ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਮੁਲਾਜ਼ਮਾਂ ਦੀ ਗ੍ਰਿਫਤਾਰੀ ਦੀ ਇਫਟੂ ਵਲੋਂ ਨਿੰਦਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 28 ਨਵੰਬਰ 2025
ਇਫਟੂ ਪੰਜਾਬ ਨੇ ਪੀ ਆਰ ਟੀ ਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਵਰਕਰ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਉੱਤੇ ਪੁਲਿਸ ਵੱਲੋਂ ਜਬਰ ਢਾਹੁਣ ਅਤੇ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੱਤਾ ਹੈ।
ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਇਕ ਪ੍ਰੈਸ ਬਿਆਨ ਰਾਹੀਂ ਆਖਿਆ ਹੈ ਕਿ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰਨਾ ਮੁਲਾਜ਼ਮਾਂ ਦਾ ਸੰਵਿਧਾਨਿਕ ਅਤੇ ਜਮਹੂਰੀ ਹੱਕ ਹੈ ਪਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਜਾਬਰ ਹਥਕੰਡੇ ਵਰਤ ਰਹੀ ਹੈ ਜੋ ਸਰਕਾਰ ਲਈ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ।
ਉਹਨਾਂ ਕਿਹਾ ਕਿ ਇਹ ਮੁਲਾਜ਼ਮ ਪੰਜਾਬ ਸਰਕਾਰ ਵਲੋਂ
ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦਾ ਵਿਰੋਧ ਕਰ ਰਹੇ ਸਨ ।ਇਸ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ ਵਿਆਪੀ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ।
ਉਹਨਾਂ ਕਿਹਾ ਕਿ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਜਾਰੀ ਧਰਨਿਆਂ ਤੋਂ ਪਹਿਲਾਂ ਹੀ ਵੱਡੇ ਤੜਕੇ ਪਟਿਆਲਾ ਸਮੇਤ ਪੰਜਾਬ ਭਰ ਵਿੱਚੋਂ ਯੂਨੀਅਨ ਦੇ ਕਈ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਇਸਤੋਂ ਇਲਾਵਾ ਪੁਲਿਸ ਨੇ ਮੁਲਾਜ਼ਮਾਂ ਨੂੰ ਬੱਸਾਂ ਵਿੱਚੋਂ ਕੱਢ ਕੱਢ ਕੇ ਕੁੱਟਿਆ।ਧਰਨਾਂ ਦੇ ਰਹੇ ਮੁਲਾਜ਼ਮਾਂ ਨੂੰ ਪੁਲਿਸ ਬੱਸਾਂ ਵਿਚ ਭਰ ਕੇ ਵੱਖ ਵੱਖ ਥਾਣਿਆਂ ਵਿੱਚ ਲੈ ਗਈ ਜੋ ਸਰਕਾਰ ਦੀ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਸਨ। ਉਹਨਾਂ ਨੇ ਗ੍ਰਿਫ਼ਤਾਰ ਕੀਤੇ ਯੂਨੀਅਨਾਂ ਦੇ ਆਗੂਆਂ ਅਤੇ ਵਰਕਰਾਂ ਨੂੰ ਫੌਰੀ ਰਿਹਾ ਕਰਨ ਦੀ ਮੰਗ ਕੀਤੀ ਹੈ।