'ਆਪ੍ਰੇਸ਼ਨ ਪ੍ਰਹਾਰ-2': ਰੂਪਨਗਰ ਪੁਲਿਸ ਦਾ ਗੈਂਗਸਟਰਾਂ 'ਤੇ ਵੱਡਾ ਹਮਲਾ; DIG ਨਾਨਕ ਸਿੰਘ ਨੇ ਖ਼ੁਦ ਸੰਭਾਲੀ ਕਮਾਨ
ਆਪਰੇਸ਼ਨ ਪ੍ਰਹਾਰ-2: ਰੂਪਨਗਰ ਪੁਲਿਸ ਨੇ ਵਿੱਢੀ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ
ਸਦਾਬਾਰਤ ਵਿਖੇ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਕੀਤੀ ਅਗਵਾਈ
ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 12 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ
ਮਨਪ੍ਰੀਤ ਸਿੰਘ
ਰੂਪਨਗਰ, 09 ਫਰਵਰੀ 2026- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਅੱਜ ਰੂਪਨਗਰ ਪੁਲਿਸ ਨੇ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ, ਰੂਪਨਗਰ ਸ਼ਹਿਰ ਨੇੜਲੇ ਸਦਾਬਰਤ ਵਿਖੇ ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਵਲੋਂ ਕੀਤੀ ਗਈ।
ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਅਪਰਾਧੀਆਂ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਇਕੱਠੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕਰਦਿਆਂ ਸ਼ੱਕੀ ਸਰਗਰਮੀਆਂ ਵਿੱਚ ਸ਼ਾਮਲ ਲੋਕਾਂ ਨੂੰ ਕਾਬੂ ਕੀਤਾ। ਸਾਰੇ ਹਿਰਾਸਤ ਵਿੱਚ ਲਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦੀ ਇਸ ਵੱਡੀ ਕਾਰਵਾਈ ਨਾਲ ਇਲਾਕੇ ਵਿੱਚ ਸਰਗਰਮ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿੱਚ ਹੜਕੰਪ ਮਚ ਗਿਆ ਹੈ, ਜਦਕਿ ਆਮ ਲੋਕਾਂ ਨੇ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਡੀਆਈਜੀ ਰੂਪਨਗਰ ਰੇਂਜ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਹਰ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਜਾ ਰਹੀ ਹੈ।
ਇਸ ਮੌਕੇ ਹਾਜ਼ਰ ਜ਼ਿਲ੍ਹਾ ਪੁਲਿਸ ਮੁਖੀ ਸ. ਮਨਿੰਦਰ ਸਿੰਘ ਵੱਲੋਂ ਮੀਡੀਆ ਸਾਥੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਖ਼ਬਰ ਜਾਂ ਅਫ਼ਵਾਹ ਤੋਂ ਦੂਰ ਰਹਿਣ ਅਤੇ ਹਰ ਜਾਣਕਾਰੀ ਨੂੰ ਪੁਸ਼ਟੀ ਕਰਨ ਤੋਂ ਬਾਅਦ ਹੀ ਪ੍ਰਸਾਰਿਤ ਕੀਤਾ ਜਾਵੇ। ਬਿਨਾ ਤਸਦੀਕ ਕੀਤੀਆਂ ਖ਼ਬਰਾਂ ਸਾਂਝੀਆਂ ਕਰਨ ਤੋਂ ਪਰਹੇਜ਼ ਕੀਤਾ ਜਾਵੇ ਤਾਂ ਜੋ ਸਮਾਜ ’ਚ ਗਲਤ ਫ਼ਹਿਮੀ ਨਾ ਫੈਲੇ।
ਅੱਜ ਦੀ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ 08 ਮੁਕੱਦਮੇ ਦਰਜ ਕਰਕੇ 12 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ। ਇਸ ਤੋਂ ਇਲਾਵਾ 190 ਸ਼ੱਕੀ ਵਹੀਕਲ ਚੈੱਕ ਕੀਤੇ ਗਏ ਜਿਨ੍ਹਾਂ ਵਿੱਚੋਂ 87 ਦੇ ਚਲਾਨ ਕੀਤੇ ਗਏ ਤੇ 01 ਭਗੌੜਾ ਵਿਅਕਤੀ ਵੀ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 02 ਐਸ.ਪੀਜ, 04 ਡੀ.ਐਸ.ਪੀਜ, 07 ਇੰਸਪੈਕਟਰ ਅਤੇ 90 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ ਸਨ।
ਐੱਸਐੱਸਪੀ ਰੂਪਨਗਰ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਾਨੂੰਨ-ਵਿਵਸਥਾ ਕਾਇਮ ਰੱਖਣ ’ਚ ਪੁਲਿਸ ਦਾ ਸਹਿਯੋਗ ਕਰਨ, ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਜਾਣਕਾਰੀ ਦੇਣ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ। ਜੇ ਕਿਸੇ ਵਿਅਕਤੀ ਕੋਲ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨਾਲ ਸਾਂਝੀ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਡੀਐਸਪੀ ਜਤਿੰਦਰ ਚੌਹਾਨ, ਡੀਐਸਪੀ ਰਾਜਪਾਲ ਸਿੰਘ ਗਿੱਲ, ਡੀਐਸਪੀ ਗੱਬਰ ਸਿੰਘ, ਡੀਐਸਪੀ ਕੁਲਭੂਸ਼ਨ, ਐੱਸਐੱਚਓ ਪਵਨ ਚੌਧਰੀ, ਐੱਸਐੱਚਓ ਸੰਨੀ ਖੰਨਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।