ਜਲਦ ਲਵਾਂਗੇ ਪਾਰਟੀ ਦਾ ਚੋਣ ਨਿਸ਼ਾਨ, ਅਗਲੀਆਂ ਚੋਣਾਂ ਤਕੜੇ ਹੋ ਕੇ ਲੜਾਂਗੇ: ਗਿਆਨੀ ਹਰਪ੍ਰੀਤ ਸਿੰਘ
Babushahi Network
ਚੰਡੀਗੜ੍ਹ 20 ਦਸੰਬਰ 2025: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਈ ਅਹਿਮ ਐਲਾਨ ਕੀਤੇ।
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਰਟੀ ਆਪਣੀ ਹੋਂਦ ਨੂੰ ਮਜ਼ਬੂਤ ਕਰਨ ਲਈ ਜਲਦੀ ਹੀ ਇੱਕ ਸੁਤੰਤਰ ਚੋਣ ਨਿਸ਼ਾਨ (Symbol) ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਜਲਦ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਆਉਣ ਵਾਲੀਆਂ ਚੋਣਾਂ ਨੂੰ ਪੂਰੀ ਤਾਕਤ ਅਤੇ ਤਨਦੇਹੀ ਨਾਲ ਲੜਿਆ ਜਾਵੇਗਾ ਤਾਂ ਜੋ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।
ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੇ ਪੰਜਾਬ ਭਰ ਵਿੱਚ ਕਰੀਬ 50 ਬਲਾਕ ਸੰਮਤੀ ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਪਾਰਟੀ ਲੀਡਰਸ਼ਿਪ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ਨੇ ਕਈ ਥਾਵਾਂ 'ਤੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਿੱਥੇ ਉਮੀਦਵਾਰ ਜਿੱਤ ਨਹੀਂ ਸਕੇ, ਉੱਥੇ ਵੀ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਡੂੰਘਾਈ ਨਾਲ ਮੰਥਨ ਕੀਤਾ ਗਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਅਸਲ ਮੁੱਦਿਆਂ ਨੂੰ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ (ਬਲਾਕ ਅਤੇ ਪਿੰਡ ਪੱਧਰ) ਤੱਕ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇੱਕ ਮਜ਼ਬੂਤ ਖੇਤਰੀ ਵਿਕਲਪ ਮਿਲ ਸਕੇ।