12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਤਿਆਰੀ; ਕਿਸਾਨਾਂ ਅਤੇ ਮਜ਼ਦੂਰਾਂ ਦੀ ਹੋਈ ਸਾਂਝੀ ਮੀਟਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ 05 ਫ਼ਰਵਰੀ,2026- 12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਦੇ ਸਫ਼ਲਤਾ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਸਥਾਨਕ ਬਾਰਾਦਰੀ ਬਾਗ਼ ਵਿਖੇ ਹੋਈ ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫ਼ਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੀਟੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਬਲਵੀਰ ਸਿੰਘ ਜਾਡਲਾ, ਜਸਵਿੰਦਰ ਸਿੰਘ ਭੰਗਲ਼,ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ,ਭੁਪਿੰਦਰ ਸਿੰਘ ਵੜੈਚ, ਜ਼ਮਹੂਰੀ ਕਿਸਾਨ ਸਭਾ ਦੇ ਆਗੂ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਹੜਤਾਲ ਨੂੰ ਸਫ਼ਲ ਬਣਾਉਣ ਲਈ ਪੂਰੀ ਤਿਆਰੀ ਵਿਚ ਜੁਟ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਬੁਨੀਆਦੀ ਹੱਕ ਖੋਹਣ ਲਈ ਕੇਂਦਰ ਸਰਕਾਰ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਵਿਕਸਿਤ ਭਾਰਤ ਜੀ ਰਾਮ ਜੀ ਲਿਆ ਕੇ ਮਗਨਰੇਗਾ ਵਰਕਰਾਂ ਦਾ ਕੰਮ ਹੀ ਉਹਨਾਂ ਕੋਲੋਂ ਖੋਹ ਲਿਆ ਹੈ। ਆਗੂਆਂ ਨੇ ਜਨਤਕ ਅਦਾਰਿਆਂ ਦੇ ਨਿੱਜੀਕਰਨ ਦਾ ਵਿਰੋਧ ਕਰਦਿਆਂ ਇਸਨੂੰ ਬੰਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਮੋਦੀ ਸਰਕਾਰ ਬਿਜਲੀ ਬਿੱਲ 2025 ਰਾਹੀਂ ਬਿਜਲੀ ਵਿਭਾਗ ਕਾਰਪੋਰੇਟਰਾਂ ਹਵਾਲੇ ਕਰਨਾਂ ਚਾਹੁੰਦੀ ਹੈ ਜਿਸਨੂੰ ਸਹਿਣ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਗਈ ਵਪਾਰਕ ਡੀਲ ਭਾਰਤੀ ਕਿਸਾਨਾਂ ਨੂੰ ਬਰਬਾਦ ਕਰ ਦੇਵੇਗੀ ਇਸਦਾ ਤਿੱਖਾ ਵਿਰੋਧ ਹੋਣਾਂ ਚਾਹੀਦਾ ਹੈ।ਇਸ ਮੀਟਿੰਗ ਵਿੱਚ ਤਰਸੇਮ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮ ਪੁਰ,ਸੁਖਦੇਵ ਸਿੰਘ ਗਰਚਾ,ਜਰਨੈਲ ਸਿੰਘ ਰਾਣੇਵਾਲ ਅਤੇ ਰਾਮਜੀ ਦਾਸ ਸਨਾਵਾ ਆਗੂ ਵੀ ਹਾਜ਼ਰ ਸਨ।