ਜਲ ਸ਼ਕਤੀ ਅਭਿਆਨ ਦੀ ਕੇਂਦਰੀ ਟੀਮ ਨੇ 'ਜਲ ਸੰਚੇ ਜਨ ਭਾਗੀਦਾਰੀ' ਸਬੰਧੀ ਕੀਤੀ ਮੀਟਿੰਗ
ਅਸ਼ੋਕ ਵਰਮਾ
ਬਰਨਾਲਾ, 16 ਜਨਵਰੀ 2026: ਜਲ ਸ਼ਕਤੀ ਅਭਿਆਨ 2026' ਤਹਿਤ ਪਾਣੀ ਬਚਾਓ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ੍ਰੀ ਅਮਿਤ ਬੈਂਬੀ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਵਿਚ ਤਕਨੀਕੀ ਸਹਾਇਤਾ ਲਈ ਕੇਂਦਰੀ ਨੌਡਲ ਅਫ਼ਸਰ ਸ੍ਰੀ ਰਿਸ਼ੀ ਰਾਜ ਨੂੰ ਨਿਯੁਕਤ ਕੀਤਾ ਗਿਆ ਹੈ।
ਇਸ ਮੀਟਿੰਗ ਵਿਚ ਮੁੱਖ ਤੌਰ 'ਤੇ 'ਜਲ ਸੰਚੇ ਜਨ ਭਾਗੀਦਾਰੀ' ਅਤੇ ਮਗਨਰੇਗਾ ਸਕੀਮ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਲਈ ਤਕਨੀਕੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਚ 100 ਦੇ ਕਰੀਬ ਮੀਂਹ ਦੇ ਪਾਣੀ ਦੀ ਸੰਭਾਲ ਸਬੰਧੀ ਰੇਨ ਵਾਟਰ ਹਾਰਵੈਸਟਿੰਗ ਸਟਰਕਚਰ ਬਣਾਏ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ 'ਚ ਸੋਕ ਪਿੱਟ ਬਣਾਉਣ ਦਾ ਕੰਮ ਕੀਤਾ ਜਾਵੇਗਾ ਤਾਂ ਜੋ ਰਸੋਈ ਦੇ ਪਾਣੀ ਨੂੰ ਸਾਫ ਕਰਕੇ ਧਰਤੀ ਹੇਠਾਂ ਪਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਾਲ ਦੌਰਾਨ 125 ਛੱਪੜਾਂ ਦੀ ਸਫਾਈ ਕੀਤੀ ਗਈ ਹੈ ਅਤੇ ਹੋਰਨਾਂ ਛੱਪੜਾਂ ਦੀ ਸਫਾਈ ਸਬੰਧੀ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਕੇਂਦਰੀ ਭੂਮੀ ਜਲ ਬੋਰਡ ਚੰਡੀਗੜ੍ਹ ਤੋਂ ਕੇਂਦਰੀ ਨੋਡਲ ਅਫ਼ਸਰ ਸ਼੍ਰੀ ਰਿਸ਼ੀ ਰਾਜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਪਾਣੀ ਦੀ ਸੰਭਾਲ ਲਈ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਮਗਨਰੇਗਾ ਤਹਿਤ ਹੋਣ ਵਾਲੇ ਜਲ ਸੰਭਾਲ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਵਿਭਾਗਾਂ ਨੂੰ ਕੇਂਦਰੀ ਟੀਮ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।