ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ
ਰੋਹਿਤ ਗੁਪਤਾ
ਗੁਰਦਾਸਪੁਰ, 20 ਨਵੰਬਰ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਅਲੌਕਿਕ ਨਗਰ ਕੀਰਤਨ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ, ਗੁਰਦਾਸਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਲਈ ਸਜਾਇਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ, ਸਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ ਸਮੇਤ ਸੀਨੀਅਰ ਆਈ.ਏ.ਐੱਸ ਅਧਿਕਾਰੀ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ ਆਦਿੱਤਿਆ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਤੇ ਧਾਰਮਿਕ ਜਥੇਬੰਦੀਆਂ ਸਮੇਤ ਇਲਾਕੇ ਦੀ ਸੰਗਤ ਨਤਮਸਤਕ ਹੋਈ।
ਪੰਜਾਬ ਸਰਕਾਰ ਵਲੋਂ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਉਣ ਉਪਰੰਤ ਅਰਦਾਸ ਕਰਕੇ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਅੱਜ ਗੁਰਦਾਸਪੁਰ ਦੀ ਧਰਤੀ ਤੋਂ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਵਿਖੇ ਪਹੁੰਚੇਗਾ।
ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਸਮਾਗਮ ਪੂਰੇ ਰਵਾਇਤੀ ਢੰਗ ਨਾਲ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸਨ ਅਤੇ ਆਪਣਾ ਬਲੀਦਾਨ ਦੇ ਕੇ ਹਿੰਦ ਦੀ ਰੱਖਿਆ ਕੀਤੀ। ਗੁਰੂ ਜੀ ਦੇ ਵਿਚਾਰ ਅਤੇ ਉਨ੍ਹਾਂ ਦੀ ਕੁਰਬਾਨੀ ਅੱਜ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਗੁਰੂ ਜੀ ਦੇ ਸ਼ਹੀਦੀ ਸਮਾਗਮ ਮਨਾਏ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅੱਜ ਅਸੀਂ ਸਾਰੇ ਵਡਭਾਗੇ ਹਾਂ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਮਨਾ ਰਹੇ ਹਾਂ ਅਤੇ ਪੰਜਾਬ ਸਰਕਾਰ ਵਲੋਂ ਅੱਜ ਗੁਰਦਾਸਪੁਰ ਸਜਾਏ ਗਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ 23, 24 ਅਤੇ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਤ-ਮਹਾਂਪੁਰਸ਼, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਉੱਚ ਸਖਸੀਅਤਾਂ ਸਮਾਗਮਾਂ ਵਿੱਚ ਪਹੁੰਚ ਕੇ ਨਤਮਸਤਕ ਹੋਣਗੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਅਸੀਂ ਵਡਭਾਗੇ ਹਾਂ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸਾਡੇ ਜਿੰਦਗੀ ਵਿੱਚ ਆਇਆ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਜੀ ਦੇ ਸ਼ਹੀਦੀ ਸਮਾਗਮ ਵੱਡੇ ਪੱਧਰ 'ਤੇ ਮਨਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ ਅਤੇ ਗੁਜਰਾਤ ਵਿਖੇ ਗੁਰੂ ਜੀ ਦੇ ਸ਼ਹੀਦੀ ਸਮਾਗਮਾਂ ਸਬੰਧੀ ਪਹੁੰਚੇ ਸਨ ਅਤੇ ਉਥੋਂ ਦੇ ਲੋਕ ਵੀ ਗੁਰੂ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਦਿੱਤੇ ਗਏ ਬਲੀਦਾਨ ਨੂੰ ਸਿਜਦਾ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਕਸ਼ਮੀਰੀ ਪੰਡਿਤਾਂ ਦਾ ਵਫ਼ਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਲ ਧਰਮ ਦੀ ਰੱਖਿਆ ਲਈ ਆਪਣੀ ਫ਼ਰਿਆਦ ਲੈ ਕੇ ਪਹੁੰਚਿਆ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਨੌਵੇਂ ਪਾਤਸ਼ਾਹ ਨੇ ਚਾਂਦਨੀ ਚੌਕ ਦਿੱਲੀ ਵਿਖੇ 350 ਸਾਲ ਪਹਿਲਾਂ ਮਨੁੱਖਤਾ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਸੀ।ਉਸ ਵੇਲੇ ਉਨ੍ਹਾਂ ਨਾਲ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਵੀ ਸ਼ਹੀਦ ਹੋਏ ਸਨ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਤੇ ਸਮਾਗਮ ਮਨਾ ਰਹੀ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕੀਤੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਵਿਸ਼ਵ ਪੱਧਰ 'ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਵਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਲੋਕ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਜੀ, ਬਾਬਾ ਸੁਖਵਿੰਦਰ ਸਿੰਘ ਜੀ, ਗੁਰੂਦੁਆਰਾ ਤਪ ਅਸਥਾਨ ਬਾਬਾ ਹਰੀ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ, ਸੰਤ ਅਨੂਪ ਸਿੰਘ, ਸੰਤ ਸਤਨਾਮ ਸਿੰਘ ,
ਬਾਬਾ ਸਾਧ ਜੀ ਬਿਧੀ ਚੰਦੀਏ, ਸੁਖਦੇਵ ਸਿੰਘ ਭੂਰਾ, ਸਾਬਕਾ ਸਕੱਤਰ ਸ਼ੋ੍ਮਣੀ ਗੁਰਦੁਆਰਾ ਪ੍ਬੰਧਕ ਕਮੇਟੀ, ਬਘੇਲ ਸਿੰਘ ਸਾਬਕਾ ਮੈਨੇਜਰ ਆਦਿ ਸਖਸ਼ੀਅਤਾਂ ਮੌਜੂਦ ਸਨ।
ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗੁਰਦਾਸਪੁਰ ਪੁਲਿਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿੱਚ ਗਾਰਡ ਆਫ ਆਨਰ ਦੇ ਕੇ ਗੁਰੂ ਘਰ ਦੀਆਂ ਅਸੀਸਾਂ ਲਈਆਂ।
ਇਸ ਮੌਕੇ ਡਾ.ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜੁਗਰਾਜ ਸਿੰਘ ਐਸ.ਪੀ (ਐੱਚ), ਚੇਅਰਮੈਨ ਭਾਰਤ ਭੂਸ਼ਣ ਸ਼ਰਮਾ,ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਬਲਜੀਤ ਸਿੰਘ, ਸੀਨੀਅਰ ਆਗੂ ਨੀਰਜ ਸਲਹੋਤਰਾ, ਚੇਅਰਮੈਨ ਚੇਅਰਮੈਨ ਰਣਜੀਤ ਸਿੰਘ ਬਾਠ, ਹਨੀ ਬਹਿਲ, ਬਾਵਾ ਬਹਿਲ, ਐਸ.ਡੀ.ਐਮ.ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ ਐਮ ਗੁਰਮੰਦਰ ਸਿੰਘ, ਐਸ.ਡੀ.ਐਮ ਜਯੋਤਸਨਾ ਸਿੰਘ, ਰੁਪਿੰਦਰਪਾਲ ਸਿੰਘ ਪੀ. ਸੀ. ਐੱਸ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਮੈਡਮ ਨਵਜੋਤ ਸ਼ਰਮਾ,ਐਕਸੀਅਨ ਜਸਪ੍ਰੀਤ ਸਿੰਘ, ਈ.ਓ. ਅਰੁਣ ਕੁਮਾਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਸੈਣੀ ਜਿਲ੍ਹਾ ਗਾਈਡੈਂਸ ਕਾਉਂਸਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।