ਰਮਨ ਬਹਿਲ ਵਲੋਂ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ 'ਤੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ
ਰੋਹਿਤ ਗੁਪਤਾ
ਗੁਰਦਾਸਪੁਰ, 2 ਫਰਵਰੀ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਵਿੱਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਗਿਆ ਤੇ ਬਣਾਏ ਜਾ ਰਹੇ ਹੈਲਥ ਕਾਰਡਾਂ ਸਬੰਧੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
ਰਮਨ ਬਹਿਲ ਨੇ ਕਿਹਾ ਕਿ ਵੱਖ ਵੱਖ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲੈ ਕੇ ਜਾਣਾ ਹੋਵੇਗਾ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਅਤੇ ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”
ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਕਾਰਡ ਸਾਰਿਆਂ ਲਈ ਹੈ ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ।