ਸ਼ਖਸੀਅਤ ਦੇ ਸੰਪੂਰਨ ਵਿਕਾਸ ਲਈ ਸਿੱਖਿਆ ਬੇਹੱਦ ਅਹਿਮ: ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਸਪੀਕਰ ਨੇ ਨੌਜਵਾਨਾਂ ਨੂੰ ਕਰੀਅਰ ’ਚ ਸਫ਼ਲਤਾ ਤੇ ਸਮਾਜਿਕ ਵਿਕਾਸ ਲਈ ਸਿੱਖਿਆ ਦਾ ਲਾਭ ਉਠਾਉਣ ਦੀ ਕੀਤੀ ਅਪੀਲ
ਕਿਹਾ, ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਤਬਦੀਲੀ ਲਿਆਉਣ ਲਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ
ਜਲੰਧਰ, 20 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਜੀਵਨ ਅਤੇ ਕਰੀਅਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਿੱਖਿਆ ਨੂੰ ਆਪਣੀ ਸ਼ਖਸੀਅਤ ਦੇ ਸੰਪੂਰਨ ਵਿਕਾਸ ਦਾ ਜ਼ਰੀਆ ਬਣਾਉਣ ਦੀ ਅਪੀਲ ਕੀਤੀ। ਉਹ ਅੱਜ ਇੱਥੇ ਮੇਅਰ ਵਰਲਡ ਸਕੂਲ ਦੇ 20ਵੇਂ ਸਾਲਾਨਾ ਦਿਵਸ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ, ਜਿੱਥੇ ਉਨ੍ਹਾਂ ਸਿੱਖਿਆ ਨੂੰ ਇੱਕ ਪ੍ਰਗਤੀਸ਼ੀਲ ਸਮਾਜ ਦੀ ਨੀਂਹ ਦੱਸਿਆ।
ਇਸ ਮੌਕੇ ਬੋਲਦਿਆਂ ਸਪੀਕਰ ਨੇ ਕਿਹਾ ਕਿ ਸਿੱਖਿਆ ਨਾ ਸਿਰਫ਼ ਅਕਾਦਮਿਕ ਗਿਆਨ ਪ੍ਰਦਾਨ ਕਰਦੀ ਹੈ ਸਗੋਂ ਜ਼ਿੰਮੇਵਾਰ, ਸਮਝਦਾਰ ਅਤੇ ਸਮਾਜਿਕ ਤੌਰ 'ਤੇ ਚੇਤੰਨ ਨਾਗਰਿਕਾਂ ਦੀ ਸਿਰਜਣਾ ਵੀ ਕਰਦੀ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੜ੍ਹਿਆ-ਲਿਖਿਆ ਨੌਜਵਾਨ ਇੱਕ ਮਜ਼ਬੂਤ ਅਤੇ ਸਵੈ-ਨਿਰਭਰ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ।
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ ਅਤੇ ਸੀਨੀਅਰ 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ ਸਮੇਤ ਸ਼੍ਰੀ ਸੰਧਵਾਂ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸੁਧਾਰਾਂ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ., ਪੰਜਾਬ ਸਿੱਖਿਆ ਕ੍ਰਾਂਤੀ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਰਗੀਆਂ ਪਹਿਲਕਦਮੀਆਂ ਨੇ ਨਵੀਂ ਮਿਸਾਲਾਂ ਕਾਇਮ ਕੀਤੀਆਂ ਹਨ ਅਤੇ ਸਿੱਖਿਆ ਨੂੰ ਵਿਕਾਸ ਦੀਆਂ ਉੱਚ ਲੀਹਾਂ 'ਤੇ ਲਿਆਂਦਾ ਹੈ।
ਸਪੀਕਰ ਨੇ ਅੱਗੇ ਕਿਹਾ ਕਿ ਹੁਨਰ ਵਿਕਾਸ ਨੂੰ ਮੁੱਖ ਧਾਰਾ ਦੀ ਸਿੱਖਿਆ ਨਾਲ ਜੋੜਿਆ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਨੌਕਰੀ ਲੱਭਣ ਦੀ ਬਜਾਏ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਨੇ ਗੁਣਵੱਤਾਪੂਰਨ ਸਿੱਖਿਆ ਵਿੱਚ ਸ਼ਾਨਦਾਰ ਯੋਗਦਾਨ ਲਈ ਮੇਅਰ ਵਰਲਡ ਗਰੁੱਪ ਸ਼ਲਾਘਾ ਵੀ ਕੀਤੀ।
ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ, ਜਦਕਿ ਸਕੂਲ ਪ੍ਰਬੰਧਨ ਵੱਲੋਂ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ।