ਇਨਕਲਾਬੀ ਜਥੇਬੰਦੀਆਂ ਵੱਲੋਂ ਨਿੱਜੀਕਰਨ ਵਿਰੁੱਧ ਕਨਵੈਂਸ਼ਨ ਅਤੇ ਮੁਜ਼ਾਹਰਾ
ਅਸ਼ੋਕ ਵਰਮਾ
ਮੁੱਲਾਂਪੁਰ, 28 ਦਸੰਬਰ 2025:ਅੱਜ ਸਥਾਨਕ ਗੁਰਸ਼ਰਨ ਕਲਾ ਭਵਨ ਵਿਖੇ ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਪੰਜਾਬ ਦੇ ਸੱਦੇ ਉੱਤੇ ਵਿਸ਼ਾਲ ਕਨਵੈਂਸ਼ਨ ਕਰਨ ਉਪਰੰਤ ਸ਼ਹਿਰ ਅੰਦਰ ਮੁਜਾਹਰਾ ਕੀਤਾ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ, ਫੈਕਟਰੀ ਮਜਦੂਰਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕਨਵੈਂਸ਼ਨ ਵਿੱਚ ਕੇਂਦਰ ਹਕੂਮਤ ਵੱਲੋਂ ਪੇਸ਼ ਕੀਤੇ ਬਿਜਲੀ ਸੋਧ ਬਿਲ, ਨਵਾਂ ਬੀਜ ਬਿਲ ,ਕਿਰਤ ਸਬੰਧੀ ਚਾਰ ਕੋਡ ਪਾਸ ਕਰਨ ਅਤੇ ਕੇਂਦਰ ਹਕੂਮਤ ਦੀ ਨਿਜੀ ਕਰਨ ਦੀ ਨੀਤੀ ਦਾ ਜੋਰਦਾਰ ਵਿਰੋਧ ਕੀਤਾ ਗਿਆ ।ਇਸ ਕਨਵੈਂਸ਼ਨ ਨੂੰ ਲੋਕ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਮਾਸਟਰ ਜਗਮੇਲ ਸਿੰਘ, ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂ ਸੁਰਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪੈੑਸ ਸਕੱਤਰ ਅੰਗਰੇਜ ਸਿੰਘ ਅਤੇ ਲੋਕ ਮੋਰਚਾ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਨੇ ਸੰਬੋਧਨ ਕੀਤਾ ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਸਾਮਰਾਜੀ ਦੇਸ਼ਾਂ, ਬਹੁ ਰਾਸ਼ਟਰੀ ਕੰਪਨੀਆਂ ਅਤੇ ਭਾਰਤ ਦੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ਉੱਤੇ ਉਹਨਾਂ ਦੇ ਹਿਤਾਂ ਦੀ ਰਾਖੀ ਕਰਨ ਵਾਸਤੇ ਇਹ ਕਾਨੂੰਨ ਲਿਆ ਰਹੀ ਹੈ ਤਾਂ ਕਿ ਲੋਕਾਂ ਉੱਤੇ ਵੱਧ ਤੋਂ ਵੱਧ ਆਰਥਿਕ ਬੋਝ ਪਾ ਕੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਅਤੇ ਮੁਨਾਫਿਆਂ ਨੂੰ ਦੂਣ ਸਵਾਇਆ ਕੀਤਾ ਜਾਵੇ। ਇਹਨਾਂ ਆਗੂਆਂ ਨੇ ਮੋਦੀ ਹਕੂਮਤ ਵੱਲੋਂ ਸਾਮਰਾਜੀ ਦੇਸ਼ਾਂ ਨਾਲ ਕੀਤੇ ਜਾ ਰਹੇ ਖੁੱਲੇ ਵਪਾਰ ਦੇ ਸਮਝੌਤੇ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੇ ਕੁਦਰਤੀ ਸਰੋਤਾਂ ਨੂੰ ਕੌਡੀਆਂ ਦੇ ਭਾਅ ਲੁਟਾਉਣ ਅਤੇ ਵਾਤਾਵਰਨ ਦਾ ਸੱਤਿਆਨਾਸ ਕਰਨ ਵਾਲੀਆਂ ਅਖੌਤੀ ਵਿਕਾਸ ਦੀਆਂ ਨੀਤੀਆਂ ਦੀ ਜੋਰਦਾਰ ਨਿਖੇਧੀ ਕੀਤੀ। ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਦਬਾਉਣ ਖਾਸ ਕਰਕੇ ਆਦਿਵਾਸੀ ਖੇਤਰ ਦੇ ਲੋਕਾਂ ਉੱਤੇ ਅੰਧਾ ਧੁੰਦ ਜਬਰ ਕਰਨ, ਦੇਸ਼ ਦੀਆਂ ਜਮੀਨਾਂ ਨੂੰ ਸਸਤੇ ਭਾਅ 'ਤੇ ਹਥਿਆਉਣ ਅਤੇ ਮਨਰੇਗਾ ਕਾਨੂੰਨ ਨੂੰ ਸੋਧ ਕੇ ਪੇਂਡੂ ਗਰੀਬਾਂ ਦਾ ਰੁਜ਼ਗਾਰ ਦਾ ਹੱਕ ਖੋਹਣ ਅਤੇ ਕਿਰਤੀਆਂ ਸਬੰਧੀ ਬਣੇ ਕਨੂੰਨਾ ਨੂੰ ਸੋਧ ਕੇ ਚਾਰ ਕੋਡਾਂ ਵਿੱਚ ਬਦਲਣ ਦਾ ਫੈਸਲਾ ਕਰਕੇ ਉਹਨਾਂ ਦੇ ਜਮਹੂਰੀ ਹੱਕਾਂ 'ਤੇ ਡਾਕਾ ਮਾਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਹਨਾਂ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਨਿੱਜੀਕਰਨ ਦੀ ਨੀਤੀ ਮੁਕੰਮਲ ਤੌਰ ਉੱਤੇ ਰੱਦ ਕਰਨ, ਨਿੱਜੀਕਰਨ ਕੀਤੇ ਗਏ ਅਦਾਰਿਆਂ ਨੂੰ ਮੁੜ ਸਰਕਾਰੀ ਕੰਟਰੋਲ ਹੇਠ ਲੈਣ, ਸਾਮਰਾਜੀ ਅਤੇ ਭਾਰਤੀ ਵੱਡੇ ਕਾਰਪੋਰੇਟਾਂ ਦੀਆਂ ਕੰਪਨੀਆਂ ਨੂੰ ਲੁੱਟ ਦੀਆਂ ਖੁੱਲ੍ਹਾਂ ਦੇਣੀਆਂ ਬੰਦ ਕਰਨ, ਭਾਰਤੀ ਮੰਡੀ ਅਤੇ ਚੁਗਿਰਦੇ ਅੰਦਰ ਇਹਨਾਂ ਦਾ ਦਾਖ਼ਲਾ ਬੰਦ ਕਰਨ, ਲੋਕਾਂ ਦੀ ਲੁੱਟ ਦੇ ਸਿਰ ਤੇ ਇਕੱਠੀ ਕੀਤੀ ਇਹਨਾਂ ਦੀ ਪੂੰਜੀ ਜਬਤ ਕਰਨ, ਵੱਡੇ ਧਨਾਢਾਂ, ਕਾਰਪੋਰੇਟਾਂ ਅਤੇ ਵੱਡੇ ਭੋਂ ਮਾਲਕਾਂ ਉੱਤੇ ਭਾਰੀ ਟੈਕਸ ਲਾ ਕੇ ਸਰਕਾਰੀ ਅਦਾਰਿਆਂ ਲਈ ਪੂੰਜੀ ਜੁਟਾਉਣ, ਵੱਡੇ ਕਾਰਪੋਰੇਟਾਂ ਨੂੰ ਦਿੱਤੀਆਂ ਜਾਂਦੀਆਂ ਸਭ ਰਿਆਇਤਾਂ/ਛੋਟਾਂ ਰੱਦ ਕਰਕੇ ਲੋਕਾਂ ਨੂੰ ਵਧੇਰੇ ਸਹੂਲਤਾਂ ਦੇਣ, ਭਾਰਤ ਅਮਰੀਕਾ ਵਪਾਰ ਵਾਰਤਾ ਬੰਦ ਕਰਨ ਅਤੇ ਸਾਮਰਾਜੀਆਂ ਨਾਲ ਕੀਤੇ ਸਭ ਸਮਝੌਤੇ ਸੰਧੀਆਂ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ।
ਆਗੂਆਂ ਨੇ ਅਜਿਹਾ ਕਰਨ ਲਈ ਲੋਕਾਂ ਨੂੰ ਬੁਰਜੂਆ ਪਾਰਲੀਮੈਂਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਇਨਕਲਾਬੀ ਜਥੇਬੰਦੀਆਂ ਵੱਲੋਂ ਨਵਾਂ ਸਮਾਜ ਸਿਰਜਣ ਦੇ ਸੰਘਰਸ਼ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਕਨਵੈਂਸ਼ਨ ਵਿੱਚ ਜੇਲਾਂ ਦੇ ਵਿੱਚ ਡੱਕੇ ਬੁੱਧੀਜੀਵੀਆਂ, ਪੱਤਰਕਾਰਾਂ, ਸਮਾਜਿਕ ਕਾਰਕੁਨਾਂ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਉਲਝਾਉਣ ਅਤੇ ਕਾਲੇ ਕਾਨੂੰਨਾਂ ਤਹਿਤ ਜੇਲਾਂ ਵਿੱਚ ਡੱਕਣ ਦਾ ਵਿਰੋਧ ਕਰਦਿਆਂ ਇਹਨਾਂ ਆਗੂਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ। ਕਨਵੈਂਸ਼ਨ ਦੁਆਰਾ ਪਾਸ ਕੀਤੇ ਮਤੇ ਚ ਮੰਗ ਕੀਤੀ ਗਈ ਕਿ ਦੇਸ਼ ਅੰਦਰ ਫਿਰਕਾ ਪ੍ਰਸਤੀ ਭੜਕਾ ਕੇ ਧਾਰਮਿਕ ਵੰਡੀਆਂ ਪਾਉਣਾ ਅਤੇ ਧਾਰਮਿਕ ਘੱਟ ਗਿਣਤੀਆਂ ਉੱਤੇ ਜਬਰ ਬੰਦ ਕੀਤਾ ਜਾਵੇ। ਸਟੇਜ ਸਕੱਤਰ ਦੇ ਭੂਮਿਕਾ ਜਸਵੰਤ ਜੀਰਖ ਤਰਕ ਜੀ ਨੇ ਬਾਖ਼ੂਬੀ ਨਿਭਾਈ ਅਤੇ ਕਸਤੂਰੀ ਲਾਲ, ਲਖਨਪਾਲ ਅਤੇ ਰਮਤਾ ਨੇ ਇਨਕਲਾਬੀ ਗੀਤ ਪੇਸ਼ ਕੀਤੇ।