ਕੁਸਮ ਕੈਰੋਂ ਦੀ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ ਅੰਤਿਮ ਅਰਦਾਸ! ਸੁਖਬੀਰ ਬਾਦਲ, ਸੁਨੀਲ ਜਾਖੜ ਸਣੇ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ
Babushahi Network
ਮੋਹਾਲੀ: 7 ਫਰਵਰੀ 2026- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਤਾਪ ਸਿੰਘ ਕੈਰੋਂ ਦੀ ਨੂੰਹ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਕੁਸਮ ਕੈਰੋਂ ਜੀ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ।

ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਮਾਤਾ ਕੁਸਮ ਕੈਰੋਂ ਦੀ ਅੰਤਿਮ ਅਰਦਾਸ ਦੌਰਾਨ ਪੰਜਾਬ ਦੀ ਸਿਆਸਤ ਦੇ ਕਈ ਵੱਡੇ ਚਿਹਰੇ ਇੱਕੋ ਮੰਚ 'ਤੇ ਨਜ਼ਰ ਆਏ।


ਸ਼ਰਧਾਂਜਲੀ ਦੇਣ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਅਤੇ ਜਗਮੀਤ ਸਿੰਘ ਬਰਾੜ, ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸੁਰਜੀਤ ਸਿੰਘ ਰੱਖੜਾ ਅਤੇ ਸੁੱਚਾ ਸਿੰਘ ਛੋਟੇਪੁਰ ਨੇ ਵੀ ਹਾਜ਼ਰੀ ਭਰੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੈਰੋਂ ਪਰਿਵਾਰ ਦੇ ਪੰਜਾਬ ਦੀ ਸਿਆਸਤ ਅਤੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ। ਆਗੂਆਂ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਤਾ ਕੁਸਮ ਕੈਰੋਂ ਇੱਕ ਨੇਕ ਦਿਲ ਅਤੇ ਪ੍ਰੇਰਨਾਦਾਇਕ ਸ਼ਖ਼ਸੀਅਤ ਸਨ, ਜਿਨ੍ਹਾਂ ਦਾ ਵਿਛੋੜਾ ਪਰਿਵਾਰ ਅਤੇ ਸਮਾਜ ਲਈ ਇੱਕ ਵੱਡਾ ਘਾਟਾ ਹੈ। ਗੁਰਦੁਆਰਾ ਸਾਹਿਬ ਵਿਖੇ ਹੋਏ ਗੁਰਬਾਣੀ ਦੇ ਕੀਰਤਨ ਅਤੇ ਅੰਤਿਮ ਅਰਦਾਸ ਤੋਂ ਬਾਅਦ ਆਏ ਹੋਏ ਸਾਰੇ ਪਤਵੰਤਿਆਂ ਨੇ ਮਾਤਾ ਜੀ ਦੀ ਤਸਵੀਰ 'ਤੇ ਫੁੱਲ ਅਰਪਿਤ ਕਰਕੇ ਆਪਣੀ ਅਕੀਦਤ ਪੇਸ਼ ਕੀਤੀ।

