ਡਾ . ਬਲਬੀਰ ਸਿੰਘ ਵੱਲੋਂ 13 ਲੋੜਵੰਦ ਪਰਿਵਾਰਾਂ ਨੂੰ 10 ਲੱਖ ਦੀ ਮਾਲੀ ਸਹਾਇਤਾ
*“ਹਰ ਗ਼ਰੀਬ ਦੇ ਸਿਰ ‘ਤੇ ਛੱਤ” ਵਾਅਦਾ ਨਹੀਂ, ਸਰਕਾਰ ਦੀ ਨੀਅਤ : ਡਾ. ਬਲਬੀਰ ਸਿੰਘ*
*ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਗ਼ਰੀਬਾਂ ਲਈ ਅਹਿਮ ਉਪਰਾਲੇ*
ਪਟਿਆਲਾ 18 ਜਨਵਰੀ:
ਪੰਜਾਬ ਸਰਕਾਰ ਵੱਲੋਂ ਗ਼ਰੀਬ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੀ ਕੜੀ ਤਹਿਤ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਖੇਤਰ ਵਿੱਚ 13 ਲੋੜਵੰਦ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ “ਹਰ ਗ਼ਰੀਬ ਦੇ ਸਿਰ ‘ਤੇ ਛੱਤ” ਸਿਰਫ਼ ਇੱਕ ਵਾਅਦਾ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੱਕੀ ਨੀਅਤ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਤੀਕ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਗ਼ਰੀਬ ਪਰਿਵਾਰਾਂ ਲਈ ਪੱਕਾ ਘਰ ਸਿਰਫ਼ ਇੱਟਾਂ ਅਤੇ ਸੀਮਿੰਟ ਨਾਲ ਬਣੀ ਇਕ ਇਮਾਰਤ ਨਹੀਂ ਹੁੰਦੀ, ਸਗੋਂ ਇਹ ਸੁਰੱਖਿਆ, ਸਨਮਾਨ ਅਤੇ ਸੁਖਦ ਭਵਿੱਖ ਦੀ ਨੀਂਹ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਸੂਬੇ ਦਾ ਕੋਈ ਵੀ ਗ਼ਰੀਬ ਪਰਿਵਾਰ ਬਿਨਾਂ ਛੱਤ ਦੇ ਨਾ ਰਹੇ। ਇਸ ਦਿਸ਼ਾ ਵਿੱਚ ਸਰਕਾਰ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਸਿੱਧੀ ਮਦਦ ਪਹੁੰਚਾਈ ਜਾ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਅਹਿਮ ਕਦਮ ਚੁੱਕੇ ਹਨ। ਗ਼ਰੀਬਾਂ ਲਈ ਘਰ ਮੁਹੱਈਆ ਕਰਵਾਉਣਾ ਇਸੇ ਸੋਚ ਦਾ ਅਹਿਮ ਹਿੱਸਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਮੁਹਿੰਮ ਕਿਸੇ ਇੱਕ ਖੇਤਰ ਜਾਂ ਕੁਝ ਪਰਿਵਾਰਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਸੂਬੇ ਭਰ ਵਿੱਚ ਇਸਨੂੰ ਹੋਰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ।
ਡਾ. ਬਲਬੀਰ ਸਿੰਘ ਨੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਚੁੱਕਾ ਹੈ। ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਕਾਰਨ ਸਰਕਾਰ ਦੀ ਹਰ ਯੋਜਨਾ ਦਾ ਕੇਂਦਰ ਆਮ ਨਾਗਰਿਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰ ਪੱਖੋਂ ਮਜ਼ਬੂਤ, ਖੁਸ਼ਹਾਲ ਅਤੇ ਰੰਗਲਾ ਬਣਾਉਣ ਦਾ ਸਫ਼ਰ ਲਗਾਤਾਰ ਜਾਰੀ ਹੈ।
ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਉਨ੍ਹਾਂ ਦਾ ਸਾਲਾਂ ਪੁਰਾਣਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਦੇ ਇਹ ਉਪਰਾਲੇ ਗ਼ਰੀਬ ਵਰਗ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲਿਆਉਣਗੇ।