ਬਠਿੰਡਾ: ਚੋਣਾਂ ਨੂੰ ਸ਼ਾਂਤੀਪੂਰਣ ਅਤੇ ਨਿਰਪੱਖ ਢੰਗ ਨਾਲ ਸੰਪੰਨ
ਚੋਣ ਆਬਜ਼ਰਵਰ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ
ਅਸ਼ੋਕ ਵਰਮਾ
ਬਠਿੰਡਾ, 14 ਦਸੰਬਰ 2025 : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਨਿਰੀਖਕ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਜ ਗੋਨਿਆਣਾ, ਭੋਖੜਾ, ਗਿੱਲ ਪੱਤੀ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਉੱਥੇ ਚੱਲ ਰਹੀ ਵੋਟਿੰਗ ਪ੍ਰਕਿਰਿਆ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੋਟਰਾਂ ਲਈ ਕੀਤੇ ਗਏ ਪ੍ਰਬੰਧਾਂ ਅਤੇ ਪੋਲਿੰਗ ਅਮਲੇ ਦੀ ਕਾਰਗੁਜ਼ਾਰੀ ਨੂੰ ਧਿਆਨ ਨਾਲ ਵਾਚਿਆ।
ਇਸ ਮੌਕੇ ਚੋਣ ਨਿਰੀਖਕ ਨੇ ਪੋਲਿੰਗ ਸਟੇਸ਼ਨਾਂ ‘ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਜਿੱਥੇ ਪ੍ਰੇਰਿਤ ਕੀਤਾ ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਨਾਉਣ ਲਈ ਕਿਹਾ ਕਿ ਵੋਟਰਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਆਉਣ ਦਿੱਤੀ ਜਾਵੇ।
ਪੋਪਲੀ ਨੇ ਵੋਟਿੰਗ ਪ੍ਰਕਿਰਿਆ ਦੌਰਾਨ ਸੁਰੱਖਿਆ ਪ੍ਰਬੰਧਾਂ, ਕਤਾਰਬੰਦੀ, ਬੁਜ਼ੁਰਗਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਲਈ ਕੀਤੇ ਗਏ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਅਤੇ ਤੱਸਲੀ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਸ਼ਾਂਤੀਪੂਰਣ ਅਤੇ ਨਿਰਪੱਖ ਢੰਗ ਨਾਲ ਸੰਪੰਨ ਕਰਵਾਉਣ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ। ਵੋਟਿੰਗ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਵੋਟਰਾਂ ਦੀ ਭੂਮਿਕਾ ਸਰਾਹਣਾਯੋਗ ਹੈ।
ਚੋਣ ਨਿਰੀਖਕ ਦੇ ਇਸ ਦੌਰੇ ਨਾਲ ਚੋਣ ਅਮਲੇ ਦਾ ਹੌਸਲਾ ਵਧਿਆ ਹੈ ਅਤੇ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਸੁਚੱਜਾ ਬਣਾਉਣ ਵਿੱਚ ਮਦਦ ਮਿਲੀ ਹੈ।