350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਈਕਲ ਯਾਤਰਾ ਅੱਜ ਹੋਈ ਸੰਪੰਨ
ਐਡਵੋਕੇਟ ਧਾਮੀ ਤੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੋਲਡਨ ਗੇਟ ਵਿਖੇ ਸਾਈਕਲ ਯਾਤਰਾ ਦਾ ਕੀਤਾ ਭਰਵਾਂ ਸਵਾਗਤ
ਅੰਮ੍ਰਿਤਸਰ, 20 ਨਵੰਬਰ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਸੰਪੰਨ ਹੋਈ। ਯਾਤਰਾ ਦੇ ਅੰਮ੍ਰਿਤਸਰ ਪੁੱਜਣ ’ਤੇ ਗੋਲਡਨ ਗੇਟ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਉਂਦਿਆਂ ਸ਼੍ਰੋਮਣੀ ਕਮੇਟੀ ਦਾ ਮਨੋਰਥ ਸੀ ਕਿ ਦੇਸ਼ ਦੁਨੀਆਂ ਅੰਦਰ ਇਹ ਸੰਦੇਸ਼ ਪਹੁੰਚਾਇਆ ਜਾਵੇ ਕਿ ਜੇਕਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹਾਦਤ ਨਾ ਦਿੰਦੇ ਤਾਂ ਦੇਸ਼ ਦੀ ਰਾਜਨੀਤੀ, ਸੱਭਿਆਚਾਰ ਅਤੇ ਧਾਰਮਿਕ ਅਜ਼ਾਦੀ ਕਿਵੇਂ ਦੀ ਹੁੰਦੀ? ਉਨ੍ਹਾਂ ਕਿਹਾ ਕਿ ਦੇਸ਼ ਭਰ ਅੰਦਰ ਕਰਵਾਏ ਗਏ ਗੁਰਮਤਿ ਸਮਾਗਮ ਅਤੇ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਯਾਤਰਾਵਾਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਸੰਕਲਪ ਅਤੇ ਉਪਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਣਾ ਸਰੋਤ ਬਣੀਆਂ ਹਨ। ਇਸੇ ਲੜੀ ਤਹਿਤ ਹੀ ਸ. ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿਚ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸਜਾਈ ਇਹ ਸਾਈਕਲ ਯਾਤਰਾ ਜਿਥੇ ਸ਼ਤਾਬਦੀ ਪ੍ਰਤੀ ਚੇਤਨਤਾ ਪੈਦਾ ਕਰ ਰਹੀ ਹੈ, ਉਥੇ ਹੀ ਇਸ ਨੇ ਗੁਰੂ ਉਪਦੇਸ਼ਾਂ ਅਨੁਸਾਰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਵੀ ਦਿੱਤਾ ਹੈ। ਉਨ੍ਹਾਂ ਜਿਥੇ ਦਿੱਲੀ ਦੇ ਸਿੱਖ ਆਗੂਆਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਉਥੇ ਹੀ ਸੰਗਤਾਂ ਵੱਲੋਂ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਤਾਬਦੀ ਦਿਹਾੜੇ ਜਿਥੇ ਸੰਗਤਾਂ ਲਈ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੁੜਨ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਬਹੁਮੁੱਲੇ ਉਪਦੇਸ਼ਾਂ ਨੂੰ ਜੀਵਨ ਵਿਚ ਧਾਰਨ ਦਾ ਮੌਕਾ ਹਨ। ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੇ ਵੀ ਸਾਈਕਲ ਯਾਤਰਾ ਦਾ ਸਵਾਗਤ ਕਰਦਿਆਂ ਇਸ ਉਪਰਾਲੇ ਦੀ ਸੁਨੇਹੇ ਨੂੰ ਸਮਝਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਦੂਸ਼ਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਜੀਵਨ ਵਿਚ ਵਸਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਵੱਧ ਤੋਂ ਵੱਧ ਰੁਖ਼ ਲਗਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਨੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੱਖ ਸੰਸਥਾਵਾਂ ਦੇ ਨਾਲ-ਨਾਲ ਰਸਤੇ ਵਿਚ ਸੰਗਤਾਂ ਵੱਲੋਂ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। ਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ ਸਮੇਤ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਵੱਲੋਂ ਪੁੱਜੇ ਸਿੰਘਾਂ ਨੇ ਵੀ ਸਵਾਗਤ ਕੀਤਾ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਦਿੱਲੀ ਤੋਂ ਸਿੱਖ ਆਗੂ ਸ. ਪਰਮਜੀਤ ਸਿੰਘ ਰਾਣਾ, ਸ. ਸਤਨਾਮ ਸਿੰਘ ਖੀਵਾ, ਸ. ਮਹਿੰਦਰ ਸਿੰਘ, ਸ. ਗੁਰਜੀਤ ਸਿੰਘ, ਸ. ਇੰਦਰਮੋਹਨ ਸਿੰਘ, ਸ. ਬਲਜੀਤ ਸਿੰਘ, ਬੀਬੀ ਮਨਦੀਪ ਕੌਰ ਬਖ਼ਸ਼ੀ, ਬੀਬੀ ਹਰਪ੍ਰੀਤ ਕੌਰ, ਬੀਬੀ ਸੁਮਨ ਜੀ, ਸ. ਅਮਨ ਸਿੰਘ ਬਖ਼ਸ਼ੀ, ਬਾਬਾ ਅਮਨਦੀਪ ਸਿੰਘ ਗਲੀ ਸੱਤੋ ਵਾਲੀ, ਬਾਬਾ ਭਗਤ ਸਿੰਘ, ਪ੍ਰਿੰਸੀਪਲ ਸੁਖਵੰਤ ਸਿੰਘ, ਵਿਸ਼ਵ ਸਿੱਖ ਚੇਬਰ ਦੇ ਮੁਖੀ ਸ. ਪਰਮੀਤ ਸਿੰਘ ਚੱਡਾ, ਸ. ਰਾਜਿੰਦਰ ਸਿੰਘ ਮਰਵਾਹ, ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ. ਕੁਲਵੰਤ ਸਿੰਘ ਅਣਖ਼ੀ, ਬੀਬੀ ਕੌਲਾਂ ਜੀ ਭਲਾਈ ਕੇਂਦਰ ਤੋਂ ਭਾਈ ਹਰਵਿੰਦਰਪਾਲ ਸਿੰਘ, ਸ. ਹਰਪਾਲ ਸਿੰਘ ਆਹਲੂਵਾਲੀਆ, ਸਾਬਕਾ ਮੈਨੇਜਰ ਗੁਰਦੁਆਰਾ ਦੂਕਨਿਵਾਰਨ ਸਾਹਿਬ ਪਟਿਆਲਾ ਸ. ਕਮਲਜੀਤ ਸਿੰਘ ਜੋਗੀਪੁਰ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ ਸਮੇਤ ਸੰਗਤਾਂ ਹਾਜ਼ਰ ਸਨ।