ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਪੰਜਾਬ ਸਰਕਾਰ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ ,6ਦਸੰਬਰ 2025 : ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਦੀਆਂ ਟਾਹਰਾਂ ਮਾਰਨ ਵਾਲੀ ਸਰਕਾਰ ਇੱਕ ਵਾਰ ਫਿਰ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਤੋਂ ਹੱਥ ਖੜ੍ਹੇ ਕਰ ਗਈ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਜ਼ਿਲਾ ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ ਸਕੱਤਰ ਜਸਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਫੋਕੀ ਇਸ਼ਤਿਹਾਰਬਾਜ਼ੀ ਦੇ ਆਸਰੇ ਲੋਕਾਂ ਨੂੰ ਭਰਮਾਉਣ ਵਾਲੀ ਆਪ ਪਾਰਟੀ ਦੀ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਆਪਣੇ ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਦੀ ਤਨਖਾਹ ਨਾ ਦੇਣ ਕਾਰਨ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਜੱਥੇਬੰਦੀ ਦੇ ਜਿਲਾ ਮੀਤ ਪ੍ਰਧਾਨ ਵਿਕਾਸ ਗਰਗ , ਸਕੱਤਰ ਕੁਲਵਿੰਦਰ ਸਿੰਘ ਵਿਰਕ ਵਿੱਤ ਸਕੱਤਰ ਅਨਿਲ ਭੱਟ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ ਨੇ ਦੱਸਿਆ ਕਿ ਇਸ ਵਾਰ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਦੀਆਂ ਅਦਾਇਗੀਆਂ ਕਰਨ ਉੱਪਰ ਜ਼ੁਬਾਨੀ ਰੋਕ ਲਗਾ ਦਿੱਤੀ ਹੈ।
ਉਹਨਾਂ ਦੱਸਿਆ ਕਿ ਜਥੇਬੰਦੀ ਨੂੰ ਪਤਾ ਲੱਗਿਆ ਹੈ ਕਿ ਸਰਕਾਰ ਵੱਲੋਂ ਜਿੰਨਾ ਦਫਤਰਾਂ ਵੱਲੋਂ 28 ਨਵੰਬਰ ਤੱਕ ਬਿਲ ਜਮਾਂ ਕਰਵਾਏ ਸਨ ਸਿਰਫ ਉਹਨਾਂ ਦੀ ਤਨਖਾਹ ਹੀ ਜਾਰੀ ਕੀਤੀ ਹੈ। ਉਸ ਤੋਂ ਬਾਅਦ ਖਜ਼ਾਨਾ ਦਫਤਰਾਂ ਵਿੱਚ ਜਮਾ ਹੋਏ ਬਿੱਲਾਂ ਦੀ ਤਨਖਾਹ ਫਰੀਜ ਕਰ ਦਿੱਤੀ ਗਈ ਹੈ ਜਿਸ ਕਾਰਨ ਅਧਿਆਪਕ ਵਰਗ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਵਰਤਾਰਾ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਜਾਰੀ ਹੈ। ਜਦੋਂ ਵੀ ਅਧਿਆਪਕ ਆਗੂਆਂ ਵੱਲੋਂ ਖਜ਼ਾਨਾ ਦਫ਼ਤਰ ਤੋਂ ਤਨਖਾਹਾਂ ਸਬੰਧੀ ਪੁੱਛਿਆ ਜਾਂਦਾ ਹੈ ਤਾਂ ਜ਼ੁਬਾਨੀ ਹੁਕਮਾਂ ਅਨੁਸਾਰ ਰੋਕ ਲੱਗੀ ਹੋਣ ਦਾ ਜੁਆਬ ਮਿਲਦਾ ਹੈ। ਬਲਾਕ ਆਗੂਆਂ ਭੁਪਿੰਦਰ ਮਾਈਸਰਖਾਨਾ, ਭੋਲਾ ਰਾਮ, ਬਲਕਰਨ ਸਿੰਘ ਕੋਟ, ਰਾਜਵਿੰਦਰ ਸਿੰਘ ਜਲਾਲ ਅਤੇ ਅਸ਼ਵਨੀ ਡੱਬਵਾਲੀ ਨੇ ਕਿਹਾ ਕਿ ਜ਼ੁਬਾਨੀ ਹੁਕਮਾਂ ਅਨੁਸਾਰ ਕਿਸੇ ਵੀ ਮੁਲਾਜ਼ਮ ਦੀ ਤਨਖਾਹ ਰੋਕੀ ਨਹੀਂ ਜਾ ਸਕਦੀ। ਇਸ ਤਰ੍ਹਾਂ ਸਰਕਾਰ ਨਿਰੋਲ਼ ਧੱਕੇਸ਼ਾਹੀ ਤੇ ਉਤਾਰੂ ਹੈ।
ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤਿਆਂ ਦੀ ਕਟੌਤੀ ਕਰਕੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਅਧੂਰਾ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਆਨਾਕਾਨੀ ਕਰਕੇ ਆਪਣੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪ੍ਰਗਟਾਵਾ ਨੰਗੇ ਚਿੱਟੇ ਰੂਪ ਵਿੱਚ ਕਰ ਦਿੱਤਾ ਹੈ। ਜਿਲਾ ਕਮੇਟੀ ਮੈਂਬਰ ਰਣਦੀਪ ਕੌਰ ਖਾਲਸਾ ਅਤੇ ਬਲਜਿੰਦਰ ਕੌਰ ਨੇ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਸੋਮਵਾਰ ਤੱਕ ਤਨਖਾਹਾਂ ਜਾਰੀ ਨਾ ਹੋਣ ਤੇ ਖਜ਼ਾਨਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਹਰ ਤਰ੍ਹਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨ ਸਮੇਂਤ ਬਾਕੀ ਵਿੱਤੀ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾਵੇਗਾ।