ਲੁਧਿਆਣਾ: ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 163 ਲਾਗੂ
ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
ਸੁਖਮਿੰਦਰ ਭੰਗੂ
ਲੁਧਿਆਣਾ 18 ਫਰਵਰੀ 2026 - ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੁਧਿਆਣਾ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਰੁਪਿੰਦਰ ਸਿੰਘ, ਆਈ.ਪੀ.ਐਸ, ਐਡੀਸ਼ਨਲ ਕਮਿਸ਼ਨਰ ਪੁਲਿਸ, ਲੁਧਿਆਣਾ ਨੇ ਜਾਬਤਾ ਫੌਜਦਾਰੀ ਸੰਘਤਾ ਦੀ ਧਾਰਾ 163 ਬੀ.ਐਨ.ਐਸ.ਐਸ (BNSS) 2023 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਪ੍ਰੀਖਿਆ ਕੇਂਦਰਾਂ (ਸਮੇਤ ਓਪਨ ਸਕੂਲ) ਦੇ 200 ਮੀਟਰ ਦੇ ਇਰਦ-ਗਿਰਦ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮੁਕੰਮਲ ਰੋਕ ਲਗਾਈ ਗਈ ਹੈ।
ਪ੍ਰੀਖਿਆ ਕੇਂਦਰਾਂ ਦੇ ਬਾਹਰ ਪ੍ਰੀਖਿਆਰਥੀਆਂ ਦੇ ਮਾਂ-ਬਾਪ ਜਾਂ ਰਿਸ਼ਤੇਦਾਰਾਂ ਦੀ ਭੀੜ ਨੂੰ ਰੋਕਣ, ਕਿਸੇ ਵੀ ਬਾਹਰੀ ਦਖਲਅੰਦਾਜ਼ੀ ਨੂੰ ਰੱਦ ਕਰਨ ਅਤੇ ਪ੍ਰੀਖਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਲਿਆ ਗਿਆ ਹੈ। ਇਹ ਹੁਕਮ 18 ਫਰਵਰੀ 2026 ਤੋਂ 17 ਅਪ੍ਰੈਲ 2026 ਤੱਕ ਲਾਗੂ ਰਹਿਣਗੇ।
ਰੁਪਿੰਦਰ ਸਿੰਘ, ਐਡੀਸ਼ਨਲ ਕਮਿਸ਼ਨਰ ਪੁਲਿਸ, ਲੁਧਿਆਣਾ ਨੇ ਦੱਸਿਆ ਕਿ "ਪ੍ਰੀਖਿਆਵਾਂ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਹ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਵਿਅਕਤੀ ਨੂੰ ਪ੍ਰੀਖਿਆ ਕੇਂਦਰ ਦੇ ਨੇੜੇ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।"