ਪੰਜਾਬ ਦੇ ਵੈਟਨਰੀ ਡਾਕਟਰ ਸਰਕਾਰ ਦੀ ਲਾਰੇਬਾਜ਼ੀ ਤੋਂ ਤੰਗ ਹੋ ਕੇ, ਲਗਾਤਾਰ ਦੋ ਦਿਨਾਂ ਲਈ ਵੈਟਨਰੀ ਸੇਵਾਵਾਂ ਠੱਪ ਕਰਨ ਦੇ ਰੌਂਅ 'ਚ
ਮੋਹਾਲੀ 19 ਦਿਸੰਬਰ 2025
ਪੰਜਾਬ ਦੇ ਵੈਟਨਰੀ ਡਾਕਟਰ ਆਪਣੀਆਂ ਜਾਇਜ਼ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਲਾਰੇਬਾਜ਼ੀ ਤੋਂ ਤੰਗ ਆ ਕੇ ਮਿਤੀ 23 ਅਤੇ 24 ਦਸੰਬਰ, 2025 ਨੂੰ ਸਾਰੀਆਂ ਵੈਟਨਰੀ ਸੇਵਾਵਾਂ ਠੱਪ ਕਰਨ ਦੇ ਰੌਂਅ ਵਿੱਚ ਹਨ। ਇਹ ਫੈਸਲਾ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਿਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੈਟਨਰੀ ਡਾਕਟਰ ਪਿਛਲੇ ਕਰੀਬ 5 ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ :-
1. 42 ਸਾਲ ਚੱਲੀ ਮੈਡੀਕੋਜ਼ ਨਾਲ ਪੇਅ-ਪੈਰਿਟੀ ਦੀ ਬਹਾਲੀ
2. ਡੀ.ਏ.ਸੀ.ਪੀ. (ਡਾਇਨਾਮਿਕ ਅਸ਼ੋਰਡ ਕੈਰੀਅਰ ਪ੍ਰੋਗਰੈਸ਼ਨ ) 4-9-14 ਸਕੀਮ ਦੀ ਬਹਾਲੀ
3. ਐਚ.ਆਰ.ਏ. ਆਨ ਐਨ.ਪੀ.ਏ. ਮੁੜ ਲਾਗੂ ਕਰਵਾਉਣਾ ਅਤੇ
4. ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ
ਨੂੰ ਲੈ ਕੇ ਸੰਘਰਸ਼ ਦੇ ਰਾਹ ਤੇ ਹਨ ਪਰ ਮੌਜੂਦਾ ਸਰਕਾਰ ਵੀ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ।
ਮੀਟਿੰਗ ਵਿੱਚ ਮੌਜੂਦ ਵੈਟਨਰੀ ਡਾਕਟਰਾਂ ਨੂੰ ਸੰਬੋਧਨ ਕਰਦੇ ਹੋਏ, ਜੁਆਇਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਕਨਵੀਨਰ, ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਡਾਇਰੈਕਟਰ ਵੱਲੋਂ ਮੰਗਾਂ ਪ੍ਰਤੀ ਸਾਕਾਰਾਤਮਕ ਰੋਲ ਨਿਭਾਓਣ ਦੀ ਬਜਾਇ ਸੰਘਰਸ਼ ਕਰ ਰਹੇ ਅਫਸਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਧਮਕੀ ਭਰੇ ਪੱਤਰ ਜਾਰੀ ਕੀਤੇ ਜਾ ਰਹੇ ਹਨ, ਜਿੰਨ੍ਹਾਂ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਦੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਵਿਭਾਗ ਦੇ ਜਿੰਨ੍ਹਾਂ ਉੱਚ-ਅਧਿਕਾਰੀਆਂ ਵੱਲੋਂ ਸੰਘਰਸ਼ ਵਿੱਚ ਸਾਥ ਦਿੱਤਾ ਜਾ ਰਿਹਾ ਹੈ, ਜੇ ਡਾਇਰੈਕਟਰ/ਸਰਕਾਰ ਵੱਲੋਂ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ-ਪੈਰਿਟੀ ਇਸ ਦਾ ਡਟ ਕੇ ਵਿਰੋਧ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਸਮੂਹ ਵੈਟਨਰੀ ਡਾਕਟਰਾਂ ਨੂੰ ਇਸ ਸੰਘਰਸ਼ ਵਿੱਚ ਲਗਾਤਾਰ ਡਟੇ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਤੋਂ ਬਾਅਦ ਜੁਆਇੰਟ ਐਕਸ਼ਨ ਕਮੇਟੀ ਦੇ ਕੋ-ਕਨਵੀਨਰ, ਡਾ. ਪੁਨੀਤ ਮਲਹੋਤਰਾ ਅਤੇ ਡਾ. ਅਬਦੁਲ ਮਜ਼ੀਦ ਨੇ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਵਿੱਚ ਮਿਤੀ 23 ਅਤੇ 24 ਦਸੰਬਰ 2025 ਨੂੰ ਸੂਬੇ ਦੇ ਸਾਰੇ ਵੈਟਨਰੀ ਡਾਕਟਰ ਵੈਟਨਰੀ ਸੇਵਾਵਾਂ ਠੱਪ ਕਰਕੇ ਰੋਸ ਵਜੋਂ ਆਪਣੇ ਜ਼ਿਲ੍ਹੇ ਦੇ ਪੌਲੀਕਲੀਨਿਕਾਂ ਵਿਖੇ ਇਕੱਠੇ ਹੋ ਕੇ ਉਪਰੋਕਤ ਦਿਨਾਂ ਨੂੰ ਸਰਕਾਰ ਦਾ ਪਿੱਟ-ਸਿਆਪਾ ਕਰਨਗੇ ਅਤੇ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਧੋਖੇ ਅਤੇ ਗਲਤ ਢੰਗ ਨਾਲ ਪੇਅ ਪੈਰਿਟੀ ਭੰਗ ਕਰਨ ਦਾ ਪੱਤਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਹ ਦੋ ਦਿਨ ਓ.ਪੀ.ਡੀ. ਅਤੇ ਅਮਰਜੈਂਸੀ ਸੇਵਾਵਾਂ ਸਮੇਤ ਸੂਬੇ ਦੀਆਂ ਪਸ਼ੂ ਪਾਲਣ ਵਿਭਾਗ ਨਾਲ ਸੰਬਧਤ ਸਾਰੀਆਂ ਸੇਵਾਵਾਂ ਦਾ ਮੁਕੰਮਲ ਸ਼ਟ-ਡਾਊਨ ਰਹੇਗਾ। ਉਹਨਾਂ ਅੱਗੇ ਕਿਹਾ ਕਿ ਜੇ ਸਰਕਾਰ ਫਿਰ ਵੀ ਪੰਜਾਬ ਦੇ ਵੈਟਨਰੀ ਡਾਕਟਰਾਂ ਦੀਆਂ ਜਾਇਜ਼ ਮੰਗਾਂ ਲਾਗੂ ਨਹੀਂ ਕਰਦੀ ਤਾਂ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਦਾ ਮੁਕੰਮਲ ਤੌਰ ਤੇ ਅਣਮਿੱਥੇ ਸਮੇਂ ਲਈ ਮੁਕੰਮਲ ਸ਼ਟ-ਡਾਊਨ ਕਰ ਦਿੱਤਾ ਜਾਵੇਗਾ ਤੇ ਇਸ ਕਾਰਨ ਹੋਣ ਵਾਲੇ ਹਰ ਨੁਕਸਾਨ ਦੀ ਜਿੰਮੇਵਾਰ ਸਰਕਾਰ ਹੋਵੇਗੀ ।
ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਚੀਫ ਮੀਡੀਆ ਅਡਵਾਈਜ਼ਰ, ਡਾ. ਗੁਰਿੰਦਰ ਸਿੰਘ ਵਾਲੀਆ ਨੇ ਮੁੱਖ-ਮੰਤਰੀ, ਪੰਜਾਬ ਨੂੰ ਤੁਰੰਤ ਦਖਲ ਦੇ ਕੇ ਪੰਜਾਬ ਦੇ ਵੈਟਨਰੀ ਡਾਕਟਰਾਂ ਨਾਲ ਹੋਏ ਵਿਤਕਰੇ ਨੂੰ ਖਤਮ ਕਰਕੇ ਉਹਨਾਂ ਨੂੰ ਇਨਸਾਫ ਦੇਣ ਦੀ ਗੁਹਾਰ ਲਗਾਈ । ਉਹਨਾਂ ਕਿਹਾ ਕਿ ਬੜੀ ਹੀ ਅਨੈਤਿਕ ਅਤੇ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਵੈਟਨਰੀ ਡਾਕਟਰਾਂ ਨੂੰ ਪਹਿਲਾਂ 56100/- ਦਾ ਐਂਟਰੀ ਸਕੇਲ ਦੇ ਕੇ ਉਸਨੂੰ ਬਾਅਦ ਵਿੱਚ ਘਟਾ ਕੇ 47600/- ਕਰ ਦਿੱਤਾ।