ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ – ਡਾ. ਬਲਜੀਤ ਕੌਰ
ਜ਼ਿਲ੍ਹਾ ਪੱਧਰੀ ਕੈਂਪਾਂ ਲਈ 786 ਲੱਖ ਰੁਪਏ ਮਨਜ਼ੂਰ, ਬਜ਼ੁਰਗਾਂ ਦੀ ਸਿਹਤ, ਭਲਾਈ ਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਈ ਜਾਵੇਗੀ – ਡਾ. ਬਲਜੀਤ ਕੌਰ
2 ਤੋਂ 18 ਫਰਵਰੀ ਤੱਕ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਲੱਗਣਗੇ ਕੈਂਪ – ਡਾ. ਬਲਜੀਤ ਕੌਰ
ਪੰਜਾਬ ਵਿੱਚ 23 ਲੱਖ ਤੋਂ ਵੱਧ ਬਜ਼ੁਰਗ ਪੈਨਸ਼ਨ ਦਾ ਲਾਭ ਲੈ ਰਹੇ, 2025-26 ਦੇ ਬਜਟ ਵਿੱਚ 4,100 ਕਰੋੜ ਰੁਪਏ ਦਾ ਪ੍ਰਬੰਧ – ਡਾ. ਬਲਜੀਤ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ 2026:
ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਤੋਂ ਰਾਜ ਸਰਕਾਰ ਦੀ ਪ੍ਰਮੁੱਖ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਵੈਮਾਣ, ਸੁਰੱਖਿਆ ਅਤੇ ਸਮਾਜਿਕ ਸੰਭਾਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ,
“ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸਨਮਾਨਯੋਗ ਅਤੇ ਸੁਰੱਖਿਅਤ ਜੀਵਨ ਮੁਹੱਈਆ ਕਰਵਾਉਣ ਲਈ ਦ੍ਰਿੜ ਹੈ। ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਗੇੜ ਤਹਿਤ 786 ਲੱਖ ਰੁਪਏ ਦੀ ਰਕਮ ਜ਼ਿਲ੍ਹਾ ਪੱਧਰੀ ਕੈਂਪਾਂ ਲਈ ਰੱਖੀ ਗਈ ਹੈ, ਤਾਂ ਜੋ ਬਜ਼ੁਰਗਾਂ ਨੂੰ ਘਰ ਦੇ ਨਜ਼ਦੀਕ ਸੇਵਾਵਾਂ ਦਿੱਤੀਆਂ ਜਾ ਸਕਣ।”
ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ, ਜੋ 2023 ਵਿੱਚ ਸ਼ੁਰੂ ਕੀਤਾ ਗਿਆ ਸੀ, 20,210 ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਹੋਈ। ਉਨ੍ਹਾਂ ਕਿਹਾ ਕਿ ਇਹ ਵੱਡੀ ਭਾਗੀਦਾਰੀ ਸਰਕਾਰ ਦੀਆਂ ਭਲਾਈ ਯੋਜਨਾਵਾਂ ’ਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਦੂਜੇ ਗੇੜ ਤਹਿਤ 2 ਤੋਂ 18 ਫਰਵਰੀ ਤੱਕ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੈਂਪ ਲਗਾਏ ਜਾਣਗੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਅੱਖਾਂ ਦੀ ਜਾਂਚ, ਮੋਤੀਆਬਿੰਦ ਜਾਂਚ, ਕੰਨ-ਨੱਕ-ਗਲੇ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਦੀ ਸੇਵਾ, ਗੈਰ-ਸੰਚਾਰੀ ਬਿਮਾਰੀਆਂ ਅਤੇ ਡਿਮੈਂਸ਼ੀਆ ਦੀ ਸਕ੍ਰੀਨਿੰਗ, ਹੋਮਿਓਪੈਥੀ ਅਤੇ ਆਯੁਰਵੇਦਿਕ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਨਾਲ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ ਤੁਰੰਤ ਅਰਜ਼ੀਆਂ, ਸੀਨੀਅਰ ਸਿਟੀਜ਼ਨ ਕਾਰਡ ਅਤੇ ਐਲਿਮਕੋ ਕਾਰਡ ਵੀ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਸ਼ਟਰੀ ਵਯੋਸ਼੍ਰੀ ਯੋਜਨਾ ਅਤੇ ਮਾਪਿਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਾਨੂੰਨ, 2007 ਬਾਰੇ ਜਾਣਕਾਰੀ ਅਤੇ ਕਾਨੂੰਨੀ ਜਾਗਰੂਕਤਾ ਵੀ ਇਨ੍ਹਾਂ ਕੈਂਪਾਂ ਦਾ ਹਿੱਸਾ ਹੈ। ਲੋੜਵੰਦ ਬਜ਼ੁਰਗਾਂ ਨੂੰ ਨੇੜੇ ਦੀਆਂ ਐਨਕਾਂ, ਸੁਣਨ ਯੰਤਰ, ਤੁਰਨ ਚ ਸਹਾਇਕ ਸਾਧਨ, ਵੀਲਚੇਅਰ ਆਦਿ ਸਹਾਇਕ ਉਪਕਰਨ ਤੁਰੰਤ ਦਿੱਤੇ ਜਾ ਰਹੇ ਹਨ। ਬਜ਼ੁਰਗਾਂ ਦੀ ਸਹਾਇਤਾ ਲਈ ਟੋਲ ਫ੍ਰੀ ਹੈਲਪਲਾਈਨ 14567 ਵੀ ਚੱਲ ਰਹੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ 23.33 ਲੱਖ ਤੋਂ ਵੱਧ ਬਜ਼ੁਰਗ ਮਹੀਨਾਵਾਰ ਪੈਨਸ਼ਨ ਦਾ ਲਾਭ ਲੈ ਰਹੇ ਹਨ ਅਤੇ 2025-26 ਦੇ ਬਜਟ ਵਿੱਚ ਪੈਨਸ਼ਨ ਯੋਜਨਾਵਾਂ ਲਈ 4,100 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਵਿਕਾਸ ਪ੍ਰਤਾਪ ਨੇ ਜਾਣਕਾਰੀ ਦਿੱਤੀ ਕਿ ਬੁਢਾਪਾ ਪੈਨਸ਼ਨ ਦਸੰਬਰ 2025 ਤੱਕ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਤਪਾ (ਬਰਨਾਲਾ) ਅਤੇ ਮਾਨਸਾ ਵਿੱਚ ਬੁਜ਼ੁਰਗਾਂ ਲਈ ਬਿਰਧ ਆਸ਼ਰਮ ਸਥਾਪਿਤ ਕੀਤੇ ਗਏ ਹਨ ਅਤੇ ਐਨ ਜੀ ਓਜ਼ ਵੱਲੋਂ ਚਲਾਏ ਜਾ ਰਹੇ ਬਿਰਧ ਆਸ਼ਰਮਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਸਮਾਗਮ ਨੂੰ ਸੰਬੋਧਨ ਕਰਦਿਆਂ ਬਜ਼ੁਰਗਾਂ ਦੀ ਭਲਾਈ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਕਲਿਆਣ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਵਿਮੀ ਭੁੱਲਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੁਹਿੰਮ ਦੇ ਦੂਜੇ ਗੇੜ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ’ਤੇ ਪੰਜਾਬ ਰਾਜ ਇਸਤਰੀ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜੁਆਇੰਟ ਸਕੱਤਰ ਸਮਾਜਿਕ ਸੁਰੱਖਿਆ ਆਨੰਦ ਸਾਗਰ, ਏ ਡੀ ਸੀ (ਵਿਕਾਸ) ਸੋਨਮ ਚੌਧਰੀ ਅਤੇ ਐਸ ਡੀ ਐਮ ਦਮਨਦੀਪ ਕੌਰ ਵੀ ਮੌਜੂਦ ਸਨ।
ਇਸ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਜ਼ੁਰਗਾਂ ਨੂੰ ਸਨਮਾਨ ਭੇਟ ਕਰਦੇ ਹੋਏ ਦਰਸਾਉਂਦਾ, ਰਾਸ਼ਟਰੀ ਪੁਰਸਕਾਰ ਪ੍ਰਾਪਤ ਕਲਾਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਬਣਾਇਆ ਗਿਆ ਪੋਰਟ੍ਰੇਟ ਵੀ ਮੰਤਰੀ ਵੱਲੋਂ ਉਦਘਾਟਨ ਕੀਤਾ ਗਿਆ।
ਸਭਿਆਚਾਰਕ ਪੇਸ਼ਕਾਰੀਆਂ ਤਹਿਤ ਉਤਸਵ ਕਲਾ ਮੰਚ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਨੁੱਕੜ ਨਾਟਕ ਅਤੇ ਮਾਲਵਾ ਆਰਟ ਐਂਡ ਕਲਚਰਲ ਸੋਸਾਇਟੀ, ਮੋਹਾਲੀ ਦੀ ਬਜ਼ੁਰਗਾਂ ਤੇ ਅਧਾਰਿਤ ਟੀਮ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ, ਜਿਸ ਨਾਲ ਬਜ਼ੁਰਗਾਂ ਲਈ ਸਤਿਕਾਰ ਅਤੇ ਸੰਭਾਲ ਦਾ ਸੰਦੇਸ਼ ਹੋਰ ਮਜ਼ਬੂਤ ਹੋਇਆ।