ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰੋਗਰਾਮਾਂ ਦਾ ਐਲਾਨ
ਨਵੀਂ ਦਿੱਲੀ 19 ਨਵੰਬਰ, 2025 : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖਾਂ — ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ — ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਤੋਂ 25 ਨਵੰਬਰ 2025 ਤੱਕ ਲਾਲ ਕਿਲ੍ਹਾ ਮੈਦਾਨ, ਦਿੱਲੀ ਵਿੱਚ ਵਿਸ਼ੇਸ਼ ਸਮਾਰੋਹ ਕਰਵਾਏ ਜਾ ਰਹੇ ਹਨ।
ਕਾਲਕਾ ਨੇ ਦੱਸਿਆ ਕਿ ਸੰਗਤਾਂ ਲਈ ਉਲੀਕੇ ਗਏ ਇਹ ਵਿਸ਼ੇਸ਼ ਪ੍ਰੋਗਰਾਮ ਰੂਹਾਨੀਅਤ, ਇਤਿਹਾਸਕ ਮਹਿਮਾ ਅਤੇ ਪ੍ਰੇਰਣਾਦਾਇਕ ਸੰਦੇਸ਼ਾਂ ਨਾਲ ਭਰਪੂਰ ਹੋਣਗੇ। ਇਨ੍ਹਾਂ ਵਿੱਚ ਰਾਗ ਦਰਬਾਰ, ਵਿਸ਼ੇਸ਼ ਗੁਰਮਤਿ ਸਮਾਗਮ,ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ‘ਤੇ ਅਧਾਰਿਤ ਅਜਾਇਬ ਘਰ,ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਸ਼ਾਮਲ ਹਨ, ਜੋ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਬੇਮਿਸਾਲ ਕੁਰਬਾਨੀ ਬਾਰੇ ਗਹਿਰਾਈ ਨਾਲ ਜਾਣੂ ਕਰਵਾਉਣਗੇ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਇਲਾਕਿਆਂ ‘ਚੋਂ ਮੁਫ਼ਤ ਬੱਸ ਸੇਵਾ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ, ਤਾਂ ਜੋ ਹਰ ਨੌਜਵਾਨ, ਬਜ਼ੁਰਗ ਅਤੇ ਪਰਿਵਾਰ ਬਿਨਾਂ ਕਿਸੇ ਰੁਕਾਵਟ ਦੇ ਇਨ੍ਹਾਂ ਸਮਾਰੋਹਾਂ ਵਿੱਚ ਸ਼ਮੂਲੀਅਤ ਕਰ ਸਕਣ।
ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਕਿਹਾ ਕਿ, “ਸਾਡੇ ਧਰਮ ਦੇ ਰੱਖਿਅਕ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸਾਰਾ ਪਰਿਵਾਰ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰੋ ਅਤੇ ਗੁਰੂ ਸਾਹਿਬ ਜੀ ਦੇ ਅਮਰ ਕੁਰਬਾਨੀ ਨੂੰ ਸਲਾਮੀ ਭੇਟ ਕਰੋ।”