ਸ਼ਹੀਦੀ ਸਭਾ ਦੇ ਮੱਦੇਨਜ਼ਰ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਡੀ.ਆਈ.ਜੀ ਨਾਨਕ ਸਿੰਘ ਤੇ ਐਸ.ਐਸ.ਪੀ ਸ਼ੁਭਮ ਅਗਰਵਾਲ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ
ਫਤਹਿਗੜ੍ਹ ਸਾਹਿਬ, 23 ਦਸੰਬਰ 2025- ਪੰਜਾਬ ਪੁਲਿਸ ਦੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਜਿ਼ਲ੍ਹਾ ਪੁਲਿਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਕੀਤੇ ਗਏ ਵੱਖ—ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ਾਂ ਤੋਂ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਪੁਲਿਸ ਦੇ ਪੱਧਰ ਤੇ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਅਰਪਿਤ ਸ਼ੁਕਲਾ ਨੇ ਕਿਹਾ ਕਿ ਵੱਡੀ ਤਾਦਾਦ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਨੇੜਲੇ ਜਿ਼ਲਿ੍ਹਆਂ ਤੋਂ ਵੀ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਸੇਵਾਵਾਂ ਪ੍ਰ੍ਰਦਾਨ ਕਰਨਗੇ ਤੇ ਇਹ ਯਕੀਨੀ ਬਣਾਉਣਗੇ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਦੱਸਿਆ ਕਿ ਵਾਹਨਾਂ ਨੂੰ ਖੜ੍ਹਾਉਣ ਲਈ 22 ਪਾਰਕਿੰਗ ਸਥਾਨਾਂ ਨੂੰ ਨਿਰਧਾਰਤ ਕੀਤਾ ਗਿਆ ਹੈ ਅਤੇ ਮੁਫ਼ਤ ਬੱਸ ਤੇ ਈ ਰਿਕਸ਼ਾ ਸੁਵਿਧਾ ਵੀ ਸੰਗਤਾਂ ਨੂੰ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸਾਲ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਇੰਟੇਗਰੇਟਿਡ ਕੰਟਰੋਲ ਰੂਮ 24 ਘੰਟੇ ਸੇਵਾਵਾਂ ਪ੍ਰਦਾਨ ਕਰੇਗਾ।
ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਨੇ ਦੱਸਿਆ ਕਿ ਡਰੋਨਾਂ ਰਾਹੀਂ ਚੌਕਸੀ ਰੱਖੀ ਜਾਵੇਗੀ ਅਤੇ ਸ਼ਹੀਦੀ ਸਭਾ ਦੇ ਖੇਤਰ ਨੂੰ ਵੱਖ ਵੱਖ ਜ਼ੋਨਾਂ ਵਿੱਚ ਵੰਡ ਕਰਕੇ ਪੁਲਿਸ ਮੁਸਤੈਦੀ ਨਾਲ ਕਾਰਜਸ਼ੀਲ ਹੈ।ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਵੀਵੀਆਈਪੀ ਸਟਿੱਕਰ ਜਾਰੀ ਨਹੀਂ ਕੀਤੇ ਗਏ ਤਾਂ ਕਿ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਆਵੇ।ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਨਾਲੋ ਇਸ ਵਾਰ ਸੀਸੀਟੀਵੀ ਕੈਮਰਿਆਂ ਦੀ ਗਿਣਤੀ ਵਧਾ ਕੇ 300 ਕੀਤੀ ਗਈ ਹੈ ਅਤੇ ਭੀੜਭਾੜ ਵਾਲੇ ਇਲਾਕਿਆਂ ਵਿੱਚ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਧੁੰਦ ਦੇ ਮੌਸਮ ਕਾਰਨ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਪਿੱਛੇ ਰਿਫਲੈਕਟਰ ਲਗਾਏ ਜਾ ਰਹੇ ਹਨ ਤਾਂ ਜੋ ਸੜਕ ਦੁਰਘਟਨਾਵਾਂ ਤੋ਼ ਬਚਾਅ ਰਹੇ।
ਇਸ ਦੌਰਾਨ ਵਿਸੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਡੀ.ਆਈ.ਜੀ ਸ. ਨਾਨਕ ਸਿੰਘ ਤੇ ਐਸ.ਐਸ.ਪੀ ਸ਼੍ਰੀ ਸ਼ੁਭਮ ਅਗਰਵਾਲ ਦੀ ਮੌਜੂਦਗੀ ਵਿੱਚ ਸਮੂਹ ਐਸ.ਪੀਜ਼, ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ ਅਤੇ ਇਸ ਸਬੰਧੀ ਪੁਲਿਸ ਵੱਲੋਂ ਸੁਰੱਖਿਆ, ਆਵਾਜਾਈ ਤੇ ਪਾਰਕਿੰਗ ਸਬੰਧੀ ਯੋਜਨਾ ਬਾਰੇ ਜਾਇਜ਼ਾ ਲਿਆ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੂਰੀ ਤਨਦੇਹੀ, ਮਿਲਵਰਤਨ ਤੇ ਸੇਵਾ ਭਾਵਨਾ ਨਾਲ ਆਪਣੀ ਜਿੰਮੇਵਾਰੀ ਨਿਭਾਈ ਜਾਵੇ ਅਤੇ ਸੰਗਤਾਂ ਪ੍ਰਤੀ ਪੂਰਨ ਨਿਮਰਤਾ ਵਾਲਾ ਰਵੱਈਆ ਅਪਣਾਉਂਦੇ ਹੋਏ ਮਿਸਾਲ ਕਾਇਮ ਕੀਤੀ ਜਾਵੇ।