Holiday Breaking: ਸਕੂਲਾਂ 'ਚ ਛੁੱਟੀਆਂ ਹੋਰ ਵਧੀਆਂ
ਹੁਣ 17 ਜਨਵਰੀ ਤੱਕ ਬੰਦ ਰਹਿਣਗੇ ਸਕੂਲ
ਚੰਡੀਗੜ੍ਹ 13 ਜਨਵਰੀ 2026: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਨੂੰ ਹੁਣ 17 ਜਨਵਰੀ 2026 ਤੱਕ ਵਧਾ ਦਿੱਤਾ ਗਿਆ ਹੈ।
ਸਿੱਖਿਆ ਵਿਭਾਗ ਦੇ ਤਾਜ਼ਾ ਹੁਕਮਾਂ ਅਨੁਸਾਰ ਹੁਣ ਸਕੂਲ 19 ਜਨਵਰੀ ਖੁੱਲ੍ਹਣਗੇ, ਕਿਉਂਕਿ 18 ਜਨਵਰੀ ਨੂੰ ਐਤਵਾਰ ਹੈ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ ਅਤੇ 14 ਜਨਵਰੀ ਨੂੰ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਸਨ।
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਆਈ ਭਾਰੀ ਗਿਰਾਵਟ ਅਤੇ ਸੰਘਣੀ ਧੁੰਦ ਕਾਰਨ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਹੋਣ ਵਾਲੀ ਦਿੱਕਤ ਨੂੰ ਮੁੱਖ ਰੱਖਦਿਆਂ ਇਹ ਵਾਧਾ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।