ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ: ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਦੇ ਹੱਕ 'ਚ ਫੈਸਲਾ ਸੁਣਾਉਣਗੇ ਲੋਕ - ਭਗਵੰਤ ਮਾਨ
ਸੰਗਰੂਰ, 14 ਦਸੰਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿਖੇ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਆਸ ਪ੍ਰਗਟਾਈ ਕਿ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਗੀਆਂ।
ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਲਈ ਅਹਿਮ ਹਨ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਨੀਂਹ ਵਜੋਂ ਕੰਮ ਕਰਦੀਆਂ ਹਨ ਕਿਉਂਕਿ ਇਸ ਨਾਲ ਲੋਕ ਜ਼ਮੀਨੀ ਪੱਧਰ 'ਤੇ ਆਪਣਾ ਕੰਮ ਕਰਨ ਦੇ ਯੋਗ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੋਣਾਂ ਜਨਤਾ ਦੀ ਸੇਵਾ ਕਰਨ ਦੀ ਇੱਛੁਕ ਨੌਜਵਾਨ ਸਿਆਸਤਦਾਨਾਂ ਲਈ ਇੱਕ ਲਾਂਚਪੈਡ ਵਜੋਂ ਕੰਮ ਕਰਦੀਆਂ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਵੋਟ ਪਾਉਣ ਅਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇਹ ਅਧਿਕਾਰ ਸਾਡੇ ਦਾਦੇ-ਪੜਦਾਦਿਆਂ ਵੱਲੋਂ ਬਹੁਤ ਸੰਘਰਸ਼ ਤੋਂ ਬਾਅਦ ਪ੍ਰਾਪਤ ਕੀਤਾ ਗਿਆ ਹੈ ਅਤੇ ਇਸਦੀ ਵਰਤੋਂ ਵੱਡੇ ਜਨਤਕ ਹਿੱਤਾਂ ਲਈ ਪੂਰੀ ਸਾਵਧਾਨੀ ਅਤੇ ਸੋਚ ਸਮਝ ਕੇ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਉਮੀਦਵਾਰਾਂ ਨੂੰ ਚੁਣਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਜੋ ਜਨਤਕ ਖੇਤਰਾਂ ਵਿੱਚ ਉਨ੍ਹਾਂ ਦੀ ਆਵਾਜ਼ ਬਣ ਸਕਣ।
ਸਰਕਾਰੀ ਤੰਤਰ ਦੀ ਦੁਰਵਰਤੋਂ ਸਬੰਧੀ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਨ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਸ਼ਲਾਘਾ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਖਾਸ ਕਰਕੇ ਅਕਾਲੀ ਦਲ ਬਾਦਲ ਨੇ ਹਮੇਸ਼ਾ ਗੈਂਗਸਟਰਾਂ ਦੀ ਸਰਪ੍ਰਸਤੀ ਕੀਤੀ ਹੈ ਅਤੇ ਉਨ੍ਹਾਂ ਨੇ ਇਨ੍ਹਾਂ ਚੋਣਾਂ ਵਿੱਚ ਵੀ ਉਨ੍ਹਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਚੁੱਪਚਾਪ ਬੈਠ ਕੇ ਇਨ੍ਹਾਂ ਗੈਂਗਸਟਰਾਂ ਨੂੰ ਆਪਣੀ ਤਾਕਤ ਦਿਖਾਉਂਦੇ ਅਤੇ ਚੋਣ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਦੇ ਨਹੀਂ ਦੇਖ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ 2400 ਤੋਂ ਵੱਧ ਉਮੀਦਵਾਰ ਚੋਣਾਂ ਲੜ ਰਹੇ ਹਨ ਜੋ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਸਰਕਾਰੀ ਤੰਤਰ ਦੀ ਕੋਈ ਦੁਰਵਰਤੋਂ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪਣੀ ਹਾਰ ਤੋਂ ਘਬਰਾ ਕੇ ਵਿਰੋਧੀ ਧਿਰ ਅਜਿਹੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਧਮਕੀਆਂ ਸਿਰਫ ਅਕਾਲੀ ਦਲ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਟਿਕਟਾਂ ਦਿੱਤੀਆਂ ਹਨ, ਜੋ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕ ਸਭਾ ਮੈਂਬਰ ਚੰਨੀ ਨੂੰ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ ਕਿਉਂਕਿ ਉਹ ਆਪਣੀ ਪਾਰਟੀ ਦੀ ਹਾਰ ਤੋਂ ਘਬਰਾ ਕੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਗੁਰਬਾਣੀ ਦੀ ਤੁਕ "ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ" ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸਤਿਕਾਰਯੋਗ ਗੁਰੂ ਸਹਿਬਾਨਾਂ ਨੇ ਹਵਾ (ਪਵਨ) ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵਾਤਾਵਰਣ ਅਤੇ ਅਧਿਆਤਮਿਕ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੇ ਤੱਤ ਨੂੰ ਅਪਣਾਉਣ ਦਾ ਸਮਾਂ ਆ ਗਿਆ ਹੈ।