ਰੂਪਨਗਰ: ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਪੀਸੀਪੀਐਨਡੀਟੀ ਦੀ ਹੋਈ ਮਹੱਤਵਪੂਰਨ ਮੀਟਿੰਗ
ਮਨਪ੍ਰੀਤ ਸਿੰਘ
ਰੂਪਨਗਰ, 07 ਜਨਵਰੀ:
ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਪੀਸੀਪੀਐਨਡੀਟੀ ਦੀ ਮਹੱਤਵਪੂਰਨ ਮੀਟਿੰਗ ਅੱਜ ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿੱਚ ਆਯੋਜਿਤ ਕੀਤੀ ਗਈ।
ਇਸ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਪੀਸੀਪੀਐਨਡੀਟੀ ਐਕਟ ਨੂੰ ਸੁਚਾਰੂ ਲਾਗੂ ਕਰਨ, ਗੈਰ ਕਾਨੂੰਨੀ ਲਿੰਗ ਨਿਰਧਾਰਣ ਦੀ ਰੋਕਥਾਮ, ਬੇਟੀ ਬਚਾਓ–ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਵਧਾਉਣ ਲਈ ਅਤੇ ਧੀਆਂ ਦੇ ਲੋਹੜੀ ਮਨਾਉਣ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਹੋਰ ਸਬੰਧਿਤ ਸਟੇਕਹੋਲਡਰਾਂ ਨੇ ਹਾਜ਼ਰੀ ਭਰੀ।
ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਨਿਯਮਾਂ ਅਧੀਨ ਲਿੰਗ ਨਿਰਧਾਰਣ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ ਅਤੇ ਇਸ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਨੂੰ ਕਿਸੇ ਵੀ ਸਥਿਤੀ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਰਜਿਸਟਰਡ ਅਲਟਰਾਸਾਊਂਡ ਕੇਂਦਰਾਂ ਦੀ ਨਿਯਮਿਤ ਮਾਨੀਟਰਿੰਗ ਕੀਤੀ ਜਾ ਰਹੀ ਹੈ।
ਮੀਟਿੰਗ ਦੌਰਾਨ ਪੀਸੀਪੀਐਨਡੀਟੀ ਐਕਟ ਅਧੀਨ ਰੱਖੇ ਗਏ ਰਿਕਾਰਡਾਂ ਦੀ ਜਾਂਚ, ਫਾਰਮ-ਐੱਫ਼ ਦੇ ਸੁਚਾਰੂ ਅਤੇ ਸਹੀ ਭਰਨ ਅਤੇ ਕੇਂਦਰਾਂ ਦੀ ਰਜਿਸਟ੍ਰੇਸ਼ਨ ਨਵੀਂ ਕਰਨ ਸਬੰਧੀ ਮਹੱਤਵਪੂਰਨ ਫੈਸਲੇ ਲਏ ਗਏ। ਕਮੇਟੀ ਨੇ ਇਹ ਵੀ ਨਿਰਧਾਰਤ ਕੀਤਾ ਕਿ ਜਿਨ੍ਹਾਂ ਕੇਂਦਰਾਂ ਵੱਲੋਂ ਐਕਟ ਦੀ ਉਲੰਘਣਾ ਕੀਤੀ ਜਾਵੇਗੀ, ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਸਿਹਤ ਵਿਭਾਗ ਦੁਆਰਾ ਵੱਖ-ਵੱਖ ਜਾਗਰੂਕਤਾ ਅਤੇ ਨਿਗਰਾਨੀ ਕਦਮ ਲਗਾਤਾਰ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ 'ਗਰਭ ਅਵਸਥਾ ਵਿੱਚ ਲੜਕੀਆਂ ਦੀ ਸੁਰੱਖਿਆ' ਨੂੰ ਹਰ ਹਾਲਤ ਵਿੱਚ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਕਿ ਹਰ ਪੱਧਰ 'ਤੇ ਸਹਿਯੋਗ ਨਾਲ ਕੰਮ ਕਰਕੇ ਹੀ ਸਮਾਜ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਅਨੁਪਾਤ ਵਿਚਕਾਰ ਸੰਤੁਲਨ ਲਿਆਂਦਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਇਨਸਪੈਕਸ਼ਨ ਡਰਾਈਵਾਂ ਦੀ ਰਿਪੋਰਟ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਤਾਜ਼ਾ ਚੈਕਿੰਗ ਦੇ ਨਤੀਜੇ ਅਤੇ ਭਵਿੱਖ ਲਈ ਯੋਜਨਾਵਾਂ ਦੇ ਬਾਰੇ ਜਾਣਕਾਰੀ ਦਿੱਤੀ ਗਈ। ਕਮੇਟੀ ਨੇ ਤੈਅ ਕੀਤਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਹੋਰ ਜਿਆਦਾ ਨਿਗਰਾਨੀ ਕੀਤੀ ਜਾਵੇਗੀ ਅਤੇ ਵੱਖ-ਵੱਖ ਸਕੂਲਾਂ ਵਿੱਚ ਵੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਜਨਤਾ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਸਿਹਤ ਵਿਭਾਗ ਨੂੰ ਦੇਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਸਹਿਯੋਗ ਨਾਲ ਰੂਪਨਗਰ ਜ਼ਿਲ੍ਹਾ ਲਿੰਗ ਅਨੁਪਾਤ ਸੁਧਾਰ ਵਿੱਚ ਇੱਕ ਮਿਸਾਲ ਕਾਇਮ ਕਰੇਗਾ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਔਰਤਾਂ ਦੇ ਰੋਗਾਂ ਦੇ ਮਾਹਰ ਡਾ. ਜਸਪ੍ਰੀਤ ਕੌਰ ਤੇ ਡਾ. ਨੀਰਜ, ਬੱਚਿਆਂ ਦੇ ਰੋਗਾਂ ਦੇ ਮਾਹਰ ਡਾ. ਗੁਰਸੇਵਕ ਸਿੰਘ ਗਿੱਲ, ਡਾ. ਪੁਨੀਤ ਸੈਣੀ, ਰੋਟਰੀ ਕਲੱਬ ਸੈਂਟਰਲ ਤੋਂ ਸ. ਅਜਮੇਰ ਸਿੰਘ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਤੋਂ ਮੈਡਮ ਕਮਲਜੀਤ, ਮਾਸ ਮੀਡੀਆ ਅਫਸਰ ਸ਼੍ਰੀਮਤੀ ਗੁਰਮੀਤ ਕੌਰ, ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਪੀਐਨਡੀਟੀ ਅਸਿਸਟੈਂਟ ਖੁਸ਼ਹਾਲ ਹਾਜਰ ਸਨ।