ਰੂਪਨਗਰ: ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਡਿਪਟੀ ਕਮਿਸ਼ਨਰ ਨੇ ਮੁਬਾਰਕਬਾਦ ਦਿੰਦਿਆ ਕਰਮਚਾਰੀਆਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਅਪੀਲ
ਰੂਪਨਗਰ, 01 ਜਨਵਰੀ: ਨਵੇਂ ਵਰ੍ਹੇ 2026 ਦੀ ਆਮਦ ਦੇ ਮੌਕੇ ‘ਤੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੰਗਲਵਾਰ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਸ਼੍ਰੀ ਅਭਿਮੰਨਿਊ ਮਲਿਕ, ਐਸਪੀ ਸ਼੍ਰੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐੱਸ.ਡੀ.ਐਮ. ਰੂਪਨਗਰ ਸ. ਬਲਜਿੰਦਰ ਸਿੰਘ, ਐੱਸ.ਡੀ.ਐਮ. ਨੰਗਲ ਸ੍ਰੀ ਸਚਿਨ ਪਾਠਕ ਅਤੇ ਐੱਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਆਮਦ ਮੌਕੇ ਮੁਬਾਰਕਬਾਦ ਦਿੰਦਿਆਂ ਸਭ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਤੇ ਆਮ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਯਤਨਸ਼ੀਲ ਹੋਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਗੁਰਬਾਣੀ ਦਾ ਓਟ ਆਸਰਾ ਲੈਣਾ ਚੰਗੀ ਪਿਰਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ ਸਾਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਸੱਚੇ ਦਿਲੋਂ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ।
ਇਸ ਮੌਕੇ ਰਾਗੀ ਸਿੰਘਾਂ ਵੱਲੋਂ ਗੁਰੂ ਜਸ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ਤੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਿਆ।