ਭਾਰਤ–ਅਮਰੀਕਾ ਵਪਾਰ ਸਮਝੌਤੇ ਦਾ ਸੱਚ ਲੋਕਾਂ ਸਾਹਮਣੇ ਲਿਆਂਦਾ ਜਾਵੇ: ਪ੍ਰੋ. ਚੰਦੂਮਾਜਰਾ
ਚੰਡੀਗੜ੍ਹ: 14 ਫ਼ਰਵਰੀ 2026
ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ–ਅਮਰੀਕਾ ਵਪਾਰ ਸਮਝੌਤੇ ਸਬੰਧੀ ਕੇਂਦਰ ਸਰਕਾਰ ਤੋਂ ਪੂਰੀ ਪਾਰਦਰਸ਼ਤਾ ਦੀ ਮੰਗ ਕਰਦਿਆਂ ਕਿਹਾ ਹੈ ਕਿ ਇਸ ਦੇ ਕਿਸਾਨਾਂ ‘ਤੇ ਪੈਣ ਵਾਲੇ ਅਸਰ ਬਾਰੇ ਸੱਚਾਈ ਲੋਕਾਂ ਸਾਹਮਣੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮਝੌਤੇ ਤਹਿਤ ਖੇਤੀਬਾੜੀ ਉਤਪਾਦਾਂ ‘ਤੇ ਆਯਾਤ ਸ਼ੁਲਕ ਘਟਾਏ ਜਾਂ ਖਤਮ ਕੀਤੇ ਜਾਂਦੇ ਹਨ ਤਾਂ ਦੇਸ਼ ਦੇ ਛੋਟੇ ਅਤੇ ਮੱਧਮ ਕਿਸਾਨਾਂ ਲਈ ਮੁਕਾਬਲਾ ਕਰਨਾ ਮੁਸ਼ਕਲ ਹੋ ਜਾਵੇਗਾ।
ਪ੍ਰੋ ਚੰਦੂਮਾਜਰਾ ਨੇ ਦਲੀਲ ਦਿੱਤੀ ਕਿ ਅਮਰੀਕਾ ਵੱਲੋਂ ਵੱਡੇ ਪੱਧਰ ‘ਤੇ ਸਬਸਿਡੀ ਪ੍ਰਾਪਤ ਖੇਤੀ ਉਤਪਾਦ ਜੇ ਭਾਰਤੀ ਮਾਰਕੀਟ ਵਿੱਚ ਆਉਂਦੇ ਹਨ ਤਾਂ ਇਸ ਨਾਲ ਸਥਾਨਕ ਫਸਲਾਂ ਦੇ ਭਾਅ ਡਿੱਗ ਸਕਦੇ ਹਨ। ਉਨ੍ਹਾਂ ਚਿੰਤਾ ਜਤਾਈ ਕਿ ਇਸ ਨਾਲ ਡੇਅਰੀ, ਦਾਲਾਂ ਅਤੇ ਅਨਾਜ ਸੈਕਟਰ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ। ਚੰਦੂਮਾਜਰਾ ਨੇ ਮੰਗ ਕੀਤੀ ਕਿ ਕਿਸਾਨ ਜਥੇਬੰਦੀਆਂ ਅਤੇ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਕੇ ਹੀ ਕੋਈ ਅੰਤਿਮ ਫੈਸਲਾ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸਮਝੌਤੇ ਦੇ ਸਾਰੇ ਬਿੰਦੂ ਸੰਸਦ ਅਤੇ ਜਨਤਾ ਦੇ ਸਾਹਮਣੇ ਰੱਖੇ ਜਾਣ ਤਾਂ ਜੋ ਕਿਸਾਨ ਵਰਗ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਆਖਿਆ ਕਿ ਦੇਸ਼ ਦੇ ਕਿਸਾਨ ਪਹਿਲਾਂ ਤੋਂ ਹੀ ਕਰਜ਼ੇ ਅਤੇ ਫਸਲਾਂ ਦੇ ਘੱਟ ਭਾਅ ਦੀ ਮਾਰ ਸਹਿ ਰਹੇ ਹਨ। ਅਜਿਹੇ ਵਿੱਚ ਕੋਈ ਵੀ ਵਪਾਰ ਸਮਝੌਤਾ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਹੋਰ ਨਾ ਡਗਮਗਾਏ।
ਅਖੀਰ ‘ਚ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸਮਝੌਤਾ ਦੇਸ਼ ਦੇ ਖੇਤੀਬਾੜੀ ਹਿੱਤਾਂ ਦੇ ਵਿਰੁੱਧ ਹੋਇਆ ਤਾਂ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਏਗੀ ਅਤੇ ਲੋਕਤੰਤਰਕ ਢੰਗ ਨਾਲ ਸੰਘਰਸ਼ ਕਰਨ ਤੋਂ ਹਿਚਕਿਚਾਏਗੀ ਨਹੀਂ। ਚੰਦੂਮਾਜਰਾ ਨੇ ਦੇਸ਼ ਅਤੇ ਪੰਜਾਬ ਦੀਆਂ ਸਮੂਹ ਕਿਸਾਨ ਹਿਤੈਸ਼ੀ ਪਾਰਟੀਆਂ ਅਤੇ ਜਥੇਬੰਦੀਆਂ ਨੂੰ ਸਾਂਝਾ ਮੰਚ ਤਿਆਰ ਕਰਕੇ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ।