦੇ ਸਹਿਯੋਗ ਤੇ ਪ੍ਰਬੰਧਕ ਕਮੇਟੀ ਨਾਲ ਮਿਲਕੇ ਵੱਖ-ਵੱਖ ਧਾਰਮਿਕ ਸਮਾਗਮ ਉਲੀਕੇ ਗਏ ਹਨ ਅਤੇ ਇਹ ਲਗਾਤਾਰ ਉਤਸ਼ਾਹ ਨਾਲ ਚੱਲ ਰਹੇ ਹਨ ,ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੋਂ ਇਲਾਵਾ, ਗੁਰਦੁਆਰਾ ਮੋਤੀ ਬਾਗ ਸਾਹਿਬ, ਗੁਰਦੁਆਰਾ ਸਾਹਿਬ ਬੀੜ ਬਹਾਦਰਗੜ੍ਹ ਗੁਰੂ ਘਰ ਸਥਿਤ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਮਹਿਮੂਦਪੁਰ ਜੱਟਾਂ, ਗੁਰਦੁਆਰਾ ਸਾਹਿਬ ਸੀਲ, ਗੁਰਦੁਆਰਾ ਸਾਹਿਬ ਹਰਪਾਲਪੁਰ, ਗੁਰਦੁਆਰਾ ਸਾਹਿਬ ਬੁਧਮੋਰ, ਗੁਰਦੁਆਰਾ ਸਾਹਿਬ ਥੂਹੀ, ਗੁਰਦੁਆਰਾ ਥੜਾ ਸਾਹਿਬ ਸਮਾਣਾ, ਗੁਣੀਕੇ, ਲੰਗ, ਢਕਾਨਕਸੂ ਕਲਾਂ, ਅਗੌਲ, ਕੋਟਲੀ, ਦੋਦੜਾ, ਗੁਰਦੁਆਰਾ ਸਾਹਿਬ ਟਹਿਲਪੁਰਾ ਵਿਖੇ ਸਮਾਗਮ ਹੋ ਚੁੱਕੇ ਹਨ
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿੰਡਾਂ ਦੀ ਸੰਗਤ ਤੇ ਪੰਚਾਇਤਾਂ ਸਮੇਤ ਸਬੰਧਤ ਗੁਰੂ ਘਰਾਂ ਦੀਆਂ ਲੋਕਲ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ 12 ਨਵੰਬਰ ਨੂੰ ਗੁਰਦੁਆਰਾ ਮਗਰ ਸਾਹਿਬ, 13 ਨਵੰਬਰ ਨੂੰ ਗੁਰਦੁਆਰਾ ਮਹਿੰਦਰਗੰਜ ਵਿਖੇ, 15 ਨਵੰਬਰ ਨੂੰ ਗੁਰਦੁਆਰਾ ਧੰਗੇੜਾ ਸਾਹਿਬ ਤੇ ਬਹਿਰਜੱਛ ਵਿਖੇ, 16 ਨਵੰਬਰ ਨੂੰ ਗੁਰਦੁਆਰਾ ਰੋਹਟਾ ਸਾਹਿਬ, ਕਰਹਾਲੀ ਸਾਹਿਬ, ਸਿੰਬੜੋ, ਬੀਬੀਪੁਰ ਖੁਰਦ, 18 ਨਵੰਬਰ ਨੂੰ ਗੁਰਦੁਆਰਾ ਸਾਹਿਬ ਨਨਹੇੜਾ, ਉਗਾਣੀ ਤੇ ਰੀਠਖੇੜੀ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨਾਂ ਵਿਖੇ ਕੀਰਤਨ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਨੇ ਸੰਗਤ ਨੂੰ ਇਨ੍ਹਾਂ ਅਸਥਾਨਾਂ ਵਿਖੇ ਸ਼ਰਧਾ ਮੁਤਾਬਕ ਹਾਜ਼ਰੀ ਭਰਨ ਦੀ ਬੇਨਤੀ ਵੀ ਕੀਤੀ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ
ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਦੇ ਪ੍ਰਬੰਧਾਂ 'ਚ ਕੋਈ ਕਮੀ ਨਾ ਛੱਡੀ ਜਾਵੇ। ਉਨ੍ਹਾਂ ਨੇ ਸਫ਼ਾਈ, ਸੜਕਾਂ ਦੀ ਮੁਰੰਮਤ ਤੇ ਸਜਾਵਟ ਸਮੇਤ ਹੋਰ ਪ੍ਰਬੰਧਾਂ ਬਾਰੇ ਵਿਸਥਾਰ 'ਚ ਚਰਚਾ ਕੀਤੀ ਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਐਸ.ਪੀ ਵੈਭਵ ਚੌਧਰੀ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ, ਹਰਜੋਤ ਕੌਰ, ਰਿਚਾ ਗੋਇਲ ਸਮੇਤ ਲੋਕ ਨਿਰਮਾਣ, ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ (ਆਨਲਾਈਨ) ਮੌਜੂਦ ਸਨ