ਪੰਜਾਬ 'ਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਰਜਿਸਟ੍ਰੇਸ਼ਨ ਮੁਹਿੰਮ ਤੇਜ਼; 10 ਲੱਖ ਤੱਕ ਦੇ ਮੁਫ਼ਤ ਇਲਾਜ ਲਈ ਲੱਗ ਰਹੇ ਨੇ ਕੈਂਪ
ਤੀਜੇ ਦਿਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜਪੁਰਾ ਵਿਖੇ ਅਤੇ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਅਗਵਾਈ
ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ
ਗਰੀਬ ਪਰਿਵਾਰ ਨਿੱਜੀ ਹਸਪਤਾਲਾਂ ਵਿੱਚ ਵੀ ਲੈ ਸਕਣਗੇ ਮੁਫ਼ਤ ਇਲਾਜ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 25 ਜਨਵਰੀ 2026:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜਪੁਰਾ (ਪਟਿਆਲਾ) ਦੇ ਸਿਵਲ ਹਸਪਤਾਲ ਵਿਖੇ ਅਤੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਪੱਟੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਸ ਕਾਰਡ ਦੇ ਜ਼ਰੀਏ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।
ਕੈਬਨਿਟ ਮੰਤਰੀ ਸ. ਭੁੱਲਰ ਨੇ ਅੱਗੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਵੇਗਾ।