ਸ੍ਰੀ ਅਨੰਦਪੁਰ ਸਾਹਿਬ ਸੜਕ ‘ਤੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੀ ਆਵਾਜਾਈ ‘ਤੇ ਪੂਰਨ ਤੌਰ ‘ਤੇ ਪਾਬੰਦੀ
ਰੂਪਨਗਰ, 22 ਨਵੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਨੁਸਾਰ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਾਹਨਪੁਰ ਖੂਹੀ ਤੋਂ ਸ੍ਰੀ ਅਨੰਦਪੁਰ ਸਾਹਿਬ (ਵਾਇਆ ਝੱਜ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ) ਸੜਕ ‘ਤੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੀ ਆਵਾਜਾਈ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।
ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜਾ ਸਮਾਗਮ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਮਿਤੀ 21 ਨਵੰਬਰ 2025 ਤੋਂ ਮਿਤੀ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂਆਂ ਅਤੇ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ, ਨਾਲ ਹੀ ਮਾਝੇ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਨਗਰ ਕੀਰਤਨ ਵੀ ਸ੍ਰੀ ਆਨੰਦਪੁਰ ਸਾਹਿਬ (ਵਾਇਆ ਕਾਹਨਪੁਰ ਖੂਹੀ, ਨੂਰਪੁਰਬੇਦੀ ਅਤੇ ਝੱਜ ਚੌਕ ਰਾਹੀਂ) ਪਹੁੰਚਣਗੇ।
ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸੁੁਰੱਖਿਆ, ਆਰਾਮਦਾਇਕ ਯਾਤਰਾ ਅਤੇ ਨਗਰ ਕੀਰਤਨ ਦੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਉਕਤ ਰੂਟ ‘ਤੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੀ ਆਵਾਜਾਈ ਨੂੰ ਰੋਕਣਾ ਜਰੂਰੀ ਸਮਝਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਮਿਤੀ 30 ਨਵੰਬਰ 2025 ਤੱਕ ਲਾਗੂ ਰਹਿਣਗੇ।