ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੀਆਰਟੀਸੀ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ, 29 ਨਵੰਬਰ 2025 : ਅੱਜ ਪੀਆਰਟੀਸੀ ਦੇ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਨੂੰ ਕੁਚਲ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਖਤ ਨਿਖੇਧੀ ਕੀਤੀ ਗਈ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਪ੍ਰੈਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਕਿਹਾ ਕਿ ਸਰਕਾਰ ਨਿੱਜੀਕਰਨ ਦੇ ਕਦਮਾਂ ਨੂੰ ਅੱਗੇ ਵਧਾਉਂਦਿਆਂ ਹੋਇਆਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਅਧੀਨ ਨਿੱਜੀਕਰਨ ਦਾ ਵਧਾਰਾ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਕਾਰਨ ਉਹਨਾਂ ਚ ਕੰਮ ਕਰਦੇ ਮੁਲਾਜ਼ਮਾਂ ਦਾ ਸ਼ੋਸ਼ਣ ਹੋਵੇਗਾ ਅਤੇ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਵਾਲੇ ਸਰਕਾਰੀ ਅਦਾਰੇ ਦਾ ਭੋਗ ਪੈ ਜਾਵੇਗਾ। ਉਹਨਾਂ ਮੰਗ ਕੀਤੀ ਕਿ ਸਰਕਾਰੀ ਆਵਾਜਾਈ ਦੇ ਸਾਧਨਾਂ ਸਮੇਤ ਸਾਰੇ ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ ਤੇ ਸਾਰੇ ਅਦਾਰਿਆਂ ਵਿੱਚ ਮੁਲਾਜ਼ਮਾਂ ਦੀ ਪੱਕੀ ਭਰਤੀ ਕੀਤੀ ਜਾਵੇ। ਅੱਜ ਗ੍ਰਿਫਤਾਰ ਕੀਤੇ ਹੋਏ ਪੀਆਰਟੀਸੀ ਦੇ ਮੁਲਾਜ਼ਮਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।