350ਵੀਂ ਸ਼ਹੀਦੀ ਯਾਦਗਾਰ ਸਮਾਰੋਹਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਕਾਰ ਦੇ ਸਹਿਯੋਗ ਲਈ ਧੰਨਵਾਦੀ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 19 ਦਸੰਬਰ, 2025 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਵਿਸ਼ਾਲ ਅਤੇ ਇਤਿਹਾਸਕ ਪ੍ਰੋਗਰਾਮਾਂ ਲਈ ਦਿੱਲੀ ਸਰਕਾਰ ਵਲੋਂ ਦਿੱਤੇ ਗਏ ਪੂਰਨ ਸਹਿਯੋਗ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧੰਨਵਾਦੀ ਹੈ।
ਇਸ ਸੰਬੰਧ ਵਿੱਚ ਦਿੱਲੀ ਸਰਕਾਰ ਵੱਲੋਂ ਦਿਤੇ ਗਏ ਸਰਕਾਰੀ ਸਹਿਯੋਗ ਲਈ ਦਿੱਲੀ ਦੀਆਂ ਸਮੂਹ ਸੰਗਤਾਂ ਅਤੇ ਸਿੰਘ ਸਭਾਵਾਂ ਦੇ ਪ੍ਰਤੀਨਿਧੀਆਂ ਵਲੋਂ ਮਾਤਾ ਸਾਹਿਬ ਕੌਰ ਆਡੀਟੋਰੀਅਮ, ਮਾਤਾ ਸੁੰਦਰੀ ਕਾਲਜ ਫਾਰ ਵੂਮਨ ਵਿਖੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਾ ਸ਼ਰਧਾ, ਸਤਿਕਾਰ ਅਤੇ ਗੁਰੂ-ਭਾਵਨਾ ਨਾਲ ਭਰਪੂਰ ਸਵਾਗਤ ਕੀਤਾ ਗਿਆ ਅਤੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ । ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਮਨੁੱਖਤਾ, ਧਾਰਮਿਕ ਆਜ਼ਾਦੀ ਅਤੇ ਸੱਚ ਦੀ ਰੱਖਿਆ ਲਈ ਦਿੱਤਾ ਗਿਆ ਉਹ ਅਮਰ ਸੰਦੇਸ਼ ਹੈ, ਜੋ ਸਦੀਆਂ ਤੱਕ ਸੰਸਾਰ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ 350ਵੀਂ ਸ਼ਹੀਦੀ ਸ਼ਤਾਬਦੀ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਗੁਰੂ ਸਾਹਿਬ ਦੇ ਮਹਾਨ ਸਿਧਾਂਤਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਇੱਕ ਇਤਿਹਾਸਕ ਜ਼ਿੰਮੇਵਾਰੀ ਸੀ,ਜੋ ਸੰਸਾਰ ਭਰ ਵਿੱਚ ਪ੍ਰਸਾਰ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਰਕਾਰ ਵੱਲੋਂ ਬਹੁਤ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ।
ਉਨ੍ਹਾਂ ਨੇ ਦਿੱਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰੀ ਸਹਿਯੋਗ ਨਾਲ ਇਹ ਸਮਾਗਮ ਹੋਰ ਵੀ ਵਿਸ਼ਾਲ, ਪ੍ਰਭਾਵਸ਼ਾਲੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਗੁਰੂ ਇਤਿਹਾਸ ਦੀ ਮਹਾਨਤਾ ਨੂੰ ਉਜਾਗਰ ਕਰਨ ਵਾਲੇ ਸਾਬਤ ਹੋਏ ਹਨ। ਇਸ ਮੌਕੇ ਸੰਗਤਾਂ ਅਤੇ ਸਿੰਘ ਸਭਾਵਾਂ ਦੇ ਪ੍ਰਤੀਨਿਧੀਆਂ ਵਲੋਂ ਵੀ ਗੁਰੂ ਸਾਹਿਬ ਦੀ ਸ਼ਹਾਦਤ ਸ਼ਹੀਦੀ ਨੂੰ ਨਮਨ ਕਰਦਿਆਂ ਸਮੂਹ ਸਮਾਗਮਾਂ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ।