ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਦੂਜੇ ਦਿਨ ਦੇ ਗੁਰਮਤਿ ਸਮਾਗਮ ਦੀ ਸਮਾਪਤੀ: ਕਾਲਕਾ
ਨਵੀਂ ਦਿੱਲੀ 25 ਨਵੰਬਰ,2025
ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਚੱਲ ਰਹੇ ਸਮਾਗਮ ਦਾ ਦੂਜਾ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੂਰੀ ਸ਼ਰਧਾ, ਭਾਵਨਾ ਤੇ ਗੁਰਬਾਣੀ ਦੇ ਰਸ ਨਾਲ ਸਮਾਪਤ ਹੋਇਆ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭ ਵੱਡੇ ਜਥੇਦਾਰਾਂ ਅਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ, ਤਾਂ ਜੋ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਸੰਦੇਸ਼ ਅਤੇ ਸਿੱਖ ਪਰੰਪਰਾ ਦੀ ਇਸ ਮਹਾਨ ਵਿਰਾਸਤ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸੰਗਤ ਵੱਲੋਂ ਵੱਡੇ ਪਿਆਰ, ਸਮਰਪਣ ਅਤੇ ਆਦਰ ਨਾਲ ਹਾਜ਼ਰੀ ਭਰੀ ਜਾ ਰਹੀ ਹੈ। ਲਾਲ ਕਿਲ੍ਹੇ ਦਾ ਪਵਿੱਤਰ ਮੈਦਾਨ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਅਨਮੋਲ ਸ਼ਹਾਦਤ ਦੇ ਚਰਨ-ਚਿੰਨ੍ਹਾਂ ਨਾਲ ਰੌਸ਼ਨ ਹੋ ਰਿਹਾ ਹੈ।