ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਚੱਲਣ, ਪ੍ਰਦਰਸ਼ਨੀ ਕਰਨ ਤੇ ਲਗਾਈ ਪਾਬੰਦੀ
ਮੋਗਾ, 18 ਨਵੰਬਰ,
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2024 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਚੱਲਣ, ਪ੍ਰਦਰਸ਼ਨੀ ਕਰਨ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਿਆਹ, ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਚਲਾਉਣ ਤੇ ਵੀ ਪਾਬੰਦੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਹੋਏ ਹੁਕਮਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਆਦੇਸ਼ 10 ਜਨਵਰੀ, 2026 ਤੱਕ ਲਾਗੂ ਰਹਿਣਗੇ।