ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ਦੇ ਆਲੇ–ਦੁਆਲੇ ਮਨਾਹੀ ਦੇ ਹੁਕਮ ਜਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਦਸੰਬਰ 2025- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ–2025 ਜੋ ਕਿ 14 ਦਸੰਬਰ ਨੂੰ ਹੋ ਰਹੀਆਂ ਹਨ, ਨੂੰ ਨਿਰਵਿਘਨ, ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ., ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (ਐਕਟ 46 ਆਫ਼ 2023) ਦੇ ਅਧਿਆਇ 11 (ਸੀ – ਤੁਰੰਤ ਪ੍ਰੇਸ਼ਾਨੀ ਜਾਂ ਅਨੁਮਾਨਿਤ ਖ਼ਤਰੇ ਵਾਲੇ ਮਾਮਲੇ), ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਪੰਚਾਇਤ ਸੰਮਤੀ ਮਾਜਰੀ, ਖਰੜ ਅਤੇ ਡੇਰਾਬੱਸੀ ਦੇ ਅਧਿਕਾਰ ਖੇਤਰ ਵਿੱਚ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਰਾਜ ਚੋਣ ਕਮਿਸ਼ਨ, ਪੰਜਾਬ ਦੇ ਸਕੱਤਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਚੋਣਾਂ ਦੇ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਆਯੋਜਨ ਅਤੇ ਜ਼ਿਲ੍ਹੇ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਰੈਵਨਿਊ ਹੱਦਾਂ ਅੰਦਰ ਸਥਿਤ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਵਿੱਚ, 13 ਦਸੰਬਰ 2025 ਤੋਂ 14 ਦਸੰਬਰ 2025 ਤੱਕ, ਆਦਰਸ਼ ਚੋਣ ਜ਼ਾਬਤੇ ਦੇ ਤਹਿਤ ਹੇਠ ਲਿਖੀਆਂ ਗਤੀਵਿਧੀਆਂ ‘ਤੇ ਸਖ਼ਤ ਪਾਬੰਦੀ ਰਹੇਗੀ:
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ (ਕਤਾਰ ਵਿੱਚ ਲੱਗੇ ਵੋਟਰਾਂ ਤੋਂ ਇਲਾਵਾ) ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ/ਗਤੀਵਿਧੀਆਂ ਕਰਨ ਤੇ ਪਾਬੰਦੀ ਹੋਵੇਗੀ।
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਵੋਟਾਂ ਦਾ ਪ੍ਰਚਾਰ ਕਰਨਾ ਜਾਂ ਅਪੀਲ ਕਰਨ ਤੇ ਪਾਬੰਦੀ ਹੋਵੇਗੀ।
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਹੇ ਉਮੀਦਵਾਰ ਵੱਲੋਂ ਆਪਣਾ ਬੂਥ/ਟੈਂਟ ਨਹੀਂ ਲਗਾਇਆ ਜਾਵੇਗਾ।
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਕਿਸਮ ਦਾ ਚੋਣਾਂ ਨਾਲ ਸਬੰਧਤ ਹਾਜਨੀਤਿਕ ਪਾਰਟੀ/ਉਮੀਦਵਾਰ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ।
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਉਡ ਸਪੀਕਰ ਆਦਿ ਦੀ ਵਰਤੋਂ ਤੇ ਪਾਬੰਦੀ ਹੋਵੇਗੀ। ਚੋਣ ਡਿਊਟੀ ਤੇ ਤਾਇਨਾਤ ਚੋਣ ਅਬਜਰਵਰ, ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਨਾਲ ਸਬੰਧਤ ਕਰਮਚਾਰੀਆਂ ਨੂੰ ਇਸ ਤੋਂ ਛੋਟ ਹੋਵੇਗੀ।
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਰਾਜ ਚੋਣ ਕਮਿਸ਼ਨ, ਪੰਜਾਬ, ਜਿਲ੍ਹਾ ਚੋਣ ਅਫਸਰ ਅਤੇ ਸਬੰਧਤ ਰਿਟਰਨਿੰਗ ਅਫਸਰਾਂ ਵੱਲੋਂ ਅਧਿਕਾਰਤ ਵਿਅਕਤੀ ਤੋਂ ਸਿਵਾਏ ਕਿਸੇ ਵੀ ਵਿਅਕਤੀ ਨੂੰ ਆਪਣਾ ਨਿੱਜੀ/ ਪ੍ਰਾਈਵੇਟ ਵਾਹਨ ਲੈ ਕੇ ਜਾਣ ਤੇ ਮਨਾਹੀ ਹੋਵੇਗੀ।
ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਜੋ ਚੋਣ ਪ੍ਰੀਕ੍ਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ ਤੇ ਮੁਕੰਮਲ ਪਾਬੰਦੀ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਚਿਤਾਵਨੀ ਦਿੱਤੀ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਮਨਾਹੀ ਹੁਕਮ 14 ਦਸੰਬਰ 2025 ਨੂੰ ਮਤਦਾਨ ਦੀ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ।
ਪਰ, ਇਹ ਹੁਕਮ ਸੈਨਾ ਕਰਮਚਾਰੀਆਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਕਰਮਚਾਰੀਆਂ, ਜੋ ਚੋਣ ਡਿਊਟੀ ‘ਤੇ ਤਾਇਨਾਤ ਹਨ, ‘ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੇ ਸਾਰੀਆਂ ਰਾਜਨੀਤਿਕ ਪਾਰਟੀਆਂ, ਉਮੀਦਵਾਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ।