ਪੰਜਾਬ ਰਾਜ ਵਪਾਰੀ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ/ਦੁਕਾਨਦਾਰਾਂ ਦੀਆਂ ਰੂਟੀਨ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਵਾਉਣਾ- ਰਮਨ ਬਹਿਲ ਅਤੇ ਚੇਅਰਮੈਨ ਸਿਮਰਜੀਤ ਸਿੰਘ
ਗੁਰਦਾਸਪੁਰ ਦੇ ਬਾਟਾ ਚੌਂਕ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ
ਰੋਹਿਤ ਗੁਪਤਾ
ਗੁਰਦਾਸਪੁਰ, 18 ਫਰਵਰੀ 2026- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਰਾਜ ਵਪਾਰੀ ਕਮਿਸ਼ਨ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਮੁੱਖ ਮੰਤਵ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਅਤੇ ਉਨਾ ਦੇ ਕਾਰੋਬਾਰ ਨੂੰ ਹੋਰ ਪ੍ਰਫੁੱਲਿਤ ਕਰਨ ਹੈ।
ਇਸੇ ਮੰਤਵ ਤਹਿਤ ਅੱਜ ਗੁਰਦਾਸਪੁਰ ਦੇ ਬਾਟਾ ਚੌਂਕ ਵਿਖੇ ਵਪਾਰੀਆਂ /ਦੁਕਾਨਦਾਰਾਂ ਆਦਿ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕਾ ਇੰਚਾਰਜ ਰਮਨ ਬਹਿਲ, ਸਿਮਰਜੀਤ ਸਿੰਘ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਡਾ. ਅਨੁਪ੍ਰੀਤ ਕੌਰ ਐੱਸ.ਡੀ.ਐਮ ਗੁਰਦਾਸਪੁਰ, ਚੇਅਰਮੈਨ ਭਾਰਤ ਭੂਸ਼ਣ ਸ਼ਰਮਾ,ਐਕਸਾਈਜ਼ ਅਤੇ ਟੈਕਸਟੇਸ਼ਨ ਵਿਭਾਗ ਤੋਂ ਮੈਡਮ ਸੁਪਨੰਦਨ ਦੀਪ ਉੱਪਲ, ਏ.ਸੀ.ਐਸ.ਟੀ.( ਜੀ.ਐਸ.ਟੀ.) ਗੁਰਦਾਸਪੁਰ, ਜੁਗਰਾਜ ਸਿੰਘ ਐਸ.ਪੀ.(ਐੱਚ) ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇਗੀ।
ਇਸ ਮੌਕੇ ਸਿਮਰਜੀਤ ਸਿੰਘ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ ਹੈ, ਇਸੇ ਤਰ੍ਹਾਂ ਜ਼ਿਲੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੀ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਦੀਆਂ ਰੂਟੀਨ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਮਿਸ਼ਨ, ਵਪਾਰੀ ਭਾਈਚਾਰੇ ਦੇ ਸਮੇਂ, ਮਿਹਨਤ ਅਤੇ ਪੈਸੇ ਦੀ ਬੱਚਤ ਕਰਨ ਲਈ ਇੱਕ ਸਮਰਪਿਤ ਪਲੇਟਫਾਰਮ ਵਜੋਂ ਕੰਮ ਕਰੇਗਾ।
ਇਸ ਤੋਂ ਪਹਿਲਾਂ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਮੁਸ਼ਕਿਲਾਂ ਦੱਸੀਆਂ ਗਈਆਂ, ਜਿਨ੍ਹਾਂ ਵਿੱਚ ਆਵਾਜਾਈ ਦੀ ਸਮੱਸਿਆ, ਸਫਾਈ ਸਬੰਧੀ, ਬਾਜ਼ਾਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਬੰਧੀ, ਸੁਰੱਖਿਆ ਸਬੰਧੀ ਹਰ ਮੁੱਖ ਚੌਂਕ ਵਿੱਚ ਪੁਲਿਸ ਕਰਮਚਾਰੀ ਲਾਉਣ ਲਈ, ਪਾਰਕਿੰਗ ਸਬੰਧੀ, ਦੁਕਾਨਦਾਰਾਂ ਦੇ ਬਿਜਲੀ ਬਿੱਲ ਘਟਾਉਣ ਸਬੰਧੀ, ਬਿਜਲੀ ਦੀਆਂ ਤਾਰਾਂ ਉੱਚੀਆਂ ਕਰਨ ਸਬੰਧੀ ਵੱਖ-ਵੱਖ ਸਮੱਸਿਆਵਾਂ ਦੱਸੀਆਂ ਗਈਆਂ। ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹੱਲ ਕਰਨ ਦਾ ਯਕੀਨ ਦਿਵਾਇਆ।
ਇਸ ਮੌਕੇ ਜੀ.ਐਸ.ਟੀ. ਇੰਸਪੈਕਟਰ ਨੀਰੂ ਮਹਾਜਨ, ਤਹਿਸੀਲਦਾਰ ਰੇਸ਼ਮ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਰਘਬੀਰ ਸਿੰਘ, ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਚਰਨਜੀਤ ਸਿੰਘ ਪੁਰੇਵਾਲ ਚੇਅਰਮੈਨ ਹਲਕਾ ਬਟਾਲਾ, ਚੇਅਰਮੈਨ ਰਾਜੀਵ ਸ਼ਰਮਾ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਟਰੱਸਟੀ ਜਗਜੀਤ ਸਿੰਘ ਪਿੰਟਾ, ਰਣਜੋਧ ਸਿੰਘ, ਰੁਪਿੰਦਰ ਸਿੰਘ ਰੋਮੀ ਚੇਅਰਮੈਨ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ, ਦਰਸ਼ਨ ਮਹਾਜਨ, ਸਵਰਨਕਾਰ ਮੁਨੀਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।