“ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਨਾਅਰੇ ਨਾਲ ਪਿੰਡ ਪੁਰਖਾਲੀ ਵਿੱਚ 77ਵਾਂ ਗਣਤੰਤਰ ਦਿਵਸ ਅਤੇ ਸੰਵਿਧਾਨ ਦਿਵਸ ਮਨਾਇਆ ਗਿਆ
ਮਨਪ੍ਰੀਤ ਸਿੰਘ
ਰੂਪਨਗਰ, 26 ਜਨਵਰੀ:
ਪਿੰਡ ਪੁਰਖਾਲੀ (ਜ਼ਿਲ੍ਹਾ ਰੋਪੜ੍ਹ) ਵਿਖੇ 77ਵੇਂ ਗਣਤੰਤਰ ਦਿਵਸ ਦੇ ਮੌਕੇ ਹੱਕਾਂ ਅਤੇ ਅਧਿਕਾਰਾਂ ਨੂੰ ਸਮਰਪਿਤ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ “ਜੈ ਸੰਵਿਧਾਨ, ਜੈ ਭੀਮ, ਜੈ ਭਾਰਤ” ਦੇ ਗੂੰਜਦੇ ਨਾਅਰਿਆਂ ਨਾਲ ਹੋਈ।
ਇਸ ਸਮਾਗਮ ਦਾ ਮੁੱਖ ਉਦੇਸ਼ ਲੋਕਾਂ ਨੂੰ ਭਾਰਤੀ ਸੰਵਿਧਾਨ, ਨਾਗਰਿਕ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸੀ। ਵਕਤਾਵਾਂ ਵੱਲੋਂ “ਲੋਕਾਂ ਦੁਆਰਾ, ਲੋਕਾਂ ਦੀ ਅਤੇ ਲੋਕਾਂ ਲਈ ਸਰਕਾਰ” ਦੇ ਸਿਧਾਂਤ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਲੋਕਾਂ ਨੂੰ ਕਾਨੂੰਨ ਦੇ ਸਹੀ ਇਸਤੇਮਾਲ ਰਾਹੀਂ ਆਪਣੇ ਨਾਲ ਹੋ ਰਹੇ ਅਨਿਆਂ ਦੇ ਖਿਲਾਫ਼ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ।
ਸਮਾਗਮ ਦੇ ਮੁੱਖ ਮਹਿਮਾਨ ਸ. ਜਸਵੀਰ ਸਿੰਘ ਗੜ੍ਹੀ, ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਆਪਣੇ ਸੰਬੋਧਨ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਣ ਵਿੱਚ ਪਾਏ ਵੱਡਮੁੱਲੇ ਯੋਗਦਾਨ ’ਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਹਰ ਨਾਗਰਿਕ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ ਅਤੇ ਜਾਤੀ, ਧਰਮ ਤੇ ਲਿੰਗ ਅਧਾਰਿਤ ਸਾਰੇ ਵਿਤਕਰੇ ਖਤਮ ਕਰਨ ਦਾ ਮਾਰਗ ਦਰਸਾਇਆ ਹੈ।
ਉਨ੍ਹਾਂ ਕਿਹਾ ਕਿ ਸੰਵਿਧਾਨ ਤੋਂ ਪਹਿਲਾਂ ਭਾਰਤੀ ਸਮਾਜ ਵਿੱਚ ਊਚ-ਨੀਚ, ਧਰਮ ਅਤੇ ਮਰਦ-ਔਰਤ ਦੇ ਅਧਾਰ ’ਤੇ ਭਾਰੀ ਭੇਦ-ਭਾਵ ਕੀਤਾ ਜਾਂਦਾ ਸੀ। ਨੀਵੀਂ ਜਾਤੀ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ’ਤੇ ਜਾਣ ਤੋਂ ਵੀ ਰੋਕਿਆ ਜਾਂਦਾ ਸੀ, ਪਰ ਸੰਵਿਧਾਨ ਨੇ ਹਰ ਨਾਗਰਿਕ ਨੂੰ ਇੱਜ਼ਤ ਅਤੇ ਸਨਮਾਨ ਨਾਲ ਜੀਊਣ ਦਾ ਹੱਕ ਦਿੱਤਾ।
ਸਮਾਗਮ ਦੌਰਾਨ ਲੋਕਾਂ ਨੂੰ ਜਾਤੀ ਅਤੇ ਧਰਮ ਦੇ ਭੇਦ-ਭਾਵ ਤੋਂ ਉੱਪਰ ਉਠ ਕੇ ਇਕ ਆਮ ਨਾਗਰਿਕ ਵਜੋਂ ਬਿਨਾਂ ਕਿਸੇ ਵਿਤਕਰੇ ਤੋਂ ਭਾਈਚਾਰੇ ਵਿੱਚ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨੇ ਸਮਾਗਮ ਵਿੱਚ ਸ਼ਿਰਕਤ ਕਰਕੇ ਇਸਨੂੰ ਕਾਮਯਾਬ ਬਣਾਇਆ। ਇਸ ਮੌਕੇ ਮੁੱਖ ਮਹਿਮਾਨ ਮਾ. ਰਾਮਪਾਲ ਅਬਿਆਣਾ ਮੌਜੂਦ ਸਨ।
ਸਮਾਗਮ ਦੇ ਅੰਤ ਵਿੱਚ ਮੁੱਖ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ।