ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ ਨਵੀਆਂ ਤਕਨੀਕਾਂ ਅਪਣਾਈਆਂ ਜਾਣ : ਮੋਹਿੰਦਰ ਭਗਤ
ਕੈਬਨਿਟ ਮੰਤਰੀ ਵੱਲੋਂ ਨਵੀਂ ਅਨਾਜ ਮੰਡੀ ਵਿਖੇ ਮਸ਼ੀਨੈਕਸ-2026 ਐਕਸਪੋ ਦਾ ਦੌਰਾ
ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਣ ਨੂੰ ਛੱਡਣ ਦਾ ਦਿੱਤਾ ਸੱਦਾ
ਜਲੰਧਰ, 17 ਜਨਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਸਾਨਾਂ ਨੂੰ ਸੂਬੇ ਦੀ ਸਮਾਜਿਕ ਤੇ ਆਰਥਿਕ ਪ੍ਰਗਤੀ ਨੂੰ ਹੋਰ ਹੁਲਾਰਾ ਦੇਣ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ । ਕੈਬਨਿਟ ਮੰਤਰੀ ਅੱਜ ਨਵੀਂ ਦਾਣਾ ਮੰਡੀ, ਜਲੰਧਰ ਵਿਖੇ ਮਸ਼ੀਨੈਕਸ-2026 ਪ੍ਰਦਰਸ਼ਨੀ ਦਾ ਦੌਰਾ ਕਰ ਰਹੇ ਸਨ, ਜਿਥੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਸਬੰਧੀ ਨਵੀਨਤਮ ਮਸ਼ੀਨਰੀ ਪ੍ਰਦਰਸ਼ਿਤ ਕੀਤੀ ਗਈ ਸੀ।
ਮੋਹਿੰਦਰ ਭਗਤ ਨੇ ਸੂਬੇ ਦੀ ਆਰਥਿਕਤਾ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਕਿਸਾਨਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਉਨ੍ਹਾਂ ਖੇਤੀ ਦੀਆਂ ਨਵੀਨਤਮ ਤਕਨੀਕਾਂ ਰਾਹੀਂ ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਉਣ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਭਰੋਸਾ ਦੁਆਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੀ ਖੇਤੀ ਆਰਥਿਕਤਾ ਦੀ ਹਰ ਸੰਭਵ ਮਦਦ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਨਵੀਆਂ ਪਹਿਲਕਦਮੀਆਂ ਸ਼ੁਰੂ ਕਰਨ ਵਿੱਚ ਸਹਾਇਤਾ ਲਈ ਸਰਗਰਮੀ ਨਾਲ ਸ਼ਿਰਕਤ ਕਰਨ ਅਤੇ ਵੱਡਮੁੱਲੇ ਸੁਝਾਅ ਦੇਣ ਲਈ ਉਤਸ਼ਾਹਿਤ ਕੀਤਾ।
ਉਨ੍ਹਾਂ ਕਿਹਾ ਸਰਕਾਰ ਵਲੋਂ ਪਹਿਲਾਂ ਤੋਂ ਹੀ ਆਧੁਨਿਕ ਖੇਤੀ ਮਸ਼ੀਨਰੀ, ਉੱਤਮ ਬੀਜ, ਨਵੀਆਂ ਤਕਨੀਕਾਂ, ਮੌਸਮ ਦੀ ਜਾਣਕਾਰੀ ਅਤੇ ਕੀਟਨਾਸ਼ਕਾਂ ਦੀ ਵਰਤੋਂ ਵਿੱਚ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਵੀ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨੀ ਵਿੱਚ ਦਿਖਾਈਆਂ ਜਾ ਰਹੀਆਂ ਆਧੁਨਿਕ ਮਸ਼ੀਨਾਂ ਖੇਤੀ ਲਾਗਤਾਂ ਨੂੰ ਘੱਟ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਦਦਗਾਰ ਸਿੱਧ ਹੋਣਗੀਆਂ। ਉਨ੍ਹਾਂ ਕਿਸਾਨਾਂ ਨੂੰ ਇਸ ਨੇਕ ਕਾਜ ਵਿੱਚ ਪੰਜਾਬ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਸੱਦਾ ਵੀ ਦਿੱਤਾ।
ਉਨ੍ਹਾਂ ਸਮੁੱਚੀ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ ਕੀਤੇ ਗਏ ਸਾਰੇ ਖੇਤੀ ਉਤਪਾਦਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਖੇਤੀ ਨੂੰ ਲਾਹੇਵੰਦ ਤੇ ਵਾਤਾਵਰਣ ਨੂੰ ਬਚਾਉਣ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਵੀ ਕੀਤੀ ਗਈ।