ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਨਿਜ਼ਾਮੂਦੀਨ ਵਿਖੇ ਮਹਾਨ ਕੀਰਤਨ ਸਮਾਗਮ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 16 ਜਨਵਰੀ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਧਾਰਮਿਕ ਤੇ ਸੱਭਿਆਚਾਰਕ ਖੇਤਰ ਵਿੱਚ ਸਰਗਰਮ ਸੁਰ ਸੰਗਮ ਪਰਿਵਾਰ ਵੱਲੋਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ, ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਅਤੇ ਆਲੌਕਿਕ ਮਹਾਨ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਰੂਹਾਨੀ ਸਮਾਗਮ 17 ਜਨਵਰੀ 2026, ਦਿਨ ਸ਼ਨੀਵਾਰ ਨੂੰ ਗੁਰਦੁਆਰਾ ਦਮਦਮਾ ਸਾਹਿਬ, ਨਿਜ਼ਾਮੂਦੀਨ, ਨਵੀਂ ਦਿੱਲੀ ਵਿਖੇ ਦੋ ਸੈਸ਼ਨਾਂ ਵਿੱਚ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਹ ਰੂਹਾਨੀ ਸਮਾਗਮ ਸਵੇਰੇ ਸਮਾਂ 6:15 ਵਜੇ ਤੋਂ 8:00 ਵਜੇ ਤੱਕ ਅਤੇ ਸ਼ਾਮ ਦਾ ਸਮਾਂ 5:45 ਵਜੇ ਤੋਂ ਰਾਤ 11:45 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਸਮਾਗਮ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਅਤੇ ਆਸ-ਪਾਸ ਇਲਾਕਿਆਂ ਵਿੱਚ ਦੀ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਪਾਵਨ ਅਵਸਰ ‘ਤੇ ਆਪਣੇ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਸਮਾਗਮ ਦੀ ਸ਼ੋਭਾ ਵਧਾਉਣ।