ਹਰਚੰਦ ਸਿੰਘ ਬਰਸਟ ਨੇ ਬਰੀ ਹੋਣ ਤੇ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਤੀਆਂ ਵਧਾਈਆਂ
ਅਦਾਲਤ ਦੇ ਫੈਸਲੇ ਨਾਲ ਆਖ਼ਰ ਸੱਚ ਦੀ ਹੋਈ ਜਿੱਤ – ਬਰਸਟ
ਚੰਡੀਗੜ੍ਹ, 3 ਮਾਰਚ 2026 ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਬਰੀ ਹੋਣ ਤੇ ਵਧਾਈਆਂ ਦਿੱਤੀਆਂ।
ਇਸ ਦੌਰਾਨ ਸ. ਬਰਸਟ ਨੇ ਦਿੱਲੀ ਦੀ ਮਾਣਯੋਗ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। ਸੱਚ ਨੂੰ ਕੁਝ ਸਮੇਂ ਲਈ ਦਬਾਇਆ ਜਾ ਸਕਦਾ ਹੈ, ਪਰ ਇਸਨੂੰ ਹਰਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਬਣਾਇਆ ਇਹ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਸੀ।
ਉਨ੍ਹਾਂ ਮਾਣਯੋਗ ਅਦਾਲਤ ਵੱਲੋਂ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਸੱਚਾਈ, ਇਨਸਾਫ਼ ਅਤੇ ਇਮਾਨਦਾਰ ਰਾਜਨੀਤੀ ਦੀ ਵੱਡੀ ਅਤੇ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਜਾਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ, ਸਗੋਂ ਇਮਾਨਦਾਰ ਰਾਜਨੀਤੀ ਅਤੇ ਸੱਚਾਈ ਦੀ ਜਿੱਤ ਹੈ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ੍ਰੀ ਅਰਵਿੰਦ ਕੇਜਰੀਵਾਲ ਵਰਗੇ ਇਮਾਨਦਾਰ ਨੇਤਾ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦੀਆਂ ਸਾਜ਼ਿਸ਼ਾਂ ਆਖ਼ਿਰਕਾਰ ਨਾਕਾਮ ਰਹੀਆਂ ਹਨ ਅਤੇ ਹੁਣ ਇਸ ਫੈਸਲੇ ਨਾਲ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ। ਸ. ਬਰਸਟ ਨੇ ਕਿਹਾ ਕਿ ਇਹ ਫੈਸਲਾ ਲੋਕਤੰਤਰ ਵਿੱਚ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਸਾਬਤ ਕਰਦਾ ਹੈ ਕਿ ਇਨਸਾਫ਼ ਦੀ ਜਿੱਤ ਨਿਸ਼ਚਿਤ ਹੁੰਦੀ ਹੈ। ਇਸ ਮੌਕੇ ਐਡਵੋਕੇਟ ਗਗਨਇੰਦਰ ਸਿੰਘ ਬਰਸਟ ਵੀ ਮੌਜੂਦ ਰਹੇ।
Click to Follow Babushahi Facebook page →