ਤਰਨ ਤਾਰਨ ਦੇ ਪਿੰਡ ਸਭਰਾ 'ਚ ਨਸ਼ੇ ਨੇ ਉਜਾੜਿਆ ਘਰ
ਟੀਕਾ ਲਗਾਉਣ ਨਾਲ ਨੌਜਵਾਨ ਦੀ ਹੋਈ ਮੌਤ
ਬਲਜੀਤ ਸਿੰਘ
ਤਰਨ ਤਾਰਨ, 30 ਜਨਵਰੀ 2026: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਰਵੀ ਸਿੰਘ ਵਜੋਂ ਹੋਈ ਹੈ, ਜੋ ਕਿ ਸਤਨਾਮ ਸਿੰਘ ਦਾ ਪੁੱਤਰ ਸੀ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ ਅਤੇ ਨਸ਼ਿਆਂ ਦੇ ਕਹਿਰ ਨੂੰ ਇੱਕ ਵਾਰ ਫਿਰ ਉਜਾਗਰ ਕੀਤਾ ਹੈ।
ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨੇ ਬਹੁਤ ਹੀ ਭਰੇ ਮਨ ਨਾਲ ਦੱਸਿਆ ਕਿ ਰਵੀ ਪਿਛਲੇ ਕੁਝ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਹੋ ਚੁੱਕਾ ਸੀ। ਸ਼ੁੱਕਰਵਾਰ ਸਵੇਰੇ ਕਰੀਬ 9 ਵਜੇ ਉਹ ਬਾਥਰੂਮ ਗਿਆ ਸੀ। ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਾ ਨਿਕਲਿਆ, ਤਾਂ ਪਰਿਵਾਰ ਨੇ ਅੰਦਰ ਜਾ ਕੇ ਦੇਖਿਆ। ਰਵੀ ਉੱਥੇ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਸੀ ਅਤੇ ਉਸ ਨੇ ਨਸ਼ੇ ਦਾ ਟੀਕਾ ਲਗਾਇਆ ਹੋਇਆ ਸੀ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰ ਦੀ ਸਰਕਾਰ ਨੂੰ ਅਪੀਲ
ਰਵੀ ਆਪਣੇ ਪਿੱਛੇ ਮਾਤਾ-ਪਿਤਾ ਅਤੇ ਇੱਕ ਛੋਟਾ ਭਰਾ ਛੱਡ ਗਿਆ ਹੈ। ਪੁੱਤ ਦੀ ਮੌਤ ਨਾਲ ਟੁੱਟੇ ਪਿਤਾ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਹੈ ਕਿ ਨਸ਼ੇ ਦੇ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਰੂਪੀ ਇਹ ਦੈਂਤ ਲਗਾਤਾਰ ਘਰਾਂ ਦੇ ਚਿਰਾਗ ਬੁਝਾ ਰਿਹਾ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਕਿਸੇ ਹੋਰ ਮਾਂ-ਪਿਓ ਦਾ ਪੁੱਤ ਇਸ ਤਰ੍ਹਾਂ ਮੌਤ ਦੇ ਮੂੰਹ ਵਿੱਚ ਜਾਵੇ।