ਦੇਸ਼ ਦੀਆਂ ਕਲਾਵਾਂ ਦਾ ਸੰਗਮ ਸਾਬਤ ਹੋਵੇਗਾ 10 ਦਿਨ ਚੱਲਣ ਵਾਲਾ "ਆਜੀਵਿਕਾ ਸਰਸ ਮੇਲਾ : DC ਮਾਨਸਾ
ਅਸ਼ੋਕ ਵਰਮਾ
ਮਾਨਸਾ, 5 ਫਰਵਰੀ 2026 :ਮਾਨਸਾ ਦੀ ਅਨਾਜ ਮੰਡੀ ਵਿੱਚ 13 ਮਾਰਚ ਤੋਂ 22 ਮਾਰਚ ਤੱਕ ਲੱਗਣ ਵਾਲੇ ਆਜੀਵਿਕਾ 'ਸਰਸ ਮੇਲੇ' ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਅਤੇ ਨਿਰਧਾਰਿਤ ਸਮੇਂ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਹ ਸਰਸ ਮੇਲਾ ਦੇਸ਼ ਭਰ ਦੀ ਕਲਾ ਦਾ ਸੰਗਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 1000 ਤੋਂ ਵੀ ਵੱਧ ਪ੍ਰਸਿੱਧ ਸ਼ਿਲਪਕਾਰ ਅਤੇ ਦਸਤਕਾਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਅਮੀਰ ਵਿਰਸੇ ਅਤੇ ਲੋਕ ਕਲਾਵਾਂ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ, ਦਰਸ਼ਕਾਂ ਲਈ ਮੁੱਖ ਖਿੱਚ ਦਾ ਕੇਂਦਰ ਹੋਣਗੀਆਂ ਜਿਸ ਵਿੱਚ ਗੀਤ ਸੰਗੀਤ ਅਤੇ ਪੰਜਾਬ ਸਮੇਤ ਹੋਰਨਾਂ ਰਾਜਾਂ ਦੇ ਨ੍ਰਿਤ ਵੀ ਸ਼ਾਮਿਲ ਹੋਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵਰਗ ਨੂੰ ਇਸ ਮੇਲੇ ਦਾ ਆਨੰਦ ਮਾਨਣ ਲਈ ਵਿਸ਼ੇਸ਼ ਛੂਟ ਦਿੱਤੀ ਜਾ ਰਹੀ ਹੈ ਜਿਸ ਤਹਿਤ ਉਹ ਆਪਣੇ ਵਿਦਿਅਕ ਅਦਾਰੇ ਦੇ ਸ਼ਨਾਖਤੀ ਕਾਰਡ ਦਿਖਾ ਕੇ ਮੇਲੇ ਦਾ ਮੁਫ਼ਤ ਆਨੰਦ ਮਾਣ ਸਕਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਤੌਰ 'ਤੇ ਝੂਲੇ ਅਤੇ ਖੇਡ ਸਮੱਗਰੀ ਦਾ ਪ੍ਰਬੰਧ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮੀਟਿੰਗ ਦੌਰਾਨ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸਵੱਛਤਾ ਨੂੰ ਪ੍ਰਮੁੱਖਤਾ ਦਿੱਤੀ ਜਾਵੇ ਤਾਂ ਜੋ ਆਉਣ ਵਾਲੇ ਲੋਕਾਂ ਨੂੰ ਸੁਖਦ ਅਹਿਸਾਸ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਸ ਮੇਲਾ ਨਾ ਸਿਰਫ਼ ਵਪਾਰਕ ਗਤੀਵਿਧੀਆਂ ਦਾ ਕੇਂਦਰ ਬਣੇਗਾ, ਸਗੋਂ ਇਹ ਵੱਖ-ਵੱਖ ਰਾਜਾਂ ਦੀ ਤਹਿਜ਼ੀਬ ਨੂੰ ਜੋੜਨ ਦਾ ਇੱਕ ਵਧੀਆ ਜ਼ਰੀਆ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਅਸੀਂ ਮਾਨਸਾ ਵਾਸੀਆਂ ਨੂੰ ਇੱਕ ਯਾਦਗਾਰ ਅਨੁਭਵ ਦੇਣ ਲਈ ਵਚਨਬੱਧ ਹਾਂ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮੇਲੇ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ ਕਰਨ ਦੇ ਨਾਲ ਨਾਲ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵਾਹਨਾਂ ਦੀ ਪਾਰਕਿੰਗ ਲਈ ਵੱਡੇ ਅਤੇ ਖੁੱਲ੍ਹੇ ਪ੍ਰਬੰਧ ਯਕੀਨੀ ਬਣਾਏ ਜਾਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਆਈ.ਏ.ਐਸ, ਗੁਰਲੀਨ ਕੌਰ ਆਈ.ਏ.ਐਸ (ਅੰਡਰ ਟ੍ਰੇਨਿੰਗ), ਐਸ.ਡੀ.ਐਮ ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ.ਪੀ ਪ੍ਰਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਐਕਸੀਅਨ ਹਾਜ਼ਰ ਸਨ।